ਬੰਦ ਕਰੋ

ਜ਼ਿਲੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ

ਪ੍ਰਕਾਸ਼ਨ ਦੀ ਮਿਤੀ : 18/04/2023

ਦਫ਼ਤਰ ਜਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਜ਼ਿਲੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ
ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਸਬੰਧਿਤ ਅਧਿਕਾਰੀਆਂ ਨੂੰ ਅਗੇਤੇ ਪ੍ਰਬੰਧ ਕਰਨ ਲਈ ਦਿੱਤੇ ਆਦੇਸ਼
ਤਰਨ ਤਾਰਨ, 17 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਇਸ ਸਾਲ ਮੀਂਹ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਅਤੇ ਸਬੰਧਿਤ ਅਧਿਕਾਰੀਆਂ ਨੂੰ ਸੰਭਾਵੀ ਹੜਾਂ ਤੋਂ ਬਚਾਅ ਲਈ ਅਗੇਤੇ ਪ੍ਰਬੰਧ ਕਰਨ ਲਈ ਆਦੇਸ਼ ਦਿੱਤੇ ਗਏ।
ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਅਤੇ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆਂ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਐੱਸ. ਡੀ. ਐੱਮਜ਼ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੜ ਪ੍ਰਭਾਵਿਤ ਇਲਾਕਿਆਂ ਦੀ ਸੂਚੀ ਤਿਆਰ ਕਰ ਲੈਣ, ਉਹਨਾਂ ਕਿਹਾ ਕਿ ਸੰਭਾਵੀ ਹੜਾਂ ਨੂੰ ਧਿਆਨ ਵਿੱਚ ਰੱਖਦਿਆਂ ਇਹਨਾਂ ਇਲਾਕਿਆਂ ਵਿੱਚ ਰਾਹਤ ਕੇਂਦਰ ਸਥਾਪਿਤ ਕੀਤੇ ਜਾਣੇ ਹਨ ਤਾਂ ਜੋ ਹੜ ਆਉਣ ਦੀ ਸਥਿਤੀ ਵਿੱਚ ਇਹਨਾਂ ਇਲਾਕਿਆਂ ਦੇ ਲੋਕਾਂ ਨੂੰ ਆਰਜ਼ੀ ਤੌਰ ‘ਤੇ ਠਹਿਰਾਇਆ ਜਾ ਸਕੇ।
ਉਹਨਾਂ ਕਿਹਾ ਕਿ ਉਹ ਆਪਣੇ ਸਬ ਡਵੀਜਨ ਵਿੱਚ ਮੌਜੂਦ ਹੜ੍ਹ ਰਾਹਤ ਸਮੱਗਰੀ ਜਿਵੇਂ ਕਿ ਇੰਜਣਾਂ, ਕਿਸ਼ਤੀਆਂ ਆਦਿ ਦੀ ਨਿੱਜੀ ਤੌਰ ਪੜਤਾਲ ਕਰ ਲੈਣ ਤਾਂ ਜੋ ਹੜ ਸਥਿਤੀ ਵਿੱਚ ਇਹਨਾਂ ਦੀ ਵਰਤੋਂ ਕੀਤੀ ਜਾ ਸਕੇ। ਉਹਨਾਂ ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਆਦੇਸ਼ ਦਿੱਤੇ ਕਿ ਟੈਂਟ, ਤਰਪਾਲਾਂ , ਸੁੱਕੇ ਰਾਸ਼ਨ, ਪੈਟਰੋਲ, ਡੀਜ਼ਲ ਆਦਿ ਦਾ ਲੋੜੀਂਦਾ ਸਟਾਕ ਤਿਆਰ ਰੱਖਣ ਅਤੇ ਸਮਾਨ ਦੀ ਕੁਆਲਟੀ ਵਧੀਆ ਕਿਸਮ ਹੋਣੀ ਚਾਹੀਦੀ ਹੈ।ਉਹਨਾਂ ਨੇ ਕਾਰਜ ਸਾਧਕ ਅਫਸਰ ਨੂੰ ਵੀ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਸਾਫ ਪਾਣੀ ਦੇ ਟੈਕਰਾਂ ਦਾ ਵੀ ਪ੍ਰਬੰਧ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਜ਼ਰੂਰਤ ਪੈਣ ਤੇ ਇਸ ਦਾ ਇਸਤੇਮਾਲ ਕੀਤਾ ਜਾ ਸਕੇ ।
ਉਹਨਾਂ ਐਕਸੀਅਨ ਡਰੇਨਜ਼ ਨੂੰ ਹਦਾਇਤ ਕੀਤੀ ਕਿ ਉਹ ਧੁੱਸੀ ਬੰਨ ਤੇ ਐਡਵਾਂਸ ਬੰਨ ਨਾਲ ਲੱਗਦੇ ਸੰਵੇਦਨਸ਼ੀਲ ਸਥਾਨਾਂ ਤੇ ਚੱਲ ਰਹੇ ਹੜ ਰੋਕੂ ਕੰਮਾਂ ਨੂੰ ਮੁਕੰਮਲ ਕਰਨ ਅਤੇ ਡਰੇਨਾਂ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇ। ਉਹਨਾਂ ਐਕਸੀਅਨ ਮੰਡੀ ਬੋਰਡ ਨੂੰ ਹਦਾਇਤ ਕੀਤੀ ਕਿ ਸੜਕਾਂ ਦੀ ਮੁਰੰਮਤ ਦਾ ਕੰਮ ਪੂਰਾ ਕੀਤਾ ਜਾਵੇ ਅਤੇ ਪੁਲੀਆਂ ਹੇਠੋਂ ਸਫਾਈ ਯਕੀਨੀ ਬਣਾਈ ਜਾਵੇ ।
ਉਹਨਾਂ ਨੇ ਸਿਹਤ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਹੜਾਂ ਦੇ ਸੀਜ਼ਨ ਵਿੱਚ ਲੋੜੀਂਦੀਆਂ ਦਵਾਈਆਂ ਦੇ ਇੰਤਜ਼ਾਮ ਪੁਖਤਾ ਕੀਤੇ ਜਾਣ।ਡਿਪਟੀ ਕਮਿਸ਼ਨਰ ਨੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਲਈ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਅਤੇ ਚਾਰੇ ਦੇ ਪ੍ਰਬੰਧ ਕਰਨ ਨੂੰ ਯਕੀਨੀ ਬਣਾਉਣ ਦੇ ਵੀ ਆਦੇਸ਼ ਦਿੱਤੇ ।