Close

Parliamentarian Mr. Jasbir Singh Dimpa donates ventilator from his personal funds to civil hospital Tarn Taran

Publish Date : 16/04/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਵੱਲੋਂ ਸਿਵਲ ਹਸਪਤਾਲ ਤਰਨ ਤਾਰਨ ਨੂੰ ਆਪਣੇ ਨਿੱਜੀ ਫੰਡਾਂ ਵਿੱਚੋਂ ਵੈਂਟੀਲੇਟਰ ਭੇਟ
ਕਰਫ਼ਿਊ ਅਤੇ ਤਾਲਾਬੰਦੀ ਦੌਰਾਨ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿ ਕੇ ਸਮੇਂ ਦਾ ਸਦਉਪਯੋਗ ਕਰਨ ਅਤੇ ਪਰਿਵਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਦੀ ਕੀਤੀ ਅਪੀਲ
ਤਰਨ ਤਾਰਨ, 15 ਅਪ੍ਰੈਲ : 
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਵੱਲੋਂ ਅੱਜ ਸਿਵਲ ਹਸਪਤਾਲ ਤਰਨ ਤਾਰਨ ਨੂੰ ਆਪਣੇ ਨਿੱਜੀ ਫੰਡਾਂ ਵਿੱਚੋਂ ਵੈਂਟੀਲੇਟਰ ਭੇਟ ਕੀਤਾ ਗਿਆ।ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਹਲਕਾ ਵਿਧਾਇਕ ਖੇਮਕਰਨ ਸ੍ਰੀ ਸੁਖਪਾਲ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਅਤੇ ਸਿਵਲ ਸਰਜਨ ਡਾ. ਅਨੂਪ ਕੁਮਾਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਸ੍ਰੀ ਡਿੰਪਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਹੇਠ ਕਰੋਨਾ ਵਾਇਰਸ ਦੇ ਪ੍ਰਵਾਹ ਨੂੰ ਰੋਕਣ ਲਈ ਵਿੱਢੀ ਗਈ ਜੰਗ ਬੜੇ ਪ੍ਰਭਾਵਸ਼ਾਲੀ ਤਰੀਕੇ ਨਾਲ ਲੜੀ ਜਾ ਰਹੀ ਹੈ, ਜਿਸ ਦਾ ਸਦਕਾ ਜ਼ਿਲ੍ਹਾ ਤਰਨ ਤਾਰਨ ਅੱਜ ਗਰੀਨ ਜ਼ੋਨ ਵਿੱਚ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੇ 21 ਨਮੂਨੇ ਟੈਸਟ ਲਈ ਭੇਜੇ ਗਏ ਸਨ, ਜਿੰਨ੍ਹਾਂ ਵਿੱਚੋਂ 12 ਦੀ ਰਿਪੋਟਰ ਨੈਗੇਟਿਵ ਆਈ ਹੈ ਅਤੇ ਬਾਕੀਆਂ ਦੀ ਰਿਪੋਰਟ ਆਉਣੀ ਬਾਕੀ ਹੈ।
ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਕਣਕ ਦੀ ਸੁਚਾਰੂ ਖਰੀਦ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਸਮਾਜਿਕ ਦੂਰੀ ਦੀ ਵਿਵਸਥਾ ਨੂੰ ਬਣਾਏ ਰੱਖਣ।
ਉਹਨਾਂ ਕਿਹਾ ਕਿ ਕਰਫ਼ਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿਨ-ਰਾਤ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਹੈ ਅਤੇ ਜ਼ਰੂਰੀ ਵਸਤਾਂ ਤੇ ਰਾਸ਼ਨ ਘਰ-ਘਰ ਪਹੁੰਚਾਇਆ ਜਾ ਰਿਹਾ ਹੈ।ਉਹਨਾਂ ਕਿਹਾ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਵੀ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਦੀ ਮੱਦਦ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰਫ਼ਿਊ ਅਤੇ ਤਾਲਾਬੰਦੀ ਦੌਰਾਨ ਆਪਣੇ ਘਰਾਂ ਵਿੱਚ ਰਹਿ ਕੇ ਸਮੇਂ ਦਾ ਸਦਉਪਯੋਗ ਕਰਨ ਅਤੇ ਪਰਿਵਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ।
———-