ਬੰਦ ਕਰੋ

ਕੋਵਿਡ-19 ਸਬੰਧੀ ਅਫ਼ਵਾਹਾਂ ਫੈਲਾਉਣ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 04/09/2020
DC

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਸਬੰਧੀ ਅਫ਼ਵਾਹਾਂ ਫੈਲਾਉਣ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ-ਡਿਪਟੀ ਕਮਿਸ਼ਨਰ
ਸਰਕਾਰੀ ਹਸਪਤਾਲਾਂ ਵਿਚ ਕੋਵਿਡ ਦੇ ਮੁਫ਼ਤ ਟੈਸਟ ਅਤੇ ਇਲਾਜ ਦੀ ਸਹੂਲਤ
ਲੱਛਣ ਆਉਣ ‘ਤੇ ਲੋਕਾਂ ਨੂੰ ਕੋਵਿਡ-19 ਟੈਸਟ ਕਰਵਾਉਣ ਲਈ ਅੱਗੇ ਆਉਣ ਦੀ ਕੀਤੀ ਅਪੀਲ
ਕਰੋਨਾ ਪਾਜ਼ੀਟਿਵ ਮਰੀਜ਼ ਘਰਾਂ ਵਿੱਚ ਵੀ ਰਹਿ ਸਕਦੇ ਹਨ ਇਕਾਂਤਵਾਸ
ਤਰਨ ਤਾਰਨ, 03 ਸਤੰਬਰ :
ਕੋਵਿਡ-19 ਤੋਂ ਬਚਾਅ ਲਈ ਜ਼ਿਲਾ ਵਾਸੀਆਂ ਨੂੰ ਟੈਸਟ ਕਰਵਾਉਣ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਜੇਕਰ ਕਿਸੇ ਵਿਅਕਤੀ ਵਿਚ ਕੋਰੋਨਾ ਸਬੰਧੀ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਆਪਣਾ ਟੈਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ। ਇਸ ਤਰਾਂ ਕਰਨ ਨਾਲ ਜਿਥੇ ਸਬੰਧਤ ਵਿਅਕਤੀ ਦਾ ਸਮੇਂ ਸਿਰ ਇਲਾਜ ਹੋ ਸਕਦਾ ਹੈ, ਉਥੇ ਉਸ ਦਾ ਪਰਿਵਾਰ, ਰਿਸ਼ਤੇਦਾਰ ਅਤੇ ਦੋਸਤ-ਮਿੱਤਰ ਵੀ ਇਸ ਬਿਮਾਰੀ ਤੋਂ ਬਚ ਸਕਦੇ ਹਨ।
ਉਨਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ’ਤੇ ਕੋਰੋਨਾ ਸਬੰਧੀ ਸ਼ਰਾਰਤੀ ਅਨਸਰਾਂ ਵੱਲੋਂ ਗੁੰਮਰਾਹਕੁੰਨ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਖ਼ੁਦ ਇਕ ਜਿੰਮੇਵਾਰ ਨਾਗਰਿਕ ਬਣ ਕੇ ਕੋਵਿਡ-19 ਦੇ ਲੱਛਣਾਂ ਵਾਲੇ ਵਿਅਕਤੀਆਂ ਬਾਰੇ ਸਿਹਤ ਵਿਭਾਗ ਨੂੰ ਸੁਚਨਾ ਦੇਣੀ ਚਾਹੀਦੀ ਹੈ ਤਾਂ ਜੋ ਸਿਹਤ ਵਿਭਾਗ ਦੀਆਂ ਟੀਮਾਂ ਪੀੜਤ ਵਿਅਕਤੀ ਦੀ ਮਰਜ਼ੀ ਅਨੁਸਾਰ ਉਸ ਨੂੰ ਹਸਪਤਾਲ ਵਿਚ ਜਾਂ ਉਸ ਦੇ ਘਰ ਵਿਚ ਹੀ ਇਕਾਂਤਵਾਸ ਕਰਵਾ ਸਕਣ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਹੁਣ ਇਹ ਫ਼ੈਸਲਾ ਕੀਤਾ ਹੈ ਕਿ ਜੇਕਰ ਕਿਸੇ ਵਿਅਕਤੀ ਦਾ ਟੈਸਟ ਪਾਜ਼ੀਟਿਵ ਆਉਂਦਾ ਹੈ, ਪਰੰਤੂ ਉਸ ਦੀ ਹਾਲਤ ਜ਼ਿਆਦਾ ਖ਼ਰਾਬ ਨਹੀਂ ਹੈ, ਤਾਂ ਉਸ ਨੂੰ ਹਸਪਤਾਲ ਦਾਖ਼ਲ ਕਰਨ ਦੀ ਬਜਾਏ ਘਰ ਵਿਚ ਹੀ ਇਕਾਂਤਵਾਸ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਪਰੰਤੂ ਉਸ ਵਿਅਕਤੀ ਲਈ ਡਾਕਟਰਾਂ ਵੱਲੋਂ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਪਣਾਉਣਾ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਗੁੰਮਰਾਹਕੁੰਨ ਪ੍ਰਚਾਰ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਟੈਸਟ ਨਾ ਕਰਵਾਉਣ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਨਾ ਕਰਨ ਲਈ ਕਿਹਾ ਜਾ ਰਿਹਾ ਹੈ, ਜੋ ਕਿ ਬਹੁਤ ਗ਼ਲਤ ਗੱਲ ਹੈ। ਉਨਾਂ ਕਿਹਾ ਕਿ ਜੇਕਰ ਪਿੰਡ ਵਿਚੋਂ ਕਿਸੇ ਇਕ ਵਿਅਕਤੀ ਵਿਚ ਵੀ ਕੋਰੋਨਾ ਪਾਜ਼ੀਟਿਵ ਹੋਵੇ ਤਾਂ ਉਹ ਸਮੁੱਚੇ ਪਿੰਡ ਵਾਸੀਆਂ ਲਈ ਖ਼ਤਰਨਾਕ ਸਾਬਿਤ ਹੋ ਸਕਦਾ ਹੈ।
ਉਨਾਂ ਜ਼ਿਲੇ ਦੀਆਂ ਪੰਚਾਇਤਾ ਨੂੰ ਅਪੀਲ ਕੀਤੀ ਕਿ ਕਿਸੇ ਸ਼ਰਾਰਤੀ ਅਨਸਰ ਵੱਲੋਂ ਫ਼ੈਲਾਈਆਂ ਜਾ ਰਹੀਆਂ ਅਫ਼ਵਾਹਾਂ ’ਤੇ ਯਕੀਨ ਨਾ ਕਰਨ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਜ਼ਿਲਾ ਵਾਸੀਆਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਦਿਨ-ਰਾਤ ਇਕ ਕਰ ਰਿਹਾ ਹੈ ਅਤੇ ਲੋਕਾਂ ਨੂੰ ਇਸ ਵਿਚ ਸਹਿਯੋਗ ਕਰਨਾ ਚਾਹੀਦਾ ਹੈ, ਨਾ ਕਿ ਗਲ਼ਤ ਵਰਤਾਅ ਕਰ ਕੇ ਮਨੋਬਲ ਡੇਗਣਾ ਚਾਹੀਦਾ ਹੈ।
ਉਨਾਂ ਕਿਹਾ ਕਿ ਕੋਰੋਨਾ ਵਾਇਰਸ ਪ੍ਰਤੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਮਾਜ ਪ੍ਰਤੀ ਘਾਤਕ ਸਿੱਧ ਹੋ ਸਕਦੀਆਂ ਹਨ ਇਸ ਲਈ ਸਾਨੂੰ ਇਨਾਂ ਅਫ਼ਵਾਹਾਂ ’ਤੇ ਯਕੀਨ ਨਹੀਂ ਕਰਨਾ ਚਾਹੀਦਾ ਅਤੇ ਜ਼ਿਲੇ ਨੂੰ ਕੋਰੋਨਾ ਮੁਕਤ ਕਰਨ ਲਈ ਜ਼ਿਲਾ ਪ੍ਰਸ਼ਾਸਨ, ਸਿਹਤ ਅਤੇ ਪੁਲਿਸ ਵਿਭਾਗ ਦਾ ਸਹਿਯੋਗ ਕਰਨਾ ਚਾਹੀਦਾ ਹੈ।
ੳੋੁਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਦਾ ਟੈਸਟ ਦੇਣ ਤੋਂ ਘਬਰਾਉਣਾ ਨਹੀਂ ਚਾਹੀਦਾ, ਸਗੋਂ ਮੋਹਰੀ ਹੋ ਕੇ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਹੋਰਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।
————