ਬੰਦ ਕਰੋ

ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ‘ਤੇ ਆਈ. ਪੀ. ਸੀ. ਦੀ ਧਾਰਾ 188 ਤਹਿਤ ਕੀਤੀ ਜਾਵੇਗੀ ਸਖਤ ਕਾਨੂੰਨੀ ਕਾਰਵਾਈ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 20/05/2020
DC

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਤੇ ਆਈ. ਪੀ. ਸੀ. ਦੀ ਧਾਰਾ 188 ਤਹਿਤ ਕੀਤੀ ਜਾਵੇਗੀ ਸਖਤ ਕਾਨੂੰਨੀ ਕਾਰਵਾਈ-ਡਿਪਟੀ ਕਮਿਸ਼ਨਰ
ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਬਣਾਏ ਗਏ ਕੋਆਰੰਟੀਨ ਕੇਂਦਰਾਂ ਵਿੱਚ ਲਿਆ ਕੇ ਦੁਬਾਰਾ ਕੀਤਾ ਜਾਵੇਗਾ ਕੋਆਰੰਟੀਨ
ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਐੱਫ਼. ਆਈ. ਆਰ. ਦਰਜ ਕਰਨ ਦੀ ਪੁਲਿਸ ਅਧਿਕਾਰੀਆਂ ਨੂੰ ਕੀਤੀ ਹਦਾਇਤ
ਤਰਨ ਤਾਰਨ, 20 ਮਈ :ਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਵਿਅਕਤੀਆਂ ਵੱਲੋਂ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਤੇ ਆਈ. ਪੀ. ਸੀ. ਦੀ ਧਾਰਾ 188 ਤਹਿਤ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਜੁਰਮਾਨਾ ਵੀ ਕੀਤਾ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕੋਵਿਡ-19 ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ. ਪੀ. ਡੀ. ਸ੍ਰੀ ਜਗਜੀਤ ਸਿੰਘ ਵਾਲੀਆਂ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ ਅਤੇ ਜ਼ਿਲਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਵਿਅਕਤੀਆਂ ਵੱਲੋਂ ਇਕਾਂਤਵਾਸ ਦੇ ਨਿਯਮਾਂ ਦੀ ਉਲੰਘਣਾ ਕਰਨ ਤੇ ਤੁਰੰਤ ਐੱਫ਼. ਆਈ. ਆਰ. ਦਰਜ ਕੀਤੀ ਜਾਵੇ।ਉਹਨਾਂ ਕਿਹਾ ਕਿ ਸਬੰਧਿਤ ਐੱਸ. ਡੀ. ਐੱਮਜ਼ ਅਤੇ ਐੱਸ. ਐੱਮ. ਓਜ਼ ਵੱਲੋਂ ਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਲੋਕਾਂ ਦੀ ਲਗਾਤਾਰ ਨਜ਼ਰਸਾਨੀ ਕੀਤੀ ਜਾਵੇ।ਉਹਨਾਂ ਕਿਹਾ ਕਿ ਇਕਾਂਤਵਾਸ ਦੇ ਨਿਯਮਾਂ ਦੀ ਉਲੰਘਣਾ ਕਰਨ ਤੇ ਤੁਰੰਤ ਉਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਬਣਾਏ ਗਏ ਕੋਆਰੰਟੀਨ ਕੇਂਦਰਾਂ ਵਿੱਚ ਲਿਆ ਕੇ ਦੁਬਾਰਾ ਕੋਆਰੰਟੀਨ ਕੀਤਾ ਜਾਵੇ।
ਇਸ ਮੌਕੇ ਉਹਨਾਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੂੰ ਕਿਹਾ ਕਿ ਸਬੰਧਿਤ ਪਿੰਡਾਂ ਦੇ ਸਰਪੰਚਾਂ ਅਤੇ ਨੰਬਰਦਾਰਾਂ ਨੂੰ ਵੀ ਹਦਾਇਤ ਕੀਤੀ ਜਾਵੇ ਕਿ ਪਿੰਡ ਵਿੱਚ ਹੋਮ ਕੋਆਰੰਟੀਨ ਕੀਤੇ ਵਿਅਕਤੀਆਂ ਇਕਾਂਤਵਾਸ ਦੇ ਨਿਯਮਾਂ ਦੀ ਉਲੰਘਣਾ ਨਾ ਕਰਨ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਲੋਕਾਂ ਤੇ ਆਨਲਾਈਨ ਪ੍ਰਣਾਲੀ ਰਾਹੀਂ ਨਜ਼ਰ ਰੱਖੀ ਜਾ ਰਹੀ  ਹੈ ਅਤੇ ਘਰਾਂ ਵਿੱਚ ਕੋਆਰੰਟੀਨ ਕੀਤੇ ਗਏ ਵਿਅਕਤੀ ਜਦੋਂ ਘਰ ਤੋਂ ਬਾਹਰ ਜਾਂਦੇ ਹਨ ਤਾਂ ਤੁਰੰਤ ਉਸ ਦੀ ਜਾਣਕਾਰੀ ਮਿਲ ਜਾਂਦੀ ਹੈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਬਾਹਰਲੇ ਰਾਜਾਂ ਤੋਂ ਆਏ ਜ਼ਿਲੇ 556 ਵਿਅਕਤੀਆਂ ਦੀ ਮੈਡੀਕਲ ਜਾਂਚ ਕਰਕੇ ਉਹਨਾਂ ਨੂੰ ਹੋਮ ਕੁਆਰੰਟੀਨ ਕੀਤਾ ਗਿਆ ਹੈ।ਇਸ ਤੋਂ ਇਲਾਵਾ ਸ੍ਰੀ ਹਜ਼ੂਰ ਸਾਹਿਬ ਅਤੇ ਹੋਰ ਥਾਵਾਂ ਤੋਂ ਆਏ 632 ਹੋਰ ਵਿਅਕਤੀਆਂ, ਜਿਹਨਾਂ ਦੇ ਟੈਸਟ ਨੈਗੇਟਿਵ ਪਾਏ ਗਏ ਹਨ, ਉਹਨਾਂ ਨੂੰ ਵੀ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ ਅਤੇ ਅਤੇ ਆਈਸੋਲੇਸ਼ਨ ਵਾਰਡ ਵਿੱਚੋਂ ਡਿਸਚਾਰਜ ਕੀਤੇ ਗਏ 161 ਵਿਅਕਤੀਆਂ ਨੂੰ ਵੀ 7 ਦਿਨ ਤੱਕ ਘਰਾਂ ਵਿੱਚ ਇਕਾਂਤਵਾਸ ਰਹਿਣ ਦੀ ਹਦਾਇਤ ਕੀਤੀ ਗਈ ਹੈ।ਉਹਨਾਂ ਦੱਸਿਆ ਕਿ 595 ਵਿਅਕਤੀਆਂ ਨੂੰ ਕੋਵਾ ਐਪ ਡਾਊਨਲੋਡ ਕਰਵਾਈ ਗਈ ਹੈ ਅਤੇ ਸਮੂਹ ਐੱਸ. ਐੱਮ. ਓਜ਼ ਨੂੰ ਹਦਾਇਤ ਕੀਤੀ ਕਿ ਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਵੱਧ ਤੋਂ ਵੱਧ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਵਾਈ ਜਾਵੇ।
———