ਬੰਦ ਕਰੋ

ਸਰਕਾਰੀ ਸਕੂਲਾਂ ਵਿੱਚ ਨਾਨ ਬੋਰਡ ਜਮਾਤਾਂ ਦੇ ਨਤੀਜੇ ਐਲਾਨੇ

ਪ੍ਰਕਾਸ਼ਨ ਦੀ ਮਿਤੀ : 03/04/2023
ਸਰਕਾਰੀ ਸਕੂਲਾਂ ਵਿੱਚ ਨਾਨ ਬੋਰਡ ਜਮਾਤਾਂ ਦੇ ਨਤੀਜੇ ਐਲਾਨੇ 
 
ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਸਤਿਨਾਮ ਸਿੰਘ ਬਾਠ ਵੱਲੋਂ ਪਾਸ ਹੋਏ ਵਿਦਿਆਰਥੀਆਂ ਨੂੰ ਦਿੱਤੀ ਵਧਾਈ 
 
ਪਹਿਲੇ ਦਿਨ ਸਕੂਲ ਆਉਣ ਵਾਲੇ ਵਿਦਿਆਰਥੀਆਂ ਨੂੰ ਜੀ ਆਇਆਂ ਨੂੰ 
 
ਤਰਨ ਤਾਰਨ 31 ਮਾਰਚ :
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਗੁਰਬਚਨ ਸਿੰਘ ਦੀ ਯੋਗ ਅਗਵਾਈ ਅਤੇ ਸਮੂਹ ਸਕੂਲ ਮੁਖੀਆਂ ਵੱਲੋਂ ਨਾਨ ਬੋਰਡ ਪ੍ਰੀਖਿਆਵਾਂ ਦਾ ਨਤੀਜਾ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿਖੇ  ਘੋਸ਼ਿਤ ਕੀਤਾ ਗਿਆ । ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਦੇ ਸਵਾਗਤ ਲਈ ਸੁੰਦਰ ਬੋਰਡ ਡੇਕੋਰੇਸ਼ਨ ਕੀਤੀ ਗਈ । ਇਸ ਮੌਕੇ ਵਿਦਿਆਰਥੀਆਂ ਨੂੰ ਉਹਨਾਂ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾਉਂਦਿਆਂ, ਉਹਨਾਂ ਨੂੰ ਇਨਾਮ ਦਿੱਤੇ ਗਏ ਅਤੇ ਭਵਿੱਖ ਵਿੱਚ ਬਿਹਤਰੀਨ ਕਾਰਗੁਜ਼ਾਰੀ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਵੱਲੋਂ ਸਰਕਾਰੀ ਮਿਡਲ ਸਕੂਲ ਰੇਸ਼ਿਆਨਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਲ੍ਹਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਆਬਾਦ ਲੜਕੇ, ਸਰਕਾਰੀ ਮਿਡਲ ਸਕੂਲ ਖਵਾਸਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂੰਦਾ ਸਕੂਲਾਂ ਦਾ ਦੌਰਾ ਕੀਤਾ, ਜਿੱਥੇ ਉਹਨਾਂ ਪਾਸ ਹੋਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇੱਕ ਅਪ੍ਰੈਲ ਤੋਂ ਸਕੂਲ ਆਉਣ ਲਈ ਅਪੀਲ ਕੀਤੀ । ਇਥੇ ਵਰਨਣਯੋਗ ਹੈ ਕਿ ਪਹਿਲੀ ਅਪ੍ਰੈਲ ਤੋਂ ਨਵੇਂ ਸੈਸ਼ਨ ਦੀਆਂ ਕਲਾਸਾਂ ਸ਼ੁਰੂ ਹੋ ਰਹੀਆਂ ਹਨ।  ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਸਾਰੇ ਹੀ ਵਿਦਿਆਰਥੀਆਂ ਦੀਆਂ ਕਿਤਾਬਾਂ ਸਕੂਲਾਂ ਵਿੱਚ ਪਹੁੰਚ ਚੁੱਕੀਆਂ ਹਨ । ਉਹਨਾਂ ਸਮੂਹ ਵਿਦਿਆਰਥੀਆਂ ਨੂੰ ਨਵੀਂਆਂ ਜਮਾਤਾਂ ਵਿੱਚ ਹੋਰ ਵਧੇਰੇ ਮਿਹਨਤ, ਲਗਨ ਅਤੇ ਦ੍ਰਿੜ੍ਹਤਾ ਨਾਲ ਆਪਣੀ ਕਾਰਗੁਜ਼ਾਰੀ ਨੂੰ ਪ੍ਰਦਰਸ਼ਿਤ ਕਰਨ ਲਈ ਪ੍ਰੇਰਿਤ ਕਰਦਿਆਂ ਅਧਿਆਪਕ ਸਹਿਬਾਨ ਨੂੰ ਸ਼ੁਰੂ ਸਾਲ ਤੋਂ ਹੀ ਇਹਨਾਂ ਵਿਦਿਆਰਥੀਆਂ ਤੋਂ ਪੂਰੀ ਤਨਦੇਹੀ ਨਾਲ ਪੜਾਉਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਉਹਨਾਂ ਨਾਲ ਸ੍ਰ ਸੁਖਬੀਰ ਸਿੰਘ ਕੰਗ ਵੀ ਹਾਜ਼ਰ ਸਨ।