ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਵਿੱਚ ਲੋਕਾਂ ਦਾ ਮਿਲ ਰਿਹਾ ਭਰਪੂਰ ਸਮਰਥਨ-ਸ. ਲਾਲਜੀਤ ਸਿੰਘ ਭੁੱਲਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਵਿੱਚ ਲੋਕਾਂ ਦਾ ਮਿਲ ਰਿਹਾ ਭਰਪੂਰ ਸਮਰਥਨ-ਸ. ਲਾਲਜੀਤ ਸਿੰਘ ਭੁੱਲਰ
ਪਿੰਡਾਂ ਦੀਆਂ ਪੰਚਾਇਤਾਂ, ਡਿਫੈਂਸ ਕਮੇਟੀਆਂ ਅਤੇ ਆਮ ਲੋਕ ਦੇ ਰਹੇ ਹਨ ਪੂਰਨ ਸਹਿਯੋਗ
ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਚੁਕਾਈ ਸਹੁੰ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਦੀ ਕੀਤੀ ਅਪੀਲ
ਪੱਟੀ, (ਤਰਨ ਤਾਰਨ), 31 ਮਈ :
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਵਿੱਚ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਪਿੰਡਾਂ ਦੀਆਂ ਪੰਚਾਇਤਾਂ, ਡਿਫੈਂਸ ਕਮੇਟੀਆਂ ਅਤੇ ਆਮ ਲੋਕ ਪੂਰਨ ਤੌਰ ‘ਤੇ ਸਹਿਯੋਗ ਦੇ ਰਹੇ ਹਨ ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਰੱਤਾ ਗੁੱਦਾ, ਬੁਰਜ ਰਾਏ ਪੁਰ ਬਲੀਮ, ਪ੍ਰਿੰਗੜੀ, ਜਿੰਦਾਵਾਲਾ, ਅਤੇ ਬੁਰਜ ਦੇਵਾ ਸਿੰਘ ਵਿਖੇ ਨਸ਼ਾ ਮੁਕਤੀ ਯਾਤਰਾ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਆਯੋਜਿਤ ਜਾਗਰੂਕਤਾ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਅਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ।
ਉਨ੍ਹਾਂ ਕਿਹਾ ਪੰਜਾਬ ਸਰਕਾਰ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰ ਰਹੀ ਹੈ, ਉਥੇ ਹੀ ਨਸ਼ਿਆਂ ਦੀ ਗ੍ਰਿਫ਼ਤ ਵਿਚ ਫਸੇ ਨੌਜਵਾਨਾ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜੇ ਵੀ ਕਰ ਰਹੀ ਹੈ, ਤਾਂ ਜੋ ਉਹ ਸਮਾਜ ਵਿਚ ਬਿਹਤਰ ਜਿੰਦਗੀ ਬਤੀਤ ਕਰ ਸਕਣ।
ਉਨ੍ਹਾਂ ਨੌਜਵਾਨਾਂ ਨੁੰ ਖੇਡਾਂ ਵੱਲ ਉਤਸ਼ਾਹਿਤ ਕਰਦਿਆਂ ਪ੍ਰੇਰਿਤ ਕੀਤਾ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਖੇਡ ਮੈਦਾਨ ਬਣਾ ਰਹੀ ਹੈ ਤਾਂ ਜੋ ਨੌਜਵਾਨਾਂ ਦੀ ਐਨਰਜੀ ਖੇਡਾਂ ਵੱਲ ਲਗ ਸਕੇ ਅਤੇ ਉਹ ਖੇਡਾਂ ਵਿੱਚ ਆਪਣਾ ਨਾਮ ਚਮਕਾਉਣ ਤੇ ਸੂਬੇ ਦਾ ਨਾਮ ਰੋਸ਼ਨ ਕਰਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਨਸ਼ਿਆਂ ਜਿਹੀਆਂ ਮਾੜੀਆਂ ਅਲਾਮਤਾਂ ਤੋਂ ਬਚਿਆ ਜਾ ਸਕਦਾ ਹੈ ਤੇ ਸੂਬੇ ਦੀ ਜਵਾਨੀ ਨੂੰ ਸਿਹਤਮੰਦ ਰੱਖਿਆ ਜਾ ਸਕਦਾ ਹੈ।
ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਾਈ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ, ਪਿੰਡਾਂ ਦੇ ਪੰਚ-ਸਰਪੰਚ, ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ, ਸਿਹਤ ਵਿਭਾਗ, ਪੰਚਾਇਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।