ਬੰਦ ਕਰੋ

ਕੋਵਿਡ-19 ਮਹਾਂਮਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਜ਼ਿਲੇ ਵਿੱਚ ਮੁਫਤ ਟੀਕਾਕਰਨ ਮੁਹਿੰਮ ਲਗਾਤਾਰ ਜਾਰੀ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 10/05/2021

ਕੋਵਿਡ-19 ਮਹਾਂਮਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਜ਼ਿਲੇ ਵਿੱਚ ਮੁਫਤ ਟੀਕਾਕਰਨ ਮੁਹਿੰਮ ਲਗਾਤਾਰ ਜਾਰੀ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ 18 ਤੋਂ 44 ਸਾਲ ਉਮਰ ਵਰਗ ਦੇ ਉਸਾਰੀ ਕਾਮਿਆਂ ਲਈ ਮੁਫ਼ਤ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ
ਤਰਨ ਤਾਰਨ, 10 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਵਿਡ-19 ਮਹਾਂਮਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਜ਼ਿਲੇ ਵਿੱਚ ਮੁਫਤ ਟੀਕਾਕਰਨ ਮੁਹਿੰਮ ਲਗਾਤਾਰ ਜਾਰੀ ਹੈ। ਉਹਨਾਂ ਦੱਸਿਆ ਕਿ 09 ਮਈ ਤੱਕ 1,04,782 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਲਗਾਈ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਅੱਜ ਵਿਸ਼ੇਸ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ 18 ਤੋਂ 44 ਸਾਲ ਉਮਰ ਵਰਗ ਦੇ ਉਸਾਰੀ ਕਾਮਿਆਂ ਲਈ ਮੁਫ਼ਤ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਸਿਵਲ ਹਸਪਤਾਲ ਤਰਨ ਤਾਰਨ, ਸਬ ਡਵੀਜ਼ਨਲ ਹਸਪਤਾਲ ਖਡੂਰ ਸਾਹਿਬ, ਪ੍ਰਾਇਮਰੀ ਹੈੱਲਥ ਸੈਂਟਰ ਢੰਡ ਕਸੇਲ, ਪ੍ਰਾਇਮਰੀ ਹੈੱਲਥ ਸੈਂਟਰ ਚੋਹਲਾ ਸਾਹਿਬ, ਪ੍ਰਾਇਮਰੀ ਹੈੱਲਥ ਸੈਂਟਰ ਭਿੱਖੀਵਿੰਡ ਅਤੇ ਕਮਿਊਨਿਟੀ ਹੈੱਲਥ ਸੈਂਟਰ ਖੇਮਕਰਨ ਵਿਖੇ ਕੀਤੀ ਗਈ ਹੈ।
ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪੰਜਾਬ ਕੰਸਟ੍ਰਕਸ਼ਨ ਐਂਡ ਅਦਰ ਵਰਕਰਜ਼ ਬੋਰਡ ਵੱਲੋਂ ਰਜਿਸਟਰਡ ਕਾਮਿਆਂ ਅਤੇ ਇੰਜੀਨਿਅਰਿੰਗ ਵਿਭਾਗ ਦੇ ਕਾਮਿਆਂ ਦੀ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 18 ਤੋਂ 44 ਸਾਲ ਦੇ ਉਮਰ ਵਰਗ ਵਿਚ ਲੇਬਰ ਕਲਾਸ ਲਈ ਪਹਿਲ ਦੇ ਆਧਾਰ ‘ਤੇ ਇਹ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦਾ ਉਦੇਸ਼ ਸੰਵੇਦਨਸ਼ੀਲ ਤੇ ਉੱਚ ਜੋਖਮ ਵਾਲੇ ਲੋਕਾਂ ਦਾ ਟੀਕਾਕਰਨ ਕਰਨਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੀਕਾਕਰਨ ਦੀਆਂ ਯੋਗ ਸ਼੍ਰਣੀਆਂ ਬਾਰੇ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਸੂਚਿਤ ਕੀਤਾ ਜਾਏਗਾ ਤਾਂ ਜੋ ਟੀਕਾਕਰਨ ਕੇਂਦਰਾਂ ਤੇ ਭੀੜ ਨਾ ਹੋਏ। ਉਨ੍ਹਾਂ ਇਹ ਵੀ ਕਿਹਾ ਕਿ ਉਸਾਰੀ ਕਾਮਿਆਂ ਦੀ ਵੈਕਸੀਨੇਸ਼ਨ ਨਾਲ ਕੰਸਟਰਕਸ਼ਨ ਖੇਤਰ ਵਿਚਲੀਆਂ ਗਤੀਵਿਧੀਆਂ ਨੂੰ ਚਾਲੂ ਰੱਖਣ ਵਿਚ ਮੱਦਦ ਮਿਲੇਗੀ, ਜਿਸ ਨਾਲ ਸਮਾਜ ਦੇ ਲੋੜਵੰਦ ਵਰਗ ਦੇ ਰੁਜ਼ਗਾਰ ਉੱਪਰ ਪ੍ਰਭਾਵ ਨਹੀਂ ਪਵੇਗਾ।
ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਤੇ ਮਾਸਕ ਪਾ ਕੇ ਰੱਖਣ, ਭੀੜ ਭਾੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਗੁਰੇਜ਼ ਕਰਨ।ਉਨ੍ਹਾਂ ਕਿਹਾ ਕਿ ਸਰਕਾਰੀ ਹਦਾਇਤਾਂ ਕੋਵਿਡ ਦੇ ਮੱਦੇਨਜ਼ਰ ਲੋਕ ਹਿੱਤ ਵਿਚ ਜਾਰੀ ਕੀਤੀਆਂ ਗਈਆਂ ਹਨ ਤੇ ਲੋਕਾਂ ਨੂੰ ਇਸ ਦੀ ਪਾਲਣਾ ਕਰਨੀ ਚਾਹੀਦੀ ਹੈ।
ਜਿਲਾ ਟੀਕਾਕਰਨ ਅਫਸਰ ਤਰਨ ਤਾਰਨ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਲਈ ਜਿਲੇ ਵਿਚ 6 ਸਾਈਟਾਂ ਸਥਾਪਿਤ ਕੀਤੀਆਂ ਗਈਆਂ ਹਨ, ਜਿਸ ਤਹਿਤ ਸਿਵਲ ਹਸਪਤਾਲ ਤਰਨ ਤਾਰਨ, ਸਬ ਡਵੀਜ਼ਨਲ ਹਸਪਤਾਲ ਖਡੂਰ ਸਾਹਿਬ, ਪ੍ਰਾਇਮਰੀ ਹੈੱਲਥ ਸੈਂਟਰ ਢੰਡ ਕਸੇਲ, ਪ੍ਰਾਇਮਰੀ ਹੈੱਲਥ ਸੈਂਟਰ ਚੋਹਲਾ ਸਾਹਿਬ, ਪ੍ਰਾਇਮਰੀ ਹੈੱਲਥ ਸੈਂਟਰ ਭਿੱਖੀਵਿੰਡ ਅਤੇ ਕਮਿਊਨਿਟੀ ਹੈੱਲਥ ਸੈਂਟਰ ਖੇਮਕਰਨ ਵਿਖੇ ਵੈਕਸੀਨੇਸ਼ਨ ਲਈ ਵਿਸ਼ੇਸ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਇਸ ਮੁਹਿੰਮ ਦਾ ਲਾਭ ਲੈਣ ਦੀ ਅਪੀਲ ਕਰਿਦਆਂ ਕਿਹਾ ਕਿ ਇਸ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਵਿੱਚ ਟੀਕਾਕਰਨ ਕਰਵਾ ਕੇ ਆਪਣਾ ਯੋਗਦਾਨ ਪਾਉਣ।