ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੱਢੀ ਗਈ “ਨਸ਼ਾ ਮੁਕਤੀ ਯਾਤਰਾ”

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੱਢੀ ਗਈ “ਨਸ਼ਾ ਮੁਕਤੀ ਯਾਤਰਾ”
ਤਰਨ ਤਾਰਨ, 28 ਮਈ :
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਹਲਕਾ ਵਿਧਾਇਕਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ” ਕੱਢੀ ਜਾ ਰਹੀ ਹੈ, ਜਿਸ ਵਿੱਚ ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ, ਪਿੰਡਾਂ ਦੇ ਪੰਚ-ਸਰਪੰਚ, ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਭਾਗ ਲੈ ਰਹੇ ਹਨ।
ਇਸ ਦੌਰਾਨ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਗਰ ਪੰਚਾਇਤ ਪ੍ਰਧਾਨ ਸ. ਸਕੱਤਰ ਸਿੰਘ ਡਲੀਰੀ ਵੱਲੋਂ ਅੱਜ ਕਸਬਾ ਵਲਟੋਹਾ, ਵਲਟੋਹਾ ਖੁਰਦ, ਵਲਟੋਹਾ ਸੰਧੂਆ, ਪਿੰਡ ਜੋਧ ਸਿੰਘ ਵਾਲਾ, ਪਿੰਡ ਝੁੱਗੀਆ ਕਾਲੂ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਅਗਵਾਈ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।
ਇਸ ਮੌਕੇ ਉਹਨਾਂ ਔਰਤਾਂ ਤੇ ਨੌਜਵਾਨਾਂ ਅੰਦਰ ਜ਼ੋਸ਼ ਭਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਤਾਕਤ ਨੂੰ ਸਮਝਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਸਾਂਝੀ ਕੀਤੀ ਗਈ ਛੋਟੀ ਜਿਹੀ ਜਾਣਕਾਰੀ ਪ੍ਰਸ਼ਾਸਨ ਲਈ ਵਡਮੁੱਲੀ ਸਾਬਿਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਿਥੇ ਨਸ਼ਾ ਤਸਕਰਾਂ ‘ਤੇ ਕਾਰਵਾਈ ਕਰ ਰਹੀ ਹੈ, ਉਥੇ ਇਸ ਦਲਦਲ ਵਿਚ ਫਸ ਚੁੱਕੀ ਸਾਡੀ ਨੌਜਵਾਨ ਪੀੜ੍ਹੀ ਦੀ ਸੰਭਾਲ ਕਰ ਰਹੀ ਹੈ ਤੇ ਨਸ਼ਾ ਛੁਡਾਓ ਕੇਂਦਰਾਂ ਵਿੱਚ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਸ. ਸਰਵਨ ਸਿੰਘ ਧੁੰਨ ਨੇ ਕਿਹਾ ਕਿ ਨਸ਼ਾ ਇੱਕ ਕੋਹੜ ਹੈ, ਇਸ ਤੋਂ ਹਰੇਕ ਨੌਜਵਾਨ ਨੂੰ ਬਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿਹਾ ਹੁਣ ਪਿੰਡ ਪੱਧਰ `ਤੇ ਵਿਲੇਜ ਡਿਫੈਂਸ ਕਮੇਟੀਆਂ ਨੂੰ ਵੀ ਜ਼ਿੰਮੇਵਾਰੀ ਦਿੱਤੀ ਗਈ ਹੈ ਕਿ ਉਹ ਨੌਜਵਾਨਾਂ ਨੂੰ ਸਹੀ ਗਾਈਡ ਕਰਨ ਅਤੇ ਖੇਡਾਂ ਨਾਲ ਜੋੜ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ।
ਇਸ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਦੇ ਨਿਰਦੇਸ਼ਾਂ ਹੇਠ ਸ੍ਰੀ ਕੋਮਲਪ੍ਰੀਤ ਸਿੰਘ ਪੀਏ ਵੱਲੋਂ ਅੱਜ ਪਿੰਡ ਸਰਾਏ ਅਮਾਨਤ ਖਾਂ, ਹਵੇਲੀਆਂ ਕਸੇਲ, ਮਾਣਕਪੁਰਾ ਅਤੇ ਹਰਬੰਸਪੁਰਾ ਵਿਖੇ “ਨਸ਼ਾ ਮੁਕਤੀ ਯਾਤਰਾ” ਕੱਢੀ ਗਈ।
ਇਸ ਮੌਕੇ ਉਹਨਾ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਸਮੂਹ ਹਾਜ਼ਰੀਨ ਨੇ ਨਸ਼ਾ ਨਾ ਕਰਨ, ਨਸ਼ਿਆਂ ਤੋਂ ਬਚਣ ਲਈ ਜਾਗਰੂਕਤਾ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਵਿੱਚ ਸਹਾਇਤਾ ਕਰਨ ਦਾ ਪ੍ਰਣ ਲਿਆ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਲਵਿੰਦਰ ਸਿੰਘ, ਕੁਲਦੀਪ ਸਿੰਘ ਢਿੱਲੋ ਹਲਕਾ ਕੋਆਰਡੀਨੇਟਰ, ਸਰਪੰਚ ਅਮਰੀਕ ਸਿੰਘ, ਸਰਪੰਚ ਸੱਦਾ ਸਿੰਘ, ਸਰਪੰਚ ਸੁਰਜੀਤ ਸਿੰਘ ਸ਼ਾਹ ਅਤੇ ਗੁਰਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਵੀ ਹਾਜ਼ਰ ਸਨ।