ਬੰਦ ਕਰੋ

ਜ਼ਿਲਾ ਤਰਨਤਾਰਨ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਨਾਲੋਂ ਆਈ ਕਮੀ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 08/10/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲਾ ਤਰਨਤਾਰਨ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਨਾਲੋਂ ਆਈ ਕਮੀ-ਡਿਪਟੀ ਕਮਿਸ਼ਨਰ
ਪਰਾਲੀ ਨੁੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਕਰਦੇ ਹੋਏ ਐਫ. ਆਈ. ਆਰ., ਜੁਰਮਾਨੇ, ਜ਼ਮੀਨੀ ਰਿਕਾਰਡ ਵਿੱਚ ਕੀਤੇ ਜਾ ਰਹੇ ਹਨ ਲਾਲ ਇੰਦਰਾਜ਼
ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਵੱਖ-ਵੱਖ ਗਤੀਵਿਧੀਆਂ ਰਾਹੀਂ ਕੀਤਾ ਜਾ ਰਿਹਾ ਜਾਗਰੂਕ
ਤਰਨ ਤਾਰਨ , 07 ਅਕਤੂਬਰ
ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਪਰਮਵੀਰ ਸਿੰਘ ਆਈ. ਏ. ਐੱਸ. ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਨੈਸ਼ਨਲ ਗਰੀਨ ਟ੍ਰਿਬੂਨਿਲ, ਭਾਰਤ ਸਰਕਾਰ, ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲੇ ਵਿੱਚ ਪਰਾਲੀ ਨੁੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਕਰਦੇ ਹੋਏ ਐਫ. ਆਈ. ਆਰ., ਜੁਰਮਾਨੇ, ਜ਼ਮੀਨੀ ਰਿਕਾਰਡ ਵਿੱਚ ਲਾਲ ਇੰਦਰਾਜ਼ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੀਆਂ ਜਾਗਰੂਕਤਾ ਗਤੀਵਿਧੀਆਂ ਸਦਕਾ ਜ਼ਿਲਾ ਤਰਨਤਾਰਨ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜੋ ਕਿ ਮਿਤੀ 06 ਅਕਤੂਬਰ, 2024 ਤੱਕ ਪਿਛਲੇ ਸਾਲ 116 ਸਨ, ਇਸ ਸਾਲ ਘੱਟ ਕੇ 26 ਰਹਿ ਗਈਆਂ ਹਨ।ਉਹਨਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਤਹਿਤ ਲਗਾਏ ਗਏ ਕਲੱਸਟਰ ਅਤੇ ਨੋਡਲ ਅਫਸਰਾਂ ਵੱਲੋਂ ਪੀ. ਆਰ. ਐਸ. ਸੀ. ਸੈਟਾਲਾਈਟ ਦੁਆਰਾ ਦਰਸਾਈਆਂ ਗਈਆਂ ਅੱਗ ਲੱਗਣ ਦੇ ਸਥਾਨਾਂ ਦਾ ਤੁਰੰਤ ਦੌਰਾ ਕੀਤਾ ਜਾ ਰਿਹਾ ਹੈ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ।ਉਹਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਸਖਤੀ ਕਰਦਿਆਂ ਹੁਣ ਤੱਕ 15000 ਰੁਪਏ ਜੁਰਮਾਨਾ ਅਤੇ 4 ਐਫ. ਆਈ. ਆਰ. ਕੀਤੀਆਂ ਗਈਆ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ‘ਤੇ ਸਖਤੀ ਨਾਲ ਕਾਬੂ ਪਾਇਆ ਜਾਵੇਗਾ। ਉਹਨਾਂ ਕਿਹਾ ਇਸ ਲਈ ਸਮੂਹ ਸਿਵਲ ਤੇ ਪੁਲਿਸ ਅਧਿਕਾਰੀ ਰੋਜ਼ਾਨਾ ਫੀਲਡ ਵਿੱਚ ਰਹਿਣਗੇ ਅਤੇ ਪਰਾਲੀ ਨੰੁ ਅੱਗ ਲਾਉਣ ਵਾਲੇ ਲੋਕਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਉਣਗੇ।
ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਵਿਰੱਧ ਐੱਫ਼. ਆਈ. ਆਰ. ਦਰਜ ਕਰਕੇ ਬਣਦਾ ਜੁਰਮਾਨਾ ਵੀ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਜੇਕਰ ਕੋਈ ਪ੍ਰਸ਼ਾਸਨਿਕ ਕਾਰਵਾਈ ਵਿੱਚ ਰੁਕਾਵਟ ਪਾਉਂਦਾ ਹੈ ਤਾਂ ਉਸ ਵਿਰੁੱਧ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਹਰਪਾਲ ਸਿੰਘ ਪੰਨੂ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਆਈ. ਈ. ਸੀ. ਗਤੀਵਿਧੀਆਂ ਜਿਵੇਂ ਕਿ ਕੈਂਪ, ਵਾਲ ਪੇਟਿੰਗਾਂ, ਸਕੂਲੀ ਮੁਕਾਬਲੇ, ਬਲਾਕ ਪੱਧਰੀ ਕੈਂਪ ਅਤੇ ਆਸ਼ਾ ਵਰਕਰ ਕੈਂਪਾਂ ਰਾਂਹੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਖੇਤੀ ਮਸ਼ੀਨਾਂ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਹਨਾਂ ਨੇ ਕਿਹਾ ਕਿ ਜਿਲੇ੍ਹ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣ ਦਿੱਤੀ ਜਾਵੇਗੀ।