ਬੰਦ ਕਰੋ

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲੇ ਵਿੱਚ 1 ਲੱਖ 23 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਜਾਰੀ ਕੀਤੇ ਗਏ ਈ-ਕਾਰਡ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 16/09/2019
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲੇ ਵਿੱਚ 1 ਲੱਖ 23 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਜਾਰੀ ਕੀਤੇ ਗਏ ਈ-ਕਾਰਡ-ਡਿਪਟੀ ਕਮਿਸ਼ਨਰ
ਯੋਜਨਾ ਤਹਿਤ 14 ਸਤੰਬਰ ਤੱਕ 105 ਮਰੀਜ਼ਾਂ ਨੂੰ ਮਿਲੀ 8 ਲੱਖ 5 ਹਜ਼ਾਰ 800 ਰੁਪਏ ਦੇ ਨਗਦੀ ਰਹਿਤ ਇਲਾਜ ਦੀ ਸਹੂਲਤ-ਸਿਵਲ ਸਰਜਨ
ਤਰਨ ਤਾਰਨ, 16 ਸਤੰਬਰ :
ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਦੇਣ ਲਈ ਹੁਣ ਤੱਕ ਜ਼ਿਲੇ ਵਿੱਚ 1 ਲੱਖ 23 ਹਜ਼ਾਰ  ਤੋਂ ਵੱਧ ਪਰਿਵਾਰਾਂ ਨੂੰ ਈ-ਕਾਰਡ ਜਾਰੀ ਕੀਤੇ ਜਾ ਚੁੱਕੇ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲੇ ਵਿੱਚ ਲਗਭਗ 2 ਲੱਖ 10 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ “ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ” ਤਹਿਤ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਈ-ਕਾਰਡਜ਼ ਬਣਾਉਣ ਦਾ ਕੰਮ ਕਾਮਨ ਸਰਵਿਸ ਸੈਂਟਰਾਂ (ਸੀ. ਐਸ. ਸੀ.) ਅਤੇ ਹਸਪਤਾਲਾਂ ਵਿੱਚ ਤੇਜ਼ੀ ਨਾਲ ਚੱਲ ਰਿਹਾ ਹੈ।
ਉਨਾਂ ਕਿਹਾ ਕਿ ਇਸ ਸਰਬੱਤ ਸਿਹਤ ਬੀਮਾ ਸਕੀਮ ਤਹਿਤ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾੳੋਣ ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਗਏ ਹਨ।ਉਹਨਾਂ ਦੱਸਿਆ ਕਿ ਕਾਮਨ ਸਰਵਿਸ ਸੈਂਟਰਾਂ(ਸੀ. ਐਸ. ਸੀ.) ਅਤੇ ਹਸਪਤਾਲਾਂ ਵਿੱਚ ਯੋਗ ਪਰਿਵਾਰਾਂ ਨੂੰ ਈ-ਕਾਰਡ ਜਾਰੀ ਕਰਨ ਦੀ ਕਾਰਗੁਜ਼ਾਰੀ ਦੀ ਦੇਖ-ਰੇਖ ਦਾ ਕੰਮ ਸਟੇਟ ਸਿਹਤ ਏਜੰਸੀ ਕਰ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਰਿਵਾਰਕ ਮੈਂਬਰਾਂ ਦੀ ਗਿਣਤੀ, ਉਮਰ ਜਾਂ ਲਿੰਗ ਦੇ ਬਿਨਾਂ ਭੇਦ-ਭਾਵ ਕਰਦੇ ਹੋਏ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਸ਼ਾਮਲ ਕੀਤਾ ਗਿਆ ਹੈ। ਇਸ ਸਕੀਮ ਦਾ ਮੁੱਖ ਉਦੇਸ਼ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਸੂਬੇ ਦੇ ਲੋਕਾਂ ਉੱਤੇ ਪੈਣ ਵਾਲਾ ਆਰਥਿਕ ਬੋਝ ਘਟਾਇਆ ਜਾ ਸਕੇ। ਉਹਨਾਂ ਦੱਸਿਆ ਕਿ ਇਸ ਲੋਕ ਭਲਾਈ ਸਕੀਮ ਵਿੱਚ ਸਮਾਰਟ ਰਾਸ਼ਨ ਧਾਰਕ, ਛੋਟੇ ਵਪਾਰੀ, ਜੇ ਫਾਰਮ ਧਾਰਕ ਕਿਸਾਨ, ਛੋਟੇ ਅਤੇ ਸੀਮਾਂਤ ਕਿਸਾਨ ਅਤੇ ਪ੍ਰਮਾਣਿਤ ਤੇ ਪੀਲੇ ਕਾਰਡ ਧਾਰਕ ਪੱਤਰਕਾਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਰਾਜ ਭਰ ਵਿੱਚ “ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ” ਤਹਿਤ ਮੁਫ਼ਤ ਡਾਕਟਰੀ ਇਲਾਜ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਦੀ ਸ਼ੁਰੂਆਤ 20 ਅਗਸਤ, 2019 ਨੂੰ ਕੀਤੀ ਗਈ ਸੀ ਅਤੇ ਹੁਣ ਤੱਕ ਜ਼ਿਲਾ ਤਰਨ ਤਾਰਨ ਵਿੱਚ ਇਸ ਯੋਜਨਾ ਤਹਿਤ 119 ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਨਗਦੀ-ਰਹਿਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਗਿਆ ਹੈ।ਸਿਵਲ ਸਰਜਨ ਨੇ ਦੱਸਿਆ ਕਿ 14 ਸਤੰਬਰ ਤੱਕ ਜ਼ਿਲ੍ਹੇ ਵਿੱਚ ਇਸ ਯੋਜਨਾ ਤਹਿਤ 105 ਮਰੀਜ਼ਾਂ ਨੂੰ 8 ਲੱਖ 5 ਹਜ਼ਾਰ 800 ਰੁਪਏ ਦੇ ਨਗਦੀ-ਰਹਿਤ ਇਲਾਜ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।
ਉਹਨਾਂ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਮੰਤਵ ਨਾਲ ਸਟੇਟ ਸਿਹਤ ਏਜੰਸੀ ਵੱਲੋਂ ਸੂਚੀਬੱਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ ਅਤੇ ਮਰੀਜ਼ਾਂ ਨੂੰ ਬਿਨਾਂ ਕਿਸੇ ਮੁਸ਼ਕਿਲ ’ਤੇ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਮਿਲ ਸਕਣ ਇਸ ਲਈ ਸੂਚੀਬੱਧ ਹਸਪਤਾਲਾਂ ਵਿੱਚ “ਆਰੋਗਿਆ ਮਿੱਤਰਾ” ਨੂੰ ਨਿਯੁਕਤ ਕੀਤਾ ਗਿਆ ਹੈ। 
—————