ਬੰਦ ਕਰੋ

ਕਣਕ ਦੀ ਖਰੀਦ ਸ਼ੁਰੂ ਕਰਵਾਉਣ ਅਤੇ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਦਾਣਾ ਮੰਡੀ ਤਰਨ ਤਾਰਨ ਵਿਖੇ ਪਹੁੰਚੇ ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 22/04/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕਣਕ ਦੀ ਖਰੀਦ ਸ਼ੁਰੂ ਕਰਵਾਉਣ ਅਤੇ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਦਾਣਾ ਮੰਡੀ ਤਰਨ ਤਾਰਨ ਵਿਖੇ ਪਹੁੰਚੇ ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਕਣਕ ਦੀ ਬੋਲੀ ਲੱਗਣ ਵਾਲੇ ਪਹਿਲੇ ਕਿਸਾਨ ਦਾ ਕੀਤਾ ਫੁੱਲਾਂ ਨਾਲ ਸਵਾਗਤ
ਤਰਨ ਤਾਰਨ, 22 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਅੱਜ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਅਤੇ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅੱਜ ਦਾਣਾ ਮੰਡੀ ਤਰਨ ਤਾਰਨ ਵਿਖੇ ਪਹੁੰਚੇ।ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ਼੍ਰੀ ਰਜਨੀਸ਼ ਅਰੋੜਾ ਤੋਂ ਇਲਾਵਾ ਸਬੰਧਿਤ ਵਿਭਾਗਾਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਬੋਲੀ ਲੱਗਣ ਵਾਲੇ ਪਹਿਲੇ ਕਿਸਾਨ ਦਾ ਫੁੱਲਾਂ ਨਾਲ ਸਵਾਗਤ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦਾ ਕੰਮ ਬੜੇ ਸੁਚਾਰੂ ਤਰੀਕੇ ਨਾਲ ਚੱਲ ਰਿਹਾ ਹੈ।ਜ਼ਿਲ੍ਹੇ ਦੇ 111 ਖਰੀਦ ਕੇਂਦਰਾਂ ਵਿੱਚ ਕਣਕ ਦੀ ਨਿਰਵਿਘਨ ਤੇ ਸਚਾਰੂ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।ਮੰਡੀਆਂ ਵਿੱਚ ਜ਼ਿਆਦਾ ਇਕੱਠ ਨਾ ਹੋਵੇ, ਇਸ ਲਈ ਖਰੀਦ ਕੇਂਦਰਾਂ ਦੀ ਗਿਣਤੀ 59 ਤੋਂ ਵਧਾ ਕੇ 111 ਕੀਤੀ ਗਈ ਹੈ।ਉਹਨਾਂ ਕਿਹਾ ਕਿ ਮੰਡੀਆਂ ਵਿੱਚ ਸਮਾਜਿਕ ਦੂਰੀ ਨੂੰ ਬਣਾਏ ਰੱਖਣ ਲਈ ਲਾਊਡ ਸਪੀਕਰ ਰਾਹੀਂ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੱਥ ਧੋਣ ਲਈ ਪਾਣੀ, ਸਾਬਣ ਅਤੇ ਸੈਨੇਟਾਈਜੇਸ਼ਨ ਆਦਿ ਦਾ ਲੋੜੀਂਦਾ ਇੰਤਜ਼ਾਮ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਸੁਕਾ ਕੇ ਮੰਡੀਆਂ ਵਿੱਚ ਲਿਆਉਣ।ਉਹਨਾਂ ਕਿਹਾ ਕਿ ਕਣਕ ਦੀ ਨਮੀ ਦੀ ਮਾਤਰਾ 12 ਫੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ।ਉਹਨਾਂ ਕਿਹਾ ਕਿਸਾਨਾਂ ਨੂੰ ਆਪਣੀ ਫਸਲ ਮੰਡੀ ਵਿੱਚ ਲਿਆਉਣ ਲਈ ਪਾਸ ਜਾਰੀ ਕੀਤੇ ਜਾ ਰਹੇ ਹਨ। ਬਿਨ੍ਹਾਂ ਪਾਸ ਦੇ ਕਣਕ ਨੂੰ ਮੰਡੀ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਕਿਸਾਨ ਟਰਾਲੀ ਵਿੱਚ ਕਣਕ ਦਾ ਲੋਡ ਟਰਾਲੀ ਦੇ ਸਾਈਜ਼ ਦੇ ਹਿਸਾਬ ਨਾਲ ਲੈ ਕੇ ਆ ਸਕਦੇ ਹਨ। ਉਹਨਾਂ ਕਿਹਾ ਕਿ ਕਣਕ ਦੀ ਕਟਾਈ ਕਰਨ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 8 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਅਪੀਲ ਕੀਤੀ ਕਿ ਮੰਡੀਆਂ ਵਿੱਚ ਕਿਸਾਨ, ਮਜ਼ਦੂਰ, ਆੜ੍ਹਤੀਏ ਅਤੇ ਹੋਰ ਵਿਅਕਤੀ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਯਕੀਨੀ ਬਣਾਉਣ ਅਤੇ ਮੂੂੰਹ ਤੇ ਮਾਸਕ ਆਦਿ ਪਾ ਕੇ ਰੱਖਣ ਤਾਂ ਜੋ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਖਤਮ ਕੀਤਾ ਜਾ ਸਕੇ।
————-