ਬੰਦ ਕਰੋ

ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨ ਲਈ 06 ਜਨਵਰੀ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪ੍ਰਕਾਸ਼ਨ ਦੀ ਮਿਤੀ : 09/01/2024
ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨ ਲਈ 06 ਜਨਵਰੀ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ
ਲੰਬਿਤ ਇੰਤਕਾਲ ਦਰਜ ਕਰਨ ਲਈ 06 ਜਨਵਰੀ ਨੂੰ ਮਾਲ ਅਧਿਕਾਰੀ ਆਪਣੇ ਦਫ਼ਤਰਾਂ ‘ਚ ਲਗਾਉਣਗੇ ਵਿਸ਼ੇਸ਼ ਕੈਂਪ-ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ
ਤਰਨ ਤਾਰਨ, 05 ਜਨਵਰੀ :
ਡਿਪਟੀ ਕਮਿਸ਼ਨਰ ਸੀ੍ ਸੰਦੀਪ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਮਾਲ ਵਿਭਾਗ ਵੱਲੋਂ 06 ਜਨਵਰੀ (ਸਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਲੰਬਿਤ ਪਏ ਇੰਤਕਾਲ ਦਰਜ ਕਰਨ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ 06 ਜਨਵਰੀ ਨੂੰ ਜ਼ਿਲ੍ਹੇ ਦੇ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਰਹਿਣਗੇ ਤੇ ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨਗੇ। ਉਨ੍ਹਾਂ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਜਿੰਨ੍ਹਾਂ ਦਾ ਕੋਈ ਇੰਤਕਾਲ ਦਾ ਮਾਮਲਾ ਲੰਬਿਤ ਪਿਆ ਹੈ, ਉਹ ਆਪਣੇ ਸਬੰਧਤ ਤਹਿਸੀਲ ਦਫ਼ਤਰ ਵਿਖੇ 06 ਜਨਵਰੀ ਨੂੰ ਜਾ ਕੇ ਇਸ ਦਾ ਨਿਪਟਾਰਾ ਕਰਵਾ ਸਕਦੇ ਹਨ। 
ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਲੰਬਿਤ ਇੰਤਕਾਲਾਂ ਦੇ ਨਿਬੇੜੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਦੀ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੇ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।