ਬੰਦ ਕਰੋ

ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਲੋਕਾਂ ਨੂੰ ਵਿਸ਼ਵਵਿਆਪੀ ਕੋਵਿਡ-19 ਮਹਾਮਾਂਰੀ ਤੋਂ ਬਚਾਉਣ ਵਿੱਚ ਕਾਫ਼ੀ ਹੱਦ ਤੱਕ ਸਫਲ ਰਿਹਾ

ਪ੍ਰਕਾਸ਼ਨ ਦੀ ਮਿਤੀ : 30/12/2020
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਸਾਲ 2020, ਜਿਸ ਨੂੰ ਦੁਨੀਆ ਭਰ ਵਿੱਚ ਕੋਵਿਡ-19 ਮਹਮਾਂਰੀ ਕਰਕੇ ਯਾਦ ਕੀਤਾ ਜਾਵੇਗਾ”
ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਲੋਕਾਂ ਨੂੰ ਵਿਸ਼ਵਵਿਆਪੀ ਕੋਵਿਡ-19 ਮਹਾਮਾਂਰੀ ਤੋਂ ਬਚਾਉਣ ਵਿੱਚ ਕਾਫ਼ੀ ਹੱਦ ਤੱਕ ਸਫਲ ਰਿਹਾ
ਕੋਰੋਨਾ ਵਾਇਰਸ ਤੋਂ ਪੀੜ੍ਹਤ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਵੀ ਨਿਭਾਈ ਸ਼ਲਾਘਾਯੋਗ ਭੂਮਿਕਾ
ਤਰਨ ਤਾਰਨ, 29 ਦਸੰਬਰ :
ਸਾਲ 2020, ਜਿਸ ਨੂੰ ਦੁਨੀਆ ਭਰ ਵਿੱਚ ਕੋਵਿਡ-19 ਮਹਮਾਂਰੀ ਕਰਕੇ ਯਾਦ ਕੀਤਾ ਜਾਵੇਗਾ, ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਲੋਕਾਂ ਨੂੰ ਇਸ ਵਿਸ਼ਵਵਿਆਪੀ ਕੋਵਿਡ-19 ਮਹਾਮਾਂਰੀ ਤੋਂ ਬਚਾਉਣ ਵਿੱਚ ਕਾਫ਼ੀ ਹੱਦ ਤੱਕ ਸਫਲ ਰਿਹਾ।ਮੁਸ਼ਕਿਲ ਹਾਲਾਤ ਦਾ ਮੁਕਾਬਲਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਜਿਥੇ ਇਹ ਯਕੀਨੀ ਬਣਾਇਆ ਕਿ ਲੋਕ ਵਾਇਰਸ ਦਾ ਸ਼ਿਕਾਰ ਨਾ ਹੋ ਜਾਣ, ਉਥੇ ਕੋਰੋਨਾ ਵਾਇਰਸ ਤੋਂ ਪੀੜ੍ਹਤ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਵੀ ਸ਼ਲਾਘਾਯੋਗ ਭੂਮਿਕਾ ਨਿਭਾਈ। ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਯਤਨਾਂ ਦੀ ਹਰੇਕ ਨੇ ਪ੍ਰਸ਼ੰਸਾ ਕੀਤੀ। 
ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਿਵੇਂ ਜ਼ਿਲ੍ਹਾ ਪ੍ਰਸ਼ਾਸਨ ਦੀ ਪੂਰੀ ਟੀਮ ਲੋਕਾਂ ਦੀ ਭਲਾਈ ਲਈ ਸਭ ਤੋਂ ਅੱਗੇ ਰਹੀ, ਨੂੰ ਵੀ ਲੋਕਾਂ ਵੱਲੋਂ ਖੂਬ ਸਲਾਹਿਆ ਗਿਆ । ਹਾਲਾਂਕਿ ਪ੍ਰਸ਼ਾਸਨ ਦੇ ਕੁਝ ਪ੍ਰਮੁੱਖ ਅਧਿਕਾਰੀ ਵੀ ਕੋਰੋਨਾ ਪਾਜ਼ੇਟਿਵ ਹੋ ਗਏ ਸਨ ਪਰ ਉਨ੍ਹਾਂ ਕੋਵਿਡ-19 ਖਿਲਾਫ਼ ਲਗਾਤਾਰ ਲੜਾਈ ਲੜੀ ਅਤੇ ਇਸ ਤੋਂ ਲੋਕਾਂ ਦਾ ਬਚਾਅ ਯਕੀਨੀ ਬਣਾਇਆ। ਲੋਕਾਂ ਨਾਲ ਸਿੱਧੀ ਸਾਂਝ ਪਾਉਂਦਿਆਂ ਹਰ ਬੁੱਧਵਾਰ ਨੂੰ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਨਾਲ ਕੋਵਿਡ -19 ਮਹਾਂਮਾਰੀ ਬਾਰੇ ਜਾਗਰੂਕ ਕਰਨ, ਵਿਸ਼ਵਾਸ ਅਤੇ ਆਪਣੇਪਣ ਦੀ ਭਾਵਨਾ ਪੈਦਾ ਕਰਨ ਲਈ ਗੱਲਬਾਤ ਕੀਤੀ ਗਈ।
ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਹੇਠ ਸਰਕਾਰ ਵੱਲੋਂ ਜੁਲਾਈ ਤੋਂ ਨਿਰਧਾਰਤ ਸਮੇਂ ਸੀਮਾ ਵਿੱਚ ਜਨਤਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਤਰਨ ਤਾਰਨ ਜ਼ਿਲ੍ਹਾ ਅੱਗੇ ਰਿਹਾ। ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਡੇ ਪੈਮਾਨੇ `ਤੇ ਪੈਂਡੈਂਸੀ ਨੂੰ ਖਤਮ ਕਰਨ ਲਈ ਸੇਵਾ ਕੇਂਦਰਾਂ ਦੀ ਰੋਜ਼ਾਨਾ ਪ੍ਰਗਤੀ ਦੀ ਨਿਗਰਾਨੀ ਤੋਂ ਇਲਾਵਾ ਨਾਗਰਿਕਾਂ ਦੀ ਪ੍ਰਤੀਕਿਰਿਆ ਯਕੀਨੀ ਬਣਾਉਣ ਲਈ ਇਕ ਪ੍ਰਣਾਲੀ ਵਿਕਸਿਤ ਕੀਤੀ। 
ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭੇ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਫੇਜ਼-2 ਅਧੀਨ ਜ਼ਿਲ੍ਹੇ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਵੀ ਸਫ਼ਲਤਾਪੂਰਵਕ ਸ਼ੁਰੂ ਕੀਤਾ।ਇਸੇ ਤਰ੍ਹਾਂ ਪ੍ਰਸ਼ਾਸਨ ਨੇ ਪੇਂਡੂ ਖੇਤਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸਮਾਰਟ ਵਿਲੇਜ ਕੰਪੇਨ ਫੇਜ਼-2 ਅਧੀਨ ਲੱਗਭੱਗ 16209.50 ਲੱਖ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਤਰਨ ਤਾਰਨ ਦੀਆਂ 575 ਗਰਾਮ ਪੰਚਾਇਤਾਂ ਵਿੱਚ ਹੋਣ ਵਾਲੇ ਕੁੱਲ 1217 ਵਿਕਾਸ ਕਾਰਜਾਂ ਵਿੱਚੋਂ 793 ਕੰਮ ਸ਼ੁਰੂ ਕੀਤੇ। ਇਸ ਯੋਜਨਾ ਦੇ ਪਹਿਲੇ ਪੜਾਅ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਰਾਜ ਸਰਕਾਰ ਨੇ ਜ਼ਿਲ੍ਹਾ ਤਰਨ ਤਾਰਨ ਦੀਆਂ 387 ਗਰਾਮ ਪੰਚਾਇਤਾਂ ਵਿਚ 759 ਵਿਕਾਸ ਪ੍ਰਾਜੈਕਟਾਂ ਨੂੰ ਯਕੀਨੀ ਬਣਾਉਂਦਿਆਂ 3719.86 ਲੱਖ ਰੁਪਏ ਖਰਚ ਕੀਤੇ। ਜਦਕਿ ਦੂਜੇ ਪੜਾਅ ਵਿੱਚ 793 ਵਿਕਾਸ ਪ੍ਰਾਜੈਕਟ, ਜਿੰਨ੍ਹਾਂ ਵਿਚ ਸੜਕਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ, ਸਟ੍ਰੀਟਲਾਈਟ ਸਿਸਟਮ, ਨਵੀਆਂ ਸੀਵਰੇਜ ਲਾਈਨਾਂ ਪਾਉਣੀਆਂ, ਥਾਪਰ ਮਾਡਲ ਛੱਪੜਾਂ ਦੀ ਸਥਾਪਨਾ, ਇੰਟਰਲਾਕਿੰਗ ਟਾਈਲਾਂ, ਸ਼ਮਸ਼ਾਨਘਾਟਾਂ ਵਿਚ ਸ਼ੈੱਡ, ਠੋਸ ਕੂੜਾ ਪ੍ਰਬੰਧਨ, ਸੀਵਰੇਜ ਵੇਸਟ ਦਾ ਨਿਪਟਾਰਾ, ਪੰਚਾਇਤ ਘਰਾਂ ਦੀ ਉਸਾਰੀ, ਨਵੇਂ ਖੇਡ ਮੈਦਾਨ, ਕਮਿਊਨਿਟੀ ਸੈਂਟਰ ਅਤੇ ਹੋਰ ਬਹੁਤ ਸਾਰੇ ਕਾਰਜ ਸ਼ਾਮਲ ਹਨ, ਸ਼ੁਰੂ ਕੀਤੇ ਗਏ ਹਨ।
ਇਸੇ ਤਰ੍ਹਾਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਮੁੱਢਲੀਆਂ ਸਿਹਤ ਸੇਵਾਵਾਂ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਦੇ ਇਰਾਦੇ ਨਾਲ ਪ੍ਰਸ਼ਾਸਨ ਨੇ 64 ਹੈਲਥ ਐਂਡ ਵੈਲਨੈੱਸ ਸੈਂਟਰ (ਤੰਦਰੁਸਤ ਪੰਜਾਬ ਸਿਹਤ ਕੇਂਦਰ) ਤਰਨ ਤਾਰਨ ਵਾਸੀਆਂ ਨੂੰ ਵੀ ਸਮਰਪਿਤ ਕੀਤੇ। ਇਹ ਕੇਂਦਰ ਕਮਿਊਨਿਟੀ ਹੈਲਥ ਅਫਸਰਾਂ ਵੱਲੋਂ ਚਲਾਏ ਜਾ ਰਹੇ ਹਨ ਅਤੇ ਵੱਖ-ਵੱਖ ਗੈਰ-ਸੰਚਾਰੀ ਰੋਗਾਂ ਜਿਵੇਂ ਕੈਂਸਰ, ਸ਼ੂਗਰ, ਦਿਲ ਦੀਆਂ ਬਿਮਾਰੀਆਂ ਅਤੇ ਹੋਰ, ਦਾ ਇਲਾਜ ਕਰ ਰਹੇ ਹਨ। ਲੋਕਾਂ ਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਬਾਕਾਇਦਾ ਖੇਤਰ ਦੇ ਦੌਰੇ ਵੀ ਕੀਤੇ ਗਏ। ਡਿਪਟੀ ਕਮਿਸ਼ਨਰ ਅਤੇ ਹੋਰ ਉੱਚ ਅਧਿਕਾਰੀਆਂ ਵੱਲੋਂ ਬੀਤੇ ਸਾਲ ਕਈ ਥਾਵਾਂ ਦਾ ਦੌਰਾ ਕਰਨ ਤੋਂ ਬਾਅਦ ਲੋਕਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕੀਤਾ ਗਿਆ। 
ਜ਼ਿਲ੍ਹਾ ਪ੍ਰਸ਼ਾਸਨ ਨੂੰ ਰਾਜ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਜਿਵੇਂ ਸਮਾਰਟ ਵਿਲੇਜ ਕੰਪੇਨ, ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ, ਪੰਜਾਬ ਸ਼ਹਿਰੀ ਆਵਾਸ ਯੋਜਨਾ, ਗਾਰਡੀਅਨ ਆਫ਼ ਗਵਰਨੈਂਸ, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ (ਐਮਜੀਐਸਵੀਵਾਈ), ਕਿਸਾਨੀ ਕਰਜ਼ਾ ਮੁਆਫੀ ਸਕੀਮ ਅਤੇ ਹੋਰ ਨੂੰ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦਾ ਮਾਣ ਵੀ ਹਾਸਲ ਹੈ।ਜ਼ਿਲ੍ਹਾ ਪ੍ਰਸ਼ਾਸਨ ਦੇ ਠੋਸ ਯਤਨਾਂ ਸਦਕਾ ਜ਼ਿਲ੍ਹੇ ਵਿੱਚ ਲਗਭਗ 1030360.54 ਮੀਟ੍ਰਿਕ ਟਨ ਝੋਨਾ ਅਤੇ ਕਰੀਬ 617667.54 ਮੀਟ੍ਰਿਕ ਟਨ ਕਣਕ ਦੀ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਕੀਤੀ ਗਈ। ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਵੇ, ਇਹ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਵਿਚਲੇ ਖਰੀਦ ਕੇਂਦਰਾਂ ਦਾ ਦੌਰਾ ਕੀਤਾ ਗਿਆ ਅਤੇ ਇਸ ਵਿਆਪਕ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਇੱਕ ਪ੍ਰਭਾਵਸ਼ਾਲੀ ਪ੍ਰਣਾਲੀ ਵਿਕਸਿਤ ਕੀਤੀ ਗਈ। 
ਕੋਵਿਡ-19 ਦੇ ਮੱਦੇਨਜ਼ਰ ਅਨਾਜ ਦੀ ਖਰੀਦ ਦੌਰਾਨ ਅਨਾਜ ਮੰਡੀਆਂ ਵਿੱਚ ਸਮਾਜਿਕ ਦੂਰੀ ਬਣਾ ਕੇ ਰੱਖੀ ਗਈ । ਮੰਡੀਆਂ ਵਿਚ 30*30 ਫੁੱਟ ਦੇ ਅਨਾਜ ਗਰਿੱਡ ਦੀ ਨਿਸ਼ਾਨਦੇਹੀ ਕੀਤੀ ਗਈ, ਜਿਸ ਵਿਚ ਹਰੇਕ ਕਿਸਾਨ ਆਪਣੀ ਫ਼ਸਲ ਨੂੰ ਉਤਾਰਨਗੇ ਤਾਂ ਜੋ ਸਮਾਜਿਕ ਦੂਰੀ ਬਣਾਈ ਰਹੇ।ਇਸੇ ਤਰ੍ਹਾਂ ਕੈਪਟਨ ਸਰਕਾਰ ਦੀ ਪਹਿਲਕਦਮੀ `ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ 265 ਸਮਾਰਟ ਸਕੂਲ ਵੀ ਸਮਰਪਿਤ ਕੀਤੇ ਗਏ ਹਨ, ਜਿਨ੍ਹਾਂ ਦਾ ਮੰਤਵ ਜ਼ਿਲ੍ਹੇ ਵਿੱਚ ਡਿਜ਼ੀਟਲ ਸਾਖਰਤਾ ਅਤੇ ਆਨਲਾਈਨ ਕਲਾਸਾਂ ਨੂੰ ਉਤਸ਼ਾਹਿਤ ਕਰਨਾ ਹੈ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਅਤੇ ਉਨ੍ਹਾਂ ਦੀ ਭਲਾਈ ਲਈ ਨਿਰਵਿਘਨ ਸਹਿਯੋਗ ਜਾਰੀ ਰੱਖਣ ਵਾਸਤੇ ਇਸ ਸਾਲ ਚਾਰਦੀਵਾਰੀ, ਰੰਗਦਾਰ ਫਰਨੀਚਰ, ਪ੍ਰੋਜੈਕਟਰ, ਪ੍ਰਯੋਗਸ਼ਾਲਾਵਾਂ ਅਤੇ ਖੇਡ ਮੈਦਾਨ ਵਰਗੀਆਂ ਸਹੂਲਤਾਂ ਵਾਲੇ ਕੁੱਲ 54 ਸਮਾਰਟ ਸਕੂਲ ਬਣਾਏ ਗਏ ਹਨ। 
———————