ਬੰਦ ਕਰੋ

ਚੋਣ ਆਬਜ਼ਰਵਰ ਸ੍ਰੀ ਵਿਨੈ ਬੁਬਲਾਨੀ ਵਲੋਂ ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਤਿਆਰੀਆਂ ਦਾ ਜਾਇਜ਼ਾ

ਪ੍ਰਕਾਸ਼ਨ ਦੀ ਮਿਤੀ : 03/02/2021
ਚੋਣ ਆਬਜ਼ਰਵਰ ਸ੍ਰੀ ਵਿਨੈ ਬੁਬਲਾਨੀ ਵਲੋਂ ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਤਿਆਰੀਆਂ ਦਾ ਜਾਇਜ਼ਾ
ਸਮੂਹ ਅਧਿਕਾਰੀਆਂ ਨੂੰ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
ਤਰਨ ਤਾਰਨ, 02 ਫਰਵਰੀ :
ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਲਈ ਨਿਯੁਕਤ ਕੀਤੇ ਗਏ ਚੋਣ ਅਬਜ਼ਰਵਰ ਸ੍ਰੀ ਵਿਨੈ ਬੁਬਲਾਨੀ (ਆਈ. ਏ. ਐਸ.)  ਪ੍ਰਬੰਧਕੀ ਨਿਰਦੇਸ਼ਕ, ਹਾਊਸਫੈਡ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਦੇ ਉੱਚ ਸਿਵਲ ਤੇ ਪੁਲਿਸ ਅਧਿਕਾਰੀਆਂ ਅਤੇ ਰਿਟਰਨਿੰਗ ਅਫਸਰਾਂ ਨਾਲ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਮੀਟਿੰਗ ਕੀਤੀ ਗਈ। 
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਚੋਣ ਆਬਜ਼ਰਵਰ ਵਲੋਂ ਨਿਰਦੇਸ਼ ਦਿੱਤੇ ਕਿ ਪੂਰੀ ਚੋਣ ਪ੍ਰਕ੍ਰਿਆ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਚੋਣਾਂ ਲਈ ਨਾਮਜ਼ਦਗੀਆਂ, ਚੋਣ ਸਮੱਗਰੀ, ਮਾਡਲ ਕੋਡ ਆਫ ਕੰਡਕਟ ਲਾਗੂ ਕਰਨ, ਸੁਰੱਖਿਆ ਵਿਵਸਥਾ, ਈ. ਵੀ. ਐੱਮ ਮਸ਼ੀਨਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਹਨਾਂ ਸਪੱਸ਼ਟ ਕੀਤਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਨਾਮਜ਼ਦਗੀ ਲਈ ਨੋ ਆਬਜੈਕਸ਼ਨ (ਇਤਰਾਜ਼ਹੀਣਤਾ ) ਸਰਟੀਫਿਕੇਟ ਦੀ ਜ਼ਰੂਰਤ ਨਹੀਂ ਹੈ। 
ਇਸ ਮੌਕੇ ਜਿਲ੍ਹਾ ਚੋਣ ਅਫਸਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਚੋਣਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੋਲਿੰਗ ਪਾਰਟੀਆਂ ਦੀ ਪਹਿਲੀ ਰਿਹਰਸਲ ਵੀ ਕਰਵਾ ਦਿੱਤੀ ਗਈ ਹੈ। ਸੁਰੱਖਿਆ ਵਿਵਸਥਾ ਬਾਰੇ ਐੱਸ. ਪੀ. ਹੈੱਡ-ਕੁਆਟਰ ਸ੍ਰੀ ਗੁਰਨਾਮ ਸਿੰਘ ਵੱਲੋਂ ਚੋਣ ਅਬਜ਼ਰਵਰ ਨੂੰ ਜਾਣੂੰ ਕਰਵਾਇਆ ਗਿਆ ਕਿ ਕੁੱਲ 49 ਬੂਥਾਂ ਵਿਚੋਂ 40 ਅਤਿ-ਸੰਵੇਦਨਸ਼ੀਲ ਅਤੇ 09 ਸੰਵੇਦਨਸ਼ੀਲ ਹਨ ਅਤੇ ਸ਼ਾਂਤਮਈ ਚੋਣਾਂ ਲਈ ਤਿਆਰੀ ਮੁਕੰਮਲ ਕਰ ਲਈ ਗਈ ਹੈ। 
ਸ੍ਰੀ ਬੁਬਲਾਨੀ ਨੇ ਕਿਹਾ ਕਿ ਸਾਰੇ ਰਿਟਰਨਿੰਗ ਅਫਸਰ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰਨ ਤਾਂ ਜੋ ਚੋਣ ਪ੍ਰਕ੍ਰਿਆ ਨੂੰ ਸਫਲਤਾਪੂਰਵਕ ਮੁਕੰਮਲ ਕੀਤਾ ਜਾ ਸਕੇ।ਇਸ ਮੌਕੇ ਚੋਣ ਅਬਜ਼ਰਵਰ ਸ੍ਰੀ ਬੁਬਲਾਨੀ ਵਲੋਂ ਇਹ ਵੀ ਕਿਹਾ ਗਿਆ ਕਿ ਚੋਣ ਜਾਬਤੇ ਦੀ ਉਲੰਘਣਾ ਆਦਿ ਸਬੰਧੀ ਉਨ੍ਹਾਂ ਨਾਲ ਮੋਬਾਇਲ ਨੰਬਰ 98147-00098 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਸ਼ਿਕਾਇਤ ਸੈੱਲ ਦੀ ਸਥਾਪਨਾ, ਟਰਾਂਸਪੋਰਟ, ਆਦਰਸ਼ ਚੋਣ ਜਾਬਤਾ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। 
ਇਸ ਮੌਕੇ ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਪੀ. ਬਲਜੀਤ ਸਿੰਘ ਢਿੱਲੋਂ ਅਤੇ ਸਮੂਹ ਰਿਟਰਨਿੰਗ ਅਫਸਰਾਂ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।