ਠੰਢ ਦੇ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਐਡਵਾਇਜ਼ਰੀ ਜਾਰੀ
ਠੰਢ ਦੇ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਐਡਵਾਇਜ਼ਰੀ ਜਾਰੀ
ਤਰਨ ਤਾਰਨ, 20 ਦਸੰਬਰ
ਸਰਦੀ ਦੇ ਮੌਸਮ ਨੁੰ ਮੁੱਖ ਰੱਖਦੇ ਹੋਏ ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਐਡਵਾਇਜ਼ਰੀ ਜਾਰੀ ਕਰਦੇ ਹੋਏ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ਕਿਹਾ ਕਿ ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਸਮੇਂ ਵਿੱਚ ਸਰਦੀ ਦੇ ਵੱਧਣ ਦੇ ਆਸਾਰ ਹਨ।
ਉਹਨਾਂ ਕਿਹਾ ਕਿ ਸਰਦੀ ਵਿੱਚ ਜਿਆਦਾਤਰ ਬਜੁਰਗ ਅਤੇ ਛੋਟੇ ਬੱਚੇ ਜਿਆਦਾ ਪ੍ਰਭਾਵਤ ਹੁੰਦੇ ਹਨ। ਉਹਨਾਂ ਨੂੰ ਸਰਦੀ ਲੱਗਣ ਨਾਲ ਕਈ ਤਰਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਸ ਲਈ ਬਜੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ’ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ। ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨਿਮੋਨੀਆਂ ਹੋਣ ਦਾ ਖਤਰਾ ਜਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੁਰੀ ਤਰਾਂ ਸਰੀਰ ਢੱਕਣ ਵਾਲੇ ਗਰਮ ਕਪੜੇ ਪਾਉਣ ਦੇ ਨਾਲ ਸਿਰ ਤੇਂ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜਰੂਰ ਪਾਈਆਂ ਜਾਣ।
ਸਿਵਲ ਸਰਜਨ ਨੇ ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਅੰਗੀਠੀ ਬਾਲ ਕੇ ਅੱਗ ਸੇਕਣ ਵਾਲਿਆਂ ਨੁੰ ਖਾਸ ਅਪੀਲ ਕਰਦੇ ਕਿਹਾ ਕਿ ਬੰਦ ਕਮਰੇ ਵਿੱਚ ਅੰਗੀਠੀ ਬਾਲ ਕਦੇ ਵੀ ਅੱਗ ਨਾ ਸੇਕੀ ਜਾਵੇ। ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਅੱਗ ਸੇਕਣ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਉਹਨਾਂ ਦੱਸਿਆ ਕਿ ਅਸਥਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ ਬਹੁਤੀ ਜਿਆਦਾ ਠੰਡ ਹੋਣ ਤੇਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ ਅਤੇ ਖੁਰਾਕ ਵਿੱਚ ਵੀ ਗਰਮ ਚੀਜਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ। ਉਨਾਂ ਕਿਹਾ ਕਿ ਇਸ ਮੌਸਮ ਵਿੱਚ ਗਰਮ ਕੱਪੜੇ ਦੋ ਜਾਂ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸਰੀਰ ਦਾ ਤਾਪਮਾਨ ਠੀਕ ਬਣਿਆ ਰਹੇ। ਸਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜ੍ਹੇ-ਥੋੜੇ੍ਹ ਸਮੇਂ ਜਾਂ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ ਅਤੇ ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ।
ਉਹਨਾਂ ਕਿਹਾ ਕਿ ਸਰਦੀ ਲੱਗਣ ਨਾਲ ਆਮ ਤੌਰ ’ਤੇ ਫਲੂ ਹੋ ਜਾਂਦਾ ਹੈ, ਜਿਸ ਨਾਲ ਕੋਵਿਡ-19 ਹੋਣ ਦਾ ਵੀ ਖਤਰਾ ਰਹਿੰਦਾ ਹੈ। ਉਨਾਂ ਕਿਹਾ ਕਿ ਇਸ ਸਰਦੀ ਤੋਂ ਬਚਾਅ ਲਈ ਵਰਤੇ ਜਾਣ ਵਾਲੇ ਉਪਰਾਲਿਆਂ ਨੂੰ ਅਪਣਾ ਕੇ ਫਲੂ ਅਤੇ ਕੋਵਿਡ ਦੋਨੋਂ ਤੋਂ ਹੀ ਬਚਿਆ ਜਾ ਸਕਦਾ ਹੈ।