ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚੋਂ ਖਰੀਦੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਦਿੱਤੇ ਆਦੇਸ਼
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚੋਂ ਖਰੀਦੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਦਿੱਤੇ ਆਦੇਸ਼
ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 2,95,851 ਮੀਟ੍ਰਿਕ ਟਨ ਕਣਕ ਦੀ ਖਰੀਦ
ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ 291 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ
ਤਰਨ ਤਾਰਨ, 20 ਅਪ੍ਰੈਲ :
ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਸਬੰਧਿਤ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਜਸਜੀਤ ਕੌਰ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚੋਂ ਖਰੀਦੀ ਗਈ ਕਣਕ ਦੀ ਤੁਰੰਤ ਚੁਕਾਈ ਕਰਨ ਲਈ ਲੋੜੀਂਦੀਆਂ ਗੱਡੀਆਂ ਮੁਹੱਈਆ ਕਰਵਾਈਆ ਜਾਣ ਅਤੇ ਕਣਕ ਦੀ ਢੋਆ-ਢੋਆਈ ਕਣਕ ਵਾਲੀਆਂ ਗੱਡੀਆਂ ‘ਤੇ ਵਹੀਕਲ ਟਰੈਕਿੰਗ ਸਿਸਟਮ ਲੱਗਿਆ ਹੋਣਾ ਯਕੀਨੀ ਬਣਾਇਆ ਜਾਵੇ।
ਉਹਨਾਂ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 3,33,213 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 2,95,851 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਜਾਰੀ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 6,00,115 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਪਨਗਰੇਨ ਵੱਲੋਂ 96825 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 81235 ਮੀਟ੍ਰਿਕ ਟਨ, ਪਨਸਪ ਵੱਲੋਂ 58424 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 53764 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 3772 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 291 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਕਿਸਾਨਾਂ ਨੂੰ ਖਰੀਦ ਕੀਤੀ ਫਸਲ ਦੀ ਅਦਾਇਗੀ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਸਖਤ ਹਦਾਇਤ ਕੀਤੀ ਗਈ ਹੈ।