ਬੰਦ ਕਰੋ

ਨਸ਼ੇ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਮਿਸ਼ਨ ਟੀਮ ਦੀ ਵਿਸ਼ੇਸ ਮੀਟਿੰਗ

ਪ੍ਰਕਾਸ਼ਨ ਦੀ ਮਿਤੀ : 20/09/2019
 
ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਨਸ਼ੇ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਮਿਸ਼ਨ ਟੀਮ ਦੀ ਵਿਸ਼ੇਸ ਮੀਟਿੰਗ
 “ਡੈਪੋ” ਪ੍ਰੋਗਰਾਮ ਤਹਿਤ ਰੋਜ਼ਾਨਾ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ
ਤਰਨ ਤਾਰਨ, 20 ਸਤੰਬਰ :
ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਮਿਸ਼ਨ ਟੀਮ ਦੀ ਵਿਸ਼ੇਸ ਮੀਟਿੰਗ ਹੋਈ।ਇਸ ਦੌਰਾਨ ਐੱਸ. ਐੱਸ. ਪੀ. ਸ੍ਰੀ ਧਰੁਵ ਦਾਹੀਆ, ਸਿਵਲ ਸਰਜਨ ਡਾ. ਅਨੂਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ, ਐੱਸ. ਪੀ. ਹੈੱਡਕੁਆਟਰ ਸ੍ਰੀ ਗੌਰਵ ਤੂਰਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ, ਸ੍ਰੀ ਕੁਲਪ੍ਰੀਤ ਸਿੰਘ, ਅਤੇ ਐੱਸ. ਡੀ. ਐੱਮ. ਪੱਟੀ ਸ੍ਰੀ ਨਵਰਾਜ ਸਿੰਘ ਬਰਾੜ ਤੋਂ ਇਲਾਵਾ ਹੋਰ ਸਿਵਲ ਤੇ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿਚ ਚੱਲ “ਓਟ” ਕਲੀਨਿਕਾਂ ਅਤੇ ਨਸ਼ਾ ਛੁਡਾਊ ਸੈਂਟਰਾਂ ਵਿੱਚ ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ 23591 ਮਰੀਜ਼ਾਂ ਨੂੰ ਰਜਿਸਟਰਡ ਕਰਕੇ ਉਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 10 “ਓਟ ਕਲੀਨਿਕ”, ਕਮਿਊਨਿਟੀ ਹੈੱਲਥ ਸੈਂਟਰ ਘਰਿਆਲਾ, ਖੇਮਕਰਨ, ਸੁਰ ਸਿੰਘ, ਕੈਰੋਂ, ਕਸੇਲ, ਮੀਆਂਵਿੰਡ, ਸਰਹਾਲੀ ਅਤੇ ਠਰੂ (ਝਬਾਲ), ਤੋਂ ਇਲਾਵਾ ਸਬ-ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ਅਤੇ ਭੱਗੂਪੁਰ (ਪੱਟੀ) ਵਿਖੇ ਚੱਲ ਰਹੇ ਹਨ।
 ਉਹਨਾਂ ਦੱਸਿਆ ਕਿ ਇਹਨਾਂ  “ਆਊਟ ਪੇਸੈਂਟ ਓਪੀਆਡ ਅਸਿਸਟਡ ਟਰੀਟਮੈਂਟ” ਕਲੀਨਿਕਾਂ ਵਿੱਚ ਨਸ਼ੇ ਦੀ ਆਦਤ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਡਾਕਟਰਾਂ ਵੱਲੋਂ ਆਪਣੀ ਹਾਜ਼ਰੀ ਵਿੱਚ ਰੋਜ਼ਾਨਾ ਮੁਫ਼ਤ ਦਵਾਈ ਦਿੱਤੀ ਜਾਂਦੀ ਹੈ।ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 6 ਹੋਰ ਨਵੇਂ “ਓਟ” ਕਲੀਨਿਕ ਸ਼ੁਰੂ ਕਰਨ ਅਤੇ 3 ਮੋਬਾਇਲ ਵੈਨਾਂ ਚਲਾਉਣ ਦੀ  ਪ੍ਰਪੋਜ਼ਲ ਵੀ ਸਰਕਾਰ ਨੂੰ ਭੇਜੀ ਗਈ ਹੈ।
ਉੁਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿਚੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਸ਼ੁਰੂ ਕੀਤੇ ਗਏ “ਡੈਪੋ” ਪ੍ਰੋਗਰਾਮ ਤਹਿਤ ਆਮ ਲੋਕਾਂ ਦੇ ਸਹਿਯੋਗ ਨਾਲ ਜਨਤਾ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ।ਜ਼ਿਲੇ ਵਿਚ ਹੁਣ ਤੱਕ ਲੱਗਭੱਗ 30 ਹਜ਼ਾਰ ਡੈਪੋ ਵਲੰਟੀਅਰ ਰਜਿਸਟਰਡ ਕੀਤੇ ਗਏ ਹਨ 
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਸ਼ੁਰੂ ਕੀਤੇ ਗਏ “ਬੱਡੀ” ਪ੍ਰੋਗਰਾਮ ਅਧੀਨ ਜ਼ਿਲੇ ਦੇ 597 ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾ ਰਹੇ ਹਨ।ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਬੱਡੀ ਪ੍ਰੋਗਰਾਮ ਤਹਿਤ 35580 ਬੱਡੀ ਗਰੁੱਪ ਬਣਾਏ ਗਏ ਹਨ, ਜਿੰਨ੍ਹਾਂ ਵਿੱਚ 177899 ਸਕੂਲੀ ਵਿਦਿਆਰਥੀਆਂ ਨੂੰ ਕਵਰ ਕੀਤਾ ਗਿਆ ਹੈ ਅਤੇ 4448 ਸੀਨੀਅਰ ਬੱਡੀ ਹਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀ. ਤਰਨ ਤਾਰਨ ਨੇ ਸਮੂਹ ਪੁਲਿਸ ਤੇ ਸਿਵਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੰਯੁਕਤ ਟੀਮਾਂ ਬਣਾ ਕੇ ਝੋਲਾ ਛਾਪ ਡਾਕਟਰਾਂ ਦੀਆਂ ਦੁਕਾਨਾਂ ‘ਤੇ ਛਾਪੇਮਾਰੀ ਕਰਨ ਤਾਂ ਜੋ ਕੋਈ ਵੀ ਅਣ-ਅਧਿਕਾਰਤ ਵਿਅਕਤੀ ਦਵਾਈਆਂ ਦੀ ਆੜ੍ਹ ਵਿੱਚ ਨਸ਼ੇ ਆਦਿ ਦੀਆਂ ਦਵਾਈਆਂ ਨਾ ਵੇਚ ਸਕੇ।ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਰੋਜ਼ਾਨਾ ਜਾਗਰੂਕਤਾ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ।
——————-