ਬੰਦ ਕਰੋ

ਕਿਸਾਨਾਂ ਨੂੰ ਸਬਸਿਡੀ `ਤੇ ਮਸ਼ੀਨਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪਰਾਲੀ ਸਾੜਣ ਨਾਲ ਵਾਤਾਵਰਨ `ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਵੀ ਕਰਵਾਇਆ ਜਾ ਰਿਹਾ ਹੈ ਜਾਣੂੰ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 18/10/2019
 
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕੱਢਿਆ ਗਿਆ ਜਾਗਰੂਕਤਾ ਮਾਰਚ
ਕਿਸਾਨਾਂ ਨੂੰ ਸਬਸਿਡੀ `ਤੇ ਮਸ਼ੀਨਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪਰਾਲੀ ਸਾੜਣ ਨਾਲ ਵਾਤਾਵਰਨ `ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਵੀ ਕਰਵਾਇਆ ਜਾ ਰਿਹਾ ਹੈ ਜਾਣੂੰ-ਡਿਪਟੀ ਕਮਿਸ਼ਨਰ
ਤਰਨ ਤਾਰਨ, 18 ਅਕਤੂਬਰ :
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਨ ਖਿਲਾਫ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਖੇਤੀਬਾੜੀ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਦੇਖ-ਰੇਖ ਹੇਠ ਆਪੋ-ਆਪਣੇ ਖੇਤਰ ਦੇ ਪਿੰਡਾਂ ਵਿੱਚ ਅੱਜ ਸਵੇਰੇ 9 ਤੋਂ 10 ਵਜੇ ਤੱਕ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਲਈ ਜਾਗਰੂਕਤਾ ਰੈਲੀਆਂ ਕੱਢੀਆਂ ਗਈਆ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਬੀਤੇ ਦਿਨੀਂ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ, ਜਿਸ ਵਿੱਚ ਉਨਾਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੇ ਸੁਝਾਅ ਸੁਣੇ।ਇਸ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਪਰਾਲੀ ਨਾ ਸਾੜਨ ਦੀ ਮੁਹਿੰਮ ਨੂੰ ਪੂਰਨ ਸਫਲ ਬਣਾਉਣ ਲਈ ਜਾਗਰੂਕਤਾ ਸਭ ਤੋਂ ਅਹਿਮ ਹਥਿਆਰ ਹੈ, ਜਿਸ ਲਈ ਸਕੂਲੀ ਬੱਚੇ ਸਭ ਤੋਂ ਕਾਰਗਾਰ ਸਾਬਤ ਹੋ ਸਕਦੇ ਹਨ। 
ਉਨਾਂ ਕਿਹਾ ਕਿ ਜਾਗਰੂਕਤਾ ਰੈਲੀਆਂ ਰਾਹੀਂ ਪਰਾਲੀ ਨਾ ਸਾੜਨ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਹ ਵੀ ਦੱਸਿਆ ਗਿਆ ਕਿ ਕਿਸ ਤਰਾਂ ਪਰਾਲੀ ਨਾ ਸਾੜ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ, ਝਾੜ ਵਧਾਉਣ ਅਤੇ ਸਭ ਤੋਂ ਅਹਿਮ ਸਾਡੇ ਵਾਤਾਵਰਣ ਨੂੰ ਕਿਵੇਂ ਬਚਾਇਆ ਜਾ ਸਕਦਾ ਹੈ।ਉਹਨਾਂ ਦੱਸਿਆ ਕਿ ਪਰਾਲੀ ਨਾ ਸਾੜਨ ਦੇ ਸਲੋਗਨ ਵੀ ਸਕੂਲਾਂ ਨੂੰ ਮੁਹੱਈਆ ਕਰਵਾਏ ਗਏ ਹਨ।ਇਸ ਦੇ ਨਾਲ ਹੀ ਪਰਾਲੀ ਸਾੜਨ ਨਾਲ ਹੁੰਦੇ ਧਰਤੀ ਦੇ ਖੁਰਾਕੀ ਤੱਤਾਂ ਦੇ ਨੁਕਸਾਨ  ਅਤੇ ਵਾਤਾਵਰਣ ਵਿੱਚ ਫੈਲਦੀਆਂ ਗੰਧਲੀਆਂ ਗੈਸਾਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ।
ਸ੍ਰੀ ਸੱਭਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਬਹੁਤ ਵੱਡਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਅਭਿਆਨ ਵਿੱਚ ਕਿਸਾਨਾਂ ਨੂੰ ਸਬਸਿਡੀ `ਤੇ ਮਸ਼ੀਨਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨਾਂ ਨੂੰ ਪਰਾਲੀ ਸਾੜਣ ਨਾਲ ਵਾਤਾਵਰਨ `ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਬਹੁਤ ਕਿਸਾਨ ਅਜਿਹੇ ਹਨ, ਜੋ ਪਰਾਲੀ ਨੂੰ ਅੱਗ ਲਾਉਣ ਤੋਂ ਬਿਨਾਂ ਹੀ ਖੇਤਾਂ ਵਿੱਚ ਵਾਹ ਕੇ ਕਣਕ ਦੀ ਫਸਲ ਦੀ ਬਿਜਾਈ ਜਾਂ ਸਬਜ਼ੀਆਂ ਆਦਿ ਦੀ ਕਾਸ਼ਤ ਕਰਕੇ ਵਧੀਆ ਝਾੜ ਪ੍ਰਾਪਤ ਕਰਦੇ ਹਨ। ਉਹਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਧਰਤੀ ਦੀ ਸਿਹਤ ਨਾਲ ਖਿਲਵਾੜ ਹੁੰਦਾ ਹੈ ਅਤੇ ਇਸ ਅੱਗ ਦੇ ਧੂੰਏ ਨਾਲ ਵਾਤਾਵਰਨ ਪਲੀਤ ਹੁੰਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਵਬੰਰ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ `ਤੇ ਮਨਾਇਆ ਜਾ ਰਿਹਾ ਹੈ।ਗੁਰੂ ਸਾਹਿਬ ਵੱਲੋਂ ਪੌਣ, ਪਾਣੀ ਅਤੇ ਧਰਤੀ ਨੂੰ ਸਾਫ ਰੱਖਣ ਦੇ ਦਿੱਤੇ ਸੰਦੇਸ਼ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਲਈ ਸਕੂਲ ਵਿਦਿਆਰਥੀ ਅਹਿਮ ਰੋਲ ਨਿਭਾ ਸਕਦੇ ਹਨ।ਉਨਾਂ ਕਿਹਾ ਕਿ ਕਿਸਾਨ ਪਰਿਵਾਰਾਂ ਦੇ ਬੱਚਿਆਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਮਾਪਿਆਂ ਨਾਲ ਸੰਵਾਦ ਰਚਾ ਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਮਨਾਉਣ ਅਤੇ ਉਹ ਦੀਵਾਲੀ ਸਮੇਂ ਪਟਾਕੇ ਆਦਿ ਨਾ ਚਲਾ ਕੇ ਵਾਤਾਵਰਣ ਸਾਫ਼ ਰੱਖਣ ਲਈ ਅਹਿਦ ਕਰਨ।