ਬੰਦ ਕਰੋ

ਜ਼ਿਲ੍ਹੇ ਦੇ 81 ਮਰੀਜ਼ਾਂ ਦੇ ਕੋਰੋਨਾ ਮੁਕਤ ਹੋਣ ‘ਤੇ ਅੱਜ ਉਹਨਾਂ ਨੂੰ ਘਰਾਂ ਨੂੰ ਭੇਜਿਆ

ਪ੍ਰਕਾਸ਼ਨ ਦੀ ਮਿਤੀ : 15/05/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਾਰਨ ਤਾਰਨ
ਜ਼ਿਲ੍ਹੇ ਦੇ 81 ਮਰੀਜ਼ਾਂ ਦੇ ਕੋਰੋਨਾ ਮੁਕਤ ਹੋਣ ‘ਤੇ ਅੱਜ ਉਹਨਾਂ ਨੂੰ ਘਰਾਂ ਨੂੰ ਭੇਜਿਆ
ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਅਤੇ ਹਰਮਿੰਦਰ ਸਿੰਘ ਗਿੱਲ ਨੇ ਸਿਹਤਯਾਬ ਹੋਣ ’ਤੇ ਦਿੱਤੀਆਂ ਸ਼ੁੱਭ ਕਾਮਨਾਵਾਂ
ਕਰੋਨਾ ਮੁਕਤ ਹੋਏ ਵਿਅਕਤੀਆਂ ਨੇ ਵਧੀਆ ਇਲਾਜ ਤੇ ਦਿੱਤੀਆ ਸੁਵਿਧਾਵਾਂ ਲਈ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦਾ ਕੀਤਾ ਧੰਨਵਾਦ
ਤਰਨ ਤਾਰਨ, 15 ਮਈ :
ਕੋਵਿਡ-19 ਦੇ ਮੱਦੇਨਜ਼ਰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਅਤੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ 81 ਮਰੀਜ਼ਾਂ ਦੇ ਕੋਰੋਨਾ ਮੁਕਤ ਹੋਣ ‘ਤੇ ਅੱਜ ਉਹਨਾਂ ਨੂੰ ਘਰਾਂ ਨੂੰ ਭੇਜਿਆ ਗਿਆ। ਮਰੀਜ਼ਾਂ ਨੂੰ ਛੁੱਟੀ ਮਿਲਣ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਹਲਕਾ ਵਿਧਾਇਕ ਪੱਟੀ ਸ੍ਰੀ ਹਰਮਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨਾਂ ਨੂੰ ਸਿਹਤਯਾਬ ਹੋਣ ’ਤੇ ਸ਼ੁੱਭ ਕਾਮਨਾਵਾਂ ਦਿੱਤੀਆਂ।ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਅਤੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਅਤੇ ਸ੍ਰੀ ਹਰਮਿੰਦਰ ਸਿੰਘ ਗਿੱਲ ਨੇ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਦਿਨ-ਰਾਤ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਈਸੋਲੇਸ਼ਨ ਵਾਰਡ ਵਿਚ ਤਾਇਨਾਤ ਮੈਡੀਕਲ ਅਤੇ ਪੈਰਾ ਮੈਡੀਕਲ ਟੀਮ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ। ਉਨਾਂ ਬਾਕੀ ਮਰੀਜ਼ਾਂ ਦੇ ਵੀ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਇਸ ਮੌਕੇ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਯਾਤਰੀ ਜਿਹੜੇ ਆਈਸੋਲੇਸ਼ਨ ਸੈਂਟਰਾਂ ਵਿੱਚ ਇਲਾਜ ਲਈ ਦਾਖਲ ਕੀਤੇ ਗਏ ਸਨ।ਉਹਨਾਂ ਦੇ ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਟੈਸਟ ਨੈਗੇਟਿਵ ਆਉਣ ’ਤੇ ਛੁੱਟੀ ਦਿੱਤੀ ਗਈ ਹੈ।ਉਹਨਾਂ ਕਿਹਾ ਕਿ ਕਰੋਨਾ ਮੁਕਤ ਹੋਏ ਵਿਅਕਤੀਆਂ ਨੂੰ ਘਰ ਵਿੱਚ ਇਕਾਂਤਵਾਸ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਕੋਵਾ ਐਪ ਵੀ ਡਾਊਨਲੋਡ ਕਰਵਾਈ ਗਈ ਹੈ।
ਕਰੋਨਾ ਮੁਕਤ ਹੋਏ ਵਿਅਕਤੀਆਂ ਨੇ ਆਈਸੋਲੇਸ਼ਨ ਵਾਰਡ ਵਿਚ ਬਿਤਾਏ ਸਮੇਂ ਦੌਰਾਨ ਉਨਾਂ ਦੇ ਵਧੀਆ ਇਲਾਜ ਤੇ ਦਿੱਤੀਆ ਸੁਵਿਧਾਵਾਂ ਲਈ ਪੰਜਾਬ ਸਰਕਾਰ, ਸਿਹਤ ਵਿਭਾਗ, ਜ਼ਿਲਾ ਪ੍ਰਸ਼ਾਸਨ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ।
ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਰਮੇਸ਼, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਰਨਜੀਤ ਸਿੰਘ ਧਵਨ, ਜ਼ਿਲਾ ਐਪੀਡੀਮੋਲੋਜਿਸਟ ਡਾ. ਬਿਧੀ ਲੌਰਡ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਇੰਦਰ ਮੋਹਨ ਗੁਪਤਾ ਹਾਜ਼ਰ ਸਨ ।
————