ਬੰਦ ਕਰੋ

“ਮਿਸ਼ਨ ਫ਼ਤਿਹ” ਤਹਿਤ 15 ਤੋਂ 21 ਜੂਨ ਤੱਕ ਵਿਸ਼ੇਸ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਪ੍ਰਤੀ ਜਾਗਰੂਕ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 13/06/2020
DC

“ਮਿਸ਼ਨ ਫ਼ਤਿਹ” ਤਹਿਤ 15 ਤੋਂ 21 ਜੂਨ ਤੱਕ ਵਿਸ਼ੇਸ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਪ੍ਰਤੀ ਜਾਗਰੂਕ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ
ਤਰਨ ਤਾਰਨ, 12 ਜੂਨ :
ਪੰਜਾਬ ਸਰਕਾਰ ਵਲੋਂ ਰਾਜ ਨੂੰ ਕੋਵਿਡ-19 ਤੋਂ ਮੁਕਤ ਕਰਨ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ “ਮਿਸ਼ਨ ਫ਼ਤਿਹ” ਤਹਿਤ ਜ਼ਿਲ੍ਹੇ ਵਿੱਚ 15 ਤੋਂ 21 ਜੂਨ ਤੱਕ ਵਿਸ਼ੇਸ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਪ੍ਰਤੀ ਜਾਗਰੂਕ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ “ਮਿਸ਼ਨ ਫ਼ਤਿਹ” ਦਾ ਮੰਤਵ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸੁਝਾਈਆਂ ਗਈਆਂ ਸਾਵਧਾਨੀਆਂ ਦਾ ਅਮਲੀ ਰੂਪ ਵਿੱਚ ਪਾਲਣ ਕਰਵਾਉਣ ਲਈ ਜਾਗਰੂਕ ਕਰਨਾ ਹੈ।
ਮੀਟਿੰਗ ਦੌਰਾਨ ਉਹਨਾਂ ਵਿਭਾਗ ਵਾਰ ਸਪਤਾਹਿਕ ਗਤੀਵਿਧੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ 15 ਜੂਨ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਯੋਧਿਆਂ ਨੂੰ ਸਰਕਾਰ ਵਲੋਂ “ਮਿਸ਼ਨ ਫ਼ਤਿਹ” ਦਾ ਪ੍ਰਤੀਕ ਬੈਜ ਦੇਣ ਦੀ ਰਸਮ ਨਿਭਾਈ ਜਾਵੇਗੀ। ਕੋਰੋਨਾ ਯੋਧਿਆਂ ਵਲੋਂ ਇਹ ਬੈਜ ਲਗਾਕੇ ਅਤੇ ਮਾਸਕ ਪਾ ਕੇ ਆਪਣੀ ਸੈਲਫ਼ੀ ਖਿੱਚ ਕੇ ਕੋਵਾ ਐਪ `ਤੇ ਅਪਲੋਡ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ। ਇਨ੍ਹਾਂ ਕੋਰੋਨਾ ਯੋਧਿਆਂ ਵਿੱਚ ਪ੍ਰਸ਼ਾਸਨਿਕ , ਪੁਲਿਸ, ਡਾਕਟਰ, ਮੈਡੀਕਲ ਸਟਾਫ਼, ਆਸ਼ਾ ਵਰਕਰ, ਆਂਗਨਵਾੜੀ ਵਰਕਰ, ਸਫ਼ਾਈ ਵਰਕਰ, ਜੀ. ਓ. ਜੀਜ਼, ਸਰਪੰਚ, ਸਵੈ-ਸੇਵੀ ਸੰਗਠਨ ਆਦਿ ਸ਼ਾਮਿਲ ਹੋਣਗੇ।
ਇਸ ਤੋਂ ਬਾਅਦ 16 ਜੂਨ ਨੂੰ ਆਂਗਨਵਾੜੀ ਵਰਕਰਾਂ ਵਲੋਂ ਬੈਜ ਲਗਾ ਕੇ ਆਪੋ-ਆਪਣੇ ਪਿੰਡ ਦੇ ਆਂਗਨਵਾੜੀਆਂ ਵਿੱਚ ਆਉਣ ਵਾਲੇ ਬੱਚਿਆਂ ਦੇ ਘਰਾਂ ਦਾ ਦੌਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਦੱਸ ਕੇ ਪ੍ਰੇਰਿਤ ਕੀਤਾ ਜਾਵੇਗਾ। ਵੱਖ-ਵੱਖ ਪਿੰਡਾਂ ਵਿੱਚ 17 ਜੂਨ ਨੂੰ ਸਰਪੰਚਾਂ ਵਲੋਂ ਬੈਜ ਲਗਾ ਕੇ ਪਿੰਡ ਦੇ ਲੋਕਾਂ ਨੂੰ ਮਿਲਿਆ ਜਾਵੇਗਾ ਅਤੇ ਕੋਵਿਡ ਦੀ ਰੋਕਥਾਮ ਲਈ ਅਹਿਮ ਬਚਾਅ ਪ੍ਰਬੰਧਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਵਲੋਂ 18 ਜੂਨ ਨੂੰ ਜ਼ਿਲ੍ਹੇ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਜ਼ਿਲ੍ਹੇ ਦੀਆਂ ਐਨ. ਜੀ. ਓਜ਼. ਵਲੋਂ ਬੈਜ ਲਗਾ ਕੇ ਆਪੋ ਆਪਣੇ ਇਲਾਕੇ ਵਿੱਚ ਅਜਿਹੀਆਂ ਜਾਗਰੂਕ ਗਤੀਵਿਧੀਆਂ 19 ਜੂਨ ਨੂੰ ਕੀਤੀਆਂ ਜਾਣਗੀਆਂ। ਜ਼ਿਲ੍ਹਾ ਪੁਲਿਸ ਵਲੋਂ ਬੈਜ ਲਗਾ ਕੇ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨ ਕਰਨ ਦੀ ਗਤੀਵਿਧੀ ਦਾ ਦਿਨ 20 ਜੂਨ ਮਿਥਿਆ ਗਿਆ ਹੈ, ਜਦਕਿ ਨਗਰ ਕੌਂਸਲਾਂ ਵਲੋਂ ਰੈਜੀਡੈਂਟ ਵੈਲਫੇਅਰ ਕਮੇਟੀਆਂ ਤੇ ਸ਼ਹਿਰੀਆਂ ਰਾਹੀਂ ਜਾਗਰੂਕਤਾ ਮੁਹਿੰਮ 21 ਜੂਨ ਨੂੰ ਚਲਾਈ ਜਾਵੇਗੀ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਕੋਵਾ ਐਪ `ਤੇ ਕੋਵਿਡ ਦੀਆਂ ਸਾਵਧਾਨੀਆਂ ਤਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀ/ਸੰਸਥਾ ਦੀ ਚੋਣ ਸੂਬਾਈ ਪੱਧਰ `ਤੇ ਕੀਤੀ ਜਾਵੇਗੀ, ਜਿਸ ਦੀ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਬੈਜ ਅਤੇ ਟੀ-ਸ਼ਰਟ ਰਾਹੀਂ ਹੌਸਲਾ ਅਫ਼ਜਾਈ ਕੀਤੀ ਜਾ ਸਕੇ।
————-