ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਪ੍ਰੋਤਸਾਹਨ ਰਾਸ਼ੀ ਲਈ ਪੋਰਟਲ ਉੱਪਰ ਰਜਿਸਟ੍ਰੇਸ਼ਨ ਕਰਨ-ਡਿਪਟੀ ਕਮਿਸ਼ਨਰ ਖੇਤੀਬਾੜੀ ਵਿਭਾਗ ਨੂੰ ਕਿਸਾਨਾਂ ਦੀ ਤਕਨੀਕੀ ਅਗਵਾਈ ਲਈ ਪਿੰਡ ਪੱਧਰ ਤੱਕ ਪਹੁੰਚ ਕਰਨ ਦੇ ਹੁਕਮ
ਤਰਨ ਤਾਰਨ , 28 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪੈ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਾ ਲਾਭ ਲੈ ਕੇ ਸਿੱਧੀ ਬਿਜਾਈ ਕਰਨ ਨੂੰ ਪਹਿਲ ਦੇਣ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਤੇਜੀ ਨਾਲ ਡਿੱਗ ਰਹੇ ਪੱਧਰ ਨੂੰ ਬਚਾਇਆ ਜਾ ਸਕੇ।
ਉਹਨਾਂ ਦੱਸਿਆ ਕਿ ਇਸ ਲਈ ਕਿਸਾਨ ਵੈੱਬਪੋਰਟਲ agrimachinerypb.com/home/dsr2022 ਉੱਪਰ ਰਜਿਸਟਰ ਹੋਣਗੇ ।
ਉਨ੍ਹਾਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਸਿੱਧੀ ਬਿਜਾਈ ਲਈ ਰੱਖੇ ਟੀਚੇ ਦੀ ਪ੍ਰਾਪਤੀ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਤਕਨੀਕੀ ਅਗਵਾਈ ਵੀ ਪ੍ਰਦਾਨ ਕਰਨ।
ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾਕੇ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਸਿੱਧੀ ਬਿਜਾਈ ਦੇ ਲਾਭਾਂ ਬਾਰੇ ਦੱਸਿਆ ਜਾਵੇ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਜਨਤਕ ਨੁਮਾਇੰਦਿਆਂ, ਸਰਪੰਚਾਂ, ਪੰਚਾਂ ਨੂੰ ਵੀ ਇਸ ਲੋਕਪੱਖੀ ਮੁਹਿੰਮ ਵਿਚ ਪੰਜਾਬ ਸਰਕਾਰ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਧਾਰਮਿਕ ਸਥਾਨਾਂ ਤੋਂ ਅਨਾਊਂਸਮੈਂਟਾਂ ਕਰਕੇ ਲੋਕਾਂ ਨੂੰ ਸਿੱਧੀ ਬਿਜਾਈ ਦੇ ਲਾਭਾਂ ਬਾਰੇ ਦੱਸਿਆ ਜਾਵੇ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸਾਲ 2022-23 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪੈ ਪ੍ਰਤੀ ਏਕੜ ਦੇਣ ਲਈ ਪੋਰਟਲ ਜਾਰੀ ਕੀਤਾ ਹੈ। ਪੋਰਟਲ ਉੱਪਰ ਕਿਸਾਨ ਵੀਰ ਲਿੰਕ ਖੋਲਕੇ ਆਪਣਾ ਆਧਾਰ ਨੰਬਰ ਭਰਨਗੇ ਅਤੇ ਆਪਣੇ ਪਿੰਡ ਦਾ ਨਾਮ ਚੁਣਨਗੇ, ਜਿਸ ਉਪਰੰਤ ਜਿਹੜੇ ਖੇਤਾਂ ਵਿਚ ਸਿੱਧੀ ਬਿਜਾਈ ਕਰਨੀ ਹੈ, ਉਸਦਾ ਖੇਵਟ-ਖਸਰਾ ਨੰਬਰ ਭਰਕੇ ਪੋਰਟਲ ਉੱਪਰ ਸਬਮਿਟ ਕਰਨਗੇ। ਕਾਸ਼ਤਕਾਰ ਕਿਸਾਨ ਆਪਣੀ ਦਿੱਤੀ ਗਈ ਜਾਣਕਾਰੀ ਵਿਚ 5 ਜੂਨ 2022 ਤੱਕ ਤਬਦੀਲੀ ਕਰਨ ਦੇ ਯੋਗ ਹੋਣਗੇ।
ਉਨਾਂ ਖੇਤੀ ਬਾੜੀ ਵਿਭਾਗ ਨੂੰ ਇਹ ਵੀ ਕਿਹਾ ਕਿ ਉਹ ਸਿੱਧੀ ਬਿਜਾਈ ਦੀ ਤਸਦੀਕ 18 ਜੂਨ ਤੋਂ 24 ਤੱਕ ਅਤੇ 25 ਜੂਨ ਤੋਂ 30 ਜੂਨ ਤੱਕ ਕਿਸਾਨਾਂ ਦੇ ਖੇਤਾਂ ਵਿਚ ਜਾ ਕੇ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ।