• ਸਮਾਜਿਕ ਮੀਡੀਆ ਲਿੰਕ
  • ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਪੰਜਾਬ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਕਿਸੇ ਵੀ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਗਏ ਸੁਚਾਰੂ ਪ੍ਰਬੰਧ-ਡਾ. ਬਲਬੀਰ ਸਿੰਘ

ਪ੍ਰਕਾਸ਼ਨ ਦੀ ਮਿਤੀ : 25/08/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਕਿਸੇ ਵੀ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਗਏ ਸੁਚਾਰੂ ਪ੍ਰਬੰਧ-ਡਾ. ਬਲਬੀਰ ਸਿੰਘ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਦੀ ਕੀਤੀ ਸਮੀਖਿਆ

ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸੰਭਵ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਨੂੰ ਦਿੱਤੇ ਆਦੇਸ਼

ਤਰਨ ਤਾਰਨ, 22 ਅਗਸਤ :

ਪੰਜਾਬ ਸਰਕਾਰ ਵੱਲੋਂ ਦਰਿਆਈ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਦੇ ਨਾਲ-ਨਾਲ ਪਾਣੀ ਦੀ ਮਾਰ ਹੇਠ ਆਏ ਖੇਤਰਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ’ਤੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਅਧਿਕਾਰੀਆਂ, ਸਿਹਤ ਵਿਭਾਗ ਦੇ ਅਫ਼ਸਰਾਂ, ਆਈ. ਐਮ. ਏ. ਦੇ ਨੁਮਾਇੰਦਿਆਂ ਨਾਲ ਜ਼ਿਲ੍ਹੇ ਹੜ੍ਹਾਂ ਵਰਗੀ ਪੈਦਾ ਹੋਈ ਸਥਿਤੀ ਸਬੰਧੀ ਮੀਟਿੰਗ ਕਰਦਿਆਂ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ., ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਉਨ੍ਹਾਂ ਜ਼ਿਲ੍ਹਾ ਤਰਨ ਤਾਰਨ ਦੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ।ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸੰਭਵ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।ਉਹਨਾਂ ਕਿਹਾ ਕਿ ਸਿਹਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਦੇ ਸੈਂਪਲ ਲਏ ਜਾਣ ਅਤੇ ਲੋਕਾਂ ਨੂੰ ਕਲੋਰੀਨ ਦੀਆਂ ਗੋਲੀਆਂ ਮੁਹੱਈਆ ਕਰਵਾਈਆਂ ਜਾਣ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਿਹਤ ਵਿਭਾਗ ਵੱਲੋਂ ਪਾਣੀ ਦੀ ਮਾਰ ਹੇਠ ਆਏ ਖੇਤਰਾਂ ਵਿੱਚ ਲਗਾਤਾਰ ਸਿਹਤ ਸੇਵਾਵਾਂ ਪ੍ਰਦਾਨ ਕਰਵਾਉਣ ਦਾ ਕਾਰਜ ਵੱਡੇ ਪੱਧਰ ’ਤੇ ਜਾਰੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਕਿਸੇ ਵੀ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਸੁਚਾਰੂ ਪ੍ਰਬੰਧ ਕੀਤੇ ਗਏ ਹਨ ।
ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਸਥਿਤੀ ਅਜੇ ਕੰਟਰੋਲ ਅਧੀਨ ਹੈ ਅਤੇ ਸੰਭਾਵੀਂ ਹੜ੍ਹਾਂ ਤੋਂ ਬਚਾਅ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਦਰਿਆਈ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਵੱਲੋਂ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਉਚਿਤ ਇੰਤਜ਼ਾਮ ਕੀਤੇ ਗਏ ਹਨ।
ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਫੈਲਣ ਦਾ ਕੋਈ ਖਦਸ਼ਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪਾਣੀ ਨਾਲ ਫੈਲਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ।
ਇਸ ਉਪਰੰਤ ਸਿਹਤ ਮੰਤਰੀ ਵੱਲੋਂ ਸਿਵਲ ਹਸਪਤਾਲ ਤਰਨ ਤਾਰਨ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਗਿਆ ਅਤੇ ਦਾਖਲ ਮਰੀਜ਼ਾ ਦਾ ਹਾਲ-ਚਾਲ ਪੂੱਛਿਆ।ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਖੀ ਘੜੀ ਵਿੱਚ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1000 ਡਾਕਟਰਾਂ ਦੀ ਭਰਤੀ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਜਲਦੀ ਹੀ ਉਹਨਾਂ ਦੀ ਤਾਇਨਾਤੀ ਜ਼ਿਲ੍ਹਿਆਂ ਵਿੱਚ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਹੜ੍ਹਾਂ ਨੰੁ ਲੈ ਕੇ ਹਾਲਾਤ ਅਜੇ ਕਾਬੂ ਹੇਠ ਹਨ, ਪਰ ਖਡੂਰ ਸਾਹਿਬ, ਪੱਟੀ ਅਤੇ ਤਰਨ ਤਾਰਨ ਦੇ ਪਿੰਡਾਂ ਵਿੱਚ ਫਸਲਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆਂ ਹੈ। ਉਹਨਾਂ ਕਿਹਾ ਕਿ ਦਰਿਆਈ ਪਾਣੀ ਦੀ ਮਾਰ ਕਰਕੇ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ।ਉਹਨਾਂ ਕਿਹਾ ਕਿ ਕਿਸੇ ਵੀ ਅਣਸੁਖਾਵੇਂ ਹਾਲਾਤ ਨਾਲ ਨਜਿੱਠਣ ਲਈ ਸਿਵਲ ਹਸਪਤਾਲ ਤਰਨ ਤਾਰਨ ਅਤੇ ਸਬ-ਡਵੀਨਜ਼ਲ ਹਸਪਤਾਲਾਂ ਵਿੱਚ ਰਾਖਵੇਂ ਬੈੱਡਾਂ ਰੱਖਣ ਦੀ ਹਦਾਇਤ ਕੀਤੀ ਗਈ ਹੈ