ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬ-ਡਵੀਜ਼ਨ ਖਡੂਰ ਸਾਹਿਬ ਦੇ ਦਰਿਆਈ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦਾ ਦੌਰਾ
ਪ੍ਰਕਾਸ਼ਨ ਦੀ ਮਿਤੀ : 26/08/2025

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬ-ਡਵੀਜ਼ਨ ਖਡੂਰ ਸਾਹਿਬ ਦੇ ਦਰਿਆਈ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦਾ ਦੌਰਾ
ਦਰਿਆ ਬਿਆਸ ਨਾਲ ਲੱਗਦੇ ਗੁਜਰਪੁਰਾ, ਘੜਕਾਂ ਆਦਿ ਪਿੰਡਾਂ ਦੇ ਲੋਕਾਂ ਅਤੇ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ
ਤਰਨ ਤਾਰਨ, 25 ਅਗਸਤ :
ਵਧੀਕ ਡਿਪਟੀ ਕਮਿਸ਼ਨਰ ਜਨਰਲ ਤਰਨ ਤਾਰਨ ਸ੍ਰੀ ਰਾਜਦੀਪ ਸਿੰਘ ਬਰਾੜ ਆਈ. ਏ. ਐੱਸ. ਨੇ ਅੱਜ ਦਰਿਆ ਬਿਆਸ ਵਿੱਚ ਵਧ ਰਹੇ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਣ ਲਈ ਦਰਿਆ ਬਿਆਸ ਨਾਲ ਲੱਗਦੇ ਗੁਜਰਪੁਰਾ, ਘੜਕਾਂ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਦਰਿਆਈ ਪਾਣੀ ਦੀ ਮਾਰ ਹੇਠ ਆਏ ਲੋਕਾਂ ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਵਾਧੂ ਚਾਰਜ ਡਾ. ਕਰਨਬੀਰ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਮਨਦੀਪ ਸਿੰਘ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦਰਿਆ ਬਿਆਸ ਵਿੱਚ ਪਾਣੀ ਦੇ ਪੱਧਰ ਅਤੇ ਦਰਿਆ ਨਾਲ ਲੱਗਦੇ ਖੇਤਾਂ ਵਿੱਚ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ।ਉਹਨਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਦਰਿਆ ਨਾਲ ਲੱਗਦੇ ਪਿੰਡਾਂ ਦੇ ਖੇਤਾਂ ਵਿੱਚ ਪਾਣੀ ਭਰਨ ਨਾਲ ਫਸਲਾਂ ਦੇ ਹੋਏ ਨੁਕਸਾਨ ਦੀ ਮੁਕੰਮਲ ਰਿਪੋਰਟ ਤਿਆਰ ਕੀਤੀ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਿਆ ਬਿਆਸ ਵਿੱਚ ਪਾਣੀ ਦੇ ਪੱਧਰ ਉੱਪਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ। ਉਹਨਾਂ ਕਿਹਾ ਕਿ ਦਰਿਆ ਵਿੱਚ ਪਾਣੀ ਦਾ ਲਗਾਤਾਰ ਵੱਧ ਰਿਹਾ ਪੱਧਰ ਚਿੰਤਾ ਦਾ ਵਿਸ਼ਾ ਹੈ, ਪ੍ਰੰਤੂ ਹਾਲਾਤ ਅਜੇ ਕਾਬੂ ਹੇਠ ਹਨ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਚੌਕਸੀ ਵਰਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਲੋਕਾਂ ਨਾਲ ਲਗਾਤਾਰ ਰਾਬਤਾ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।
ਉਹਨਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਮੈਦਾਨੀ ਅਤੇ ਪਹਾੜੀ ਖੇਤਰਾਂ ਵਿੱਚ ਪੈ ਰਹੀ ਭਾਰੀ ਬਾਰਸ਼ ਕਾਰਨ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵਧੇ ਹੋਣ ਕਾਰਨ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਰਿਪੋਰਟ ਲਈ ਜਾ ਰਹੀ ਹੈ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਨਿਯਮਾਂ ਅਨੁਸਾਰ ਬਣਦਾ ਮੁਆਵਜ਼ਾ ਮਿਲ ਸਕੇ।
ਉਹਨਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ‘ਤੇ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਜ਼ਿਲ੍ਹਾ ਵਾਸੀ ਕਿਸੇ ਵੀ ਸਮੇਂ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦੇ ਫੋਨ ਨੰਬਰ 01852-224107 ‘ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਸਬ-ਡਵੀਜ਼ਨ ਪੱਧਰ ‘ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।ਉਹਨਾਂ ਦੱਸਿਆ ਕਿ ਸਬ-ਡਵੀਜ਼ਨ ਪੱਟੀ ਲਈ ਫੋਨ ਨੰਬਰ 0185-245930, ਸਬ-ਡਵੀਜ਼ਨ ਖਡੂਰ ਸਾਹਿਬ ਲਈ 01859-237358, ਸਬ-ਡਵੀਜ਼ਨ ਤਰਨ ਤਾਰਨ ਲਈ ਫੋਨ ਨੰਬਰ 01852-222555 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।