ਮੰਡੀਆਂ ਵਿੱਚ ਕਣਕ ਲਿਆਉਣ ਵਾਸਤੇ 22 ਅਪ੍ਰੈਲ ਲਈ ਜ਼ਿਲੇ੍ਹ ਦੇ 1860 ਕਿਸਾਨਾਂ ਨੂੰ ਜਾਰੀ ਕੀਤੇ ਗਏ ਪਾਸ-ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮੰਡੀਆਂ ਵਿੱਚ ਕਣਕ ਲਿਆਉਣ ਵਾਸਤੇ 22 ਅਪ੍ਰੈਲ ਲਈ ਜ਼ਿਲੇ੍ਹ ਦੇ 1860 ਕਿਸਾਨਾਂ ਨੂੰ ਜਾਰੀ ਕੀਤੇ ਗਏ ਪਾਸ-ਡਿਪਟੀ ਕਮਿਸ਼ਨਰ
ਅੱਜ ਤੱਕ 4870 ਕਿਸਾਨਾਂ ਨੂੰ ਜਾਰੀ ਕੀਤੇ ਗਏ ਪਾਸ
ਜ਼ਿਲ੍ਹੇ ਦੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਣਾ ਬਣਾਇਆ ਜਾਵੇਗਾ ਯਕੀਨੀ
ਤਰਨ ਤਾਰਨ, 21 ਅਪ੍ਰੈਲ :
ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਮੰਡੀਆਂ ਵਿੱਚ ਇਕੱਠ ਨਾ ਹੋਵੇ, ਇਸ ਲਈ ਕਿਸਾਨਾਂ ਨੂੰ ਆਪਣੀ ਫਸਲ ਮੰਡੀ ਵਿੱਚ ਲਿਆਉਣ ਲਈ ਰੋਜ਼ਾਨਾ ਪਾਸ ਜਾਰੀ ਕੀਤੇ ਜਾ ਰਹੇ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਅੱਜ ਤੱਕ 4870 ਕਿਸਾਨਾਂ ਨੂੰ ਪਾਸ ਜਾਰੀ ਕੀਤੇ ਗਏ ਹਨ ਅਤੇ 22 ਅਪ੍ਰੈਲ ਲਈ ਜ਼ਿਲੇ੍ਹ ਦੇ 1860 ਕਿਸਾਨਾਂ ਨੂੰ ਪਾਸ ਜਾਰੀ ਹੋਏ ਹਨ।
ਉਹਨਾਂ ਦੱਸਿਆ ਕਿ ਮਾਰਕੀਟ ਕਮੇਟੀ ਵੱਲੋਂ ਆੜ੍ਹਤੀਆ ਕੋਲ ਕੰਮ ਕਰਨ ਵਾਲੇ ਲੇਬਰ ਤੇ ਹੋਰ ਅਮਲੇ ਨੂੰ ਵੱਖਰੇ ਪਾਸ ਜਾਰੀ ਕੀਤੇ ਜਾ ਰਹੇ ਹਨ।ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖਰੀਦ ਪ੍ਰਕਿਰਿਆ ਦੌਰਾਨ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।ਉਹਨਾਂ ਕਿਹਾ ਕਿ ਕਿਸਾਨ ਕਣਕ ਦੀ ਫਸਲ ਨੂੰ ਸੁਕਾ ਕੇ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਦਿੱਕਤ ਨਾ ਆਵੇ।
ਜ਼ਿਲੇ੍ਹ ਅੰਦਰ ਕਣਕ ਦੀ ਖਰੀਦ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਦੇਰ ਸ਼ਾਮ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ।ਉਹਨਾਂ ਕਿਹਾ ਕਿ ਬਿਨ੍ਹਾਂ ਪਾਸ ਵਾਲੇ ਕਿਸਾਨਾਂ ਨੂੰ ਮੰਡੀ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਿਲਕੁਲ ਇਕੱਠ ਨਾ ਹੋਣ ਦਿੱਤਾ ਜਾਵੇ ਤਾਂ ਜੋ ਕੋਰੋਨਾ ਫਾਇਰਸ ਦਾ ਫੈਲਾਅ ਨਾ ਹੋ ਸਕੇ।ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਟਰੈਕਟਰ-ਟਰਾਲੀ ’ਤੇ ਇਕ ਤੋਂ ਵੱਧ ਵਿਅਕਤੀ ਮੰਡੀਆਂ ਵਿੱਚ ਲਿਆਉਣ ਤੋਂ ਗੁਰੇਜ਼ ਕੀਤਾ ਜਾਵੇ।
ਜ਼ਿਲ੍ਹਾ ਮੰਡੀ ਅਫਸਰ ਸ੍ਰੀ ਅਜੈਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ 22 ਅਪ੍ਰੈਲ ਲਈ 1860 ਕਿਸਾਨਾਂ ਨੂੰ ਪਾਸ ਜਾਰੀ ਕੀਤੇ ਗਏ ਹਨ।ਉਹਨਾਂ ਦੱਸਿਆ ਕਿ 22 ਅਪ੍ਰੈਲ ਵਾਸਤੇ ਮਾਰਕੀਟ ਕਮੇਟੀ ਹਰੀਕੇ ਲਈ 150, ਮਾਰਕੀਟ ਕਮੇਟੀ ਖਡੂਰ ਸਾਹਿਬ ਲਈ 180, ਮਾਰਕੀਟ ਕਮੇਟੀ ਖੇਮਕਰਨ ਲਈ 335, ਮਾਰਕੀਟ ਕਮੇਟੀ ਝਬਾਲ ਲਈ 80, ਮਾਰਕੀਟ ਕਮੇਟੀ ਤਰਨ ਤਾਰਨ ਲਈ 60, ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂਆਂ ਲਈ 495, ਮਾਰਕੀਟ ਕਮੇਟੀ ਪੱਟੀ ਲਈ 260 ਅਤੇ ਮਾਰਕੀਟ ਕਮੇਟੀ ਭਿੱਖੀਵਿੰਡ ਲਈ 300 ਕਿਸਾਨਾਂ ਨੂੰ ਪਾਸ ਜਾਰੀ ਕੀਤੇ ਗਏ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਮਾਰਕੀਟ ਕਮੇਟੀ ਵੱਲੋਂ ਆੜ੍ਹਤੀਆਂ ਰਾਹੀਂ ਪਾਸ ਜਾਰੀ ਕੀਤੇ ਜਾ ਰਹੇ ਹਨ ਜਿਸ ਦੀ ਮਿਆਦ 24 ਘੰਟੇ ਹੈ।
————-