ਬੰਦ ਕਰੋ

ਕਣਕ ਦੀ ਖਰੀਦ ਪ੍ਰਕਿਰਿਆ 15 ਅਪ੍ਰੈਲ, 2020 ਤੋਂ ਹੋਵੇਗੀ ਆਰੰਭ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 02/04/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕਣਕ ਦੀ ਖਰੀਦ ਪ੍ਰਕਿਰਿਆ 15 ਅਪ੍ਰੈਲ, 2020 ਤੋਂ ਹੋਵੇਗੀ ਆਰੰਭ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਣਾਏ ਗਏ 56 ਖਰੀਦ ਕੇਂਦਰ
ਸੀਜ਼ਨ ਦੌਰਾਨ ਜ਼ਿਲ੍ਹਾ ਤਰਨਤਾਰਨ ਦੀਆਂ ਮੰਡੀਆਂ ਵਿੱਚ 6 ਲੱਖ 79 ਹਜ਼ਾਰ 799 ਮੀਟਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ
ਤਰਨ ਤਾਰਨ, 2 ਅਪ੍ਰੈਲ਼ :
ਕੋਵਿਡ-19 ਦੇ ਮੱਦੇਨਜ਼ਰ ਦੇਸ਼ ਭਰ ਵਿਚ ਲਾਗੂ ਤਾਲਾਬੰਦੀ ਅਤੇ ਰਾਜ ਭਰ ਵਿੱਚ ਲੱਗੇ ਕਰਫ਼ਿਊ ਕਾਰਨ ਪੰਜਾਬ ਵਿੱਚ ਹਾੜ੍ਹੀ ਸੀਜ਼ਨ ਦੀ ਫਸਲ, ਕਣਕ ਦੀ ਖਰੀਦ ਪ੍ਰਕਿਰਿਆ 15 ਅਪ੍ਰੈਲ, 2020 ਤੋਂ ਆਰੰਭ ਹੋਵੇਗੀ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹੇ ਵਿੱਚ ਕਣਕ ਦੀ ਸੁਚੱਜੀ ਖਰੀਦ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨੰੁ ਸੰਬੋਧਨ ਕਰਦਿਆਂ ਦਿੱਤੀ।
ਸ੍ਰੀ ਸੱਭਰਵਾਲ ਨੇ ਕਿਹਾ ਕਿ ਇਹ ਖਰੀਦ ਪ੍ਰਕਿਰਿਆ 15 ਜੂਨ, 2020 ਤੱਕ ਜਾਰੀ ਰਹੇਗੀ ਅਤੇ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਪੈਦਾ ਕੀਤਾ ਗਏ, ਹਰੇਕ ਦਾਣੇ ਦੀ ਖਰੀਦ ਕਰਨ ਲਈ ਵਚਨਬੱਧ ਹੈ।ਉਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 15 ਅਪ੍ਰੈਲ, 2020 ਤੋਂ ਆਪਣੀ ਤਿਆਰ ਫਸਲ ਨੂੰ ਮੰਡੀ ਵਿੱਚ ਲਿਆਉਣ ਦੀ ਤਿਆਰੀ ਕਰਨ।    
ਉਨਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਵਿੱਚ ਕੋਈ ਪਰੇਸ਼ਾਨੀ ਨਾ ਆਵੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਸਮੁੱਚੇ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 56 ਖਰੀਦ ਕੇਂਦਰ ਬਣਾਏ ਗਏ ਹਨ, ਜਿੱਥੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕਣਕ ਖਰੀਦ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹਾ ਤਰਨਤਾਰਨ ਦੀਆਂ ਮੰਡੀਆਂ ਵਿੱਚ 6 ਲੱਖ 79 ਹਜ਼ਾਰ 799 ਮੀਟਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ।ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਲਈ ਬਾਰਦਾਨੇ ਅਤੇ ਸਟੋਰੇਜ਼ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ।ਉਨਾਂ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹੇ ਦੇ ਪ੍ਰਸ਼ਾਸ਼ਕੀ ਅਫ਼ਸਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ਼ ਪਾਣੀ, ਬਿਜਲੀ ਅਤੇ ਟੁਆਇਲਿਟਸ ਦਾ ਪ੍ਰਬੰਧ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ।ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਫਸਲ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਹਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਦਿੱਕਤ ਨਾ ਆਵੇ।