ਬੰਦ ਕਰੋ

ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ

ਪ੍ਰਕਾਸ਼ਨ ਦੀ ਮਿਤੀ : 22/04/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ
21 ਅਪ੍ਰੈਲ ਤੱਕ ਜ਼ਿਲ੍ਹੇ ਦੇ ਖਰੀਦ ਕੇਂਦਰਾਂ ‘ਤੇ ਹੋਈ 11,210 ਮੀਟਰਿਕ ਟਨ ਕਣਕ ਦੀ ਆਮਦ
ਤਰਨ ਤਾਰਨ, 22 ਅਪ੍ਰੈਲ :
ਜ਼ਿਲ੍ਹੇ ਵਿੱਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਨਰਿੰਦਰ ਸਿੰਘ ਧਾਲੀਵਾਲ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਅਜੈਪਾਲ ਸਿੰਘ ਰੰਧਾਵਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲੱਗਭੱਗ 7 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ।ਪਿਛਲੇ ਸੀਜ਼ਨ ਦੌਰਾਨ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਜ਼ਿਲ੍ਹੇ ਵਿੱਚ ਕੁੱਲ 6 ਲੱਖ, 79 ਹਜ਼ਾਰ 799 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ।ਉਹਨਾਂ ਦੱਸਿਆ ਕਿ 21 ਅਪ੍ਰੈਲ ਤੱਕ ਜ਼ਿਲ੍ਹੇ ਦੇ ਖਰੀਦ ਕੇਂਦਰਾਂ ‘ਤੇ 11210 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 9571 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ  ਪਨਗਰੇਨ ਵੱਲੋਂ 1920 ਮੀਟਰਿਕ ਟਨ, ਮਾਰਕਫੈੱਡ ਵੱਲੋਂ 2072 ਮੀਟਰਿਕ ਟਨ, ਪਨਸਪ ਵੱਲੋਂ 1825 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 1797 ਮੀਟਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 1958 ਮੀਟਰਕਿ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ।ਮੰਡੀਆਂ ਵਿੱਚ ਖਰੀਦ ਕੀਤੀ ਗਈ ਕਣਕ ਦੀ ਨਾਲੋਂ-ਨਾਲ ਚੁਕਾਈ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਖਰੀਦੀ ਗਈ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾਵੇ।
ਉਹਨਾਂ ਕਿਹਾ ਕਿ ਸਾਰੇ ਖਰੀਦ ਕੇਂਦਰਾਂ ‘ਤੇ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ ਕੀਤਾ ਜਾਵੇ।ਉਹਨਾਂ ਕਿਹਾ ਕਿ ਕਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਮੰਡੀਆਂ ਵਿੱਚ ਕਿਸਾਨਾਂ ਅਤੇ ਕੰਮ ਕਰਨ ਵਾਲੇ ਮਜ਼ਦੂਰਾਂ ਦੇ ਹੱਥ ਧੋਣ ਲਈ ਲੋੜੀਂਦੇ ਪਾਣੀ, ਸਾਬਣ ਅਤੇ ਸੈਨੀਟਾਈਜ਼ਰ ਦਾ ਉਚਿਤ ਪ੍ਰਬੰਧ ਕੀਤਾ ਜਾਵੇ।ਇਸ ਤੋਂ ਇਲਾਵਾ ਕੰਮ ਕਰਨ ਵਾਲੀ ਲੇਬਰ ਵਿੱਚ ਇੱਕ ਮੀਟਰ ਦੇ ਫਾਸਲੇ ਨੂੰ ਯਕੀਨੀ ਬਣਾਉਣ ਅਤੇ ਮਾਸਕ ਪਹਿਨਣ ਲਈ ਜਾਗਰੂਕ ਕੀਤਾ ਜਾਵੇ। ਜੇਕਰ ਕਿਸੇ ਵਿਅਕਤੀ ਨੂੰ ਖਾਂਸੀ, ਬੁਖਾਰ ਜਾਂ ਸਾਹ ਵਿੱਚ ਤਕਲੀਫ਼ ਦੀ ਸ਼ਿਕਾਇਤ ਹੋਵੇ ਤਾਂ ਤੁਰੰਤ ਉਸ ਦਾ ਮੈਡੀਕਲ ਚੈੱਕ-ਅੱਪ ਕਰਵਾਇਆ ਜਾਵੇ।