Close

People will no longer question government school teachers

Publish Date : 26/04/2021
DEO
ਸਰਕਾਰੀ ਸਕੂਲ ਅਧਿਆਪਕਾਂ ਨੂੰ ਹੁਣ ਨਹੀਂ ਕਰਨਗੇ ਲੋਕ ਸਵਾਲ
ਵਿਧਾਇਕਾਂ ਤੋਂ ਲੈ ਕੇ ਅਧਿਆਪਕਾਂ ਦਾ ਵੀ ਬਣਿਆ ਸਰਕਾਰੀ ਸਕੂਲਾਂ ‘ਚ ਵਿਸ਼ਵਾਸ਼
ਤਰਨਤਾਰਨ 25 ਅਪ੍ਰੈਲ: 
ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਕੇ, ਸਕੂਲ ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਨੂੰ ਵੱਡਾ ਹੁਲਾਰਾ ਦਿੱਤਾ ਹੈ। ਰਾਜ ਦੇ ਵੱਖ-ਵੱਖ ਜ਼ਿਲਿਆਂ ‘ਚ ਸਰਕਾਰੀ ਸਕੂਲ ਅਧਿਆਪਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਕੇ, ਆਪਣੇ ਬੱਚੇ ਨਿੱਜੀ ਸਕੂਲਾਂ ‘ਚ ਪੜ੍ਹਾਉਣ ਦੀਆਂ ਤੋਹਮਤਾਂ ਦਾ ਜੁਆਬ ਦੇ ਰਹੇ ਹਨ। ਸਰਕਾਰੀ ਸਕੂਲ ਅਧਿਆਪਕਾਂ ਵੱਲੋਂ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਉਣ ਦੀ ਜਿੱਥੇ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ, ਉੱਥੇ ਹੋਰਨਾਂ ਮਹਿਕਮਿਆਂ ‘ਚ ਕਾਰਜਸ਼ੀਲ ਮਾਪੇ ਵੀ ਸਰਕਾਰੀ ਸਕੂਲਾਂ ‘ਚ ਆਪਣੇ ਬੱਚਿਆਂ ਨੂੰ ਪੜ੍ਹਾਉਣ ਵੱਲ ਤੁਰ ਪਏ ਹਨ। 
ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਪ੍ਰੇਰਨਾ ਨਾਲ ਬਹੁਤ ਸਾਰੇ ਜ਼ਿਲਿਆਂ ਦੇ ਸਿੱਖਿਆ ਅਧਿਕਾਰੀਆਂ, ਸਕੂਲ ਮੁਖੀਆਂ, ਅਧਿਆਪਕਾਂ ਤੇ ਨਾਨ-ਟੀਚਿੰਗ ਮੁਲਾਜ਼ਮਾਂ ਵੱਲੋਂ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਜਿਸ ਨਾਲ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਤੇ ਆਮ ਲੋਕਾਂ ਨੂੰ ਵੀ ਆਪਣੇ ਬੱਚੇ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਉਣ ਲਈ ਪ੍ਰੇਰਨਾ ਮਿਲ ਰਹੀ ਹੈ। 
ਦੱਸਣਯੋਗ ਹੈ ਕਿ ਫਿਰੋਜਪੁਰ ਦਿਹਾਤੀ ਹਲਕੇ ਤੋਂ ਵਿਧਾਇਕਾ ਸਤਿਕਾਰ ਕੌਰ ਨੇ ਵੀ ਆਪਣੇ ਬੱਚੇ ਨੂੰ ਸਰਕਾਰੀ ਸਕੂਲ ‘ਚ ਦਾਖਲ ਕਰਵਾ ਕੇ ਨਵੀਂ ਪਿਰਤ ਪਾਈ ਹੈ। ਤਰਨਤਾਰਨ ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਸ਼੍ਰੀ ਪਰਮਜੀਤ ਸਿੰਘ ਨੇ ਆਪਣੀ ਬੇਟੇ ਅਨਮੋਲ ਸਿੰਘ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਖੀਰਾ ਵਿਖੇੇ ਦਸਵੀਂ ਜਮਾਤ ‘ਚ ਦਾਖਲ ਕਰਵਾਇਆ ਹੈ। ਸ਼੍ਰੀਮਤੀ ਰਵਿੰਦਰ ਕੌਰ,ਸਸ ਮਿਸਟ੍ਰੈਸ ਸਹਸ ਪੰਜਵੜ੍ਹ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੇ ਸਰਕਾਰੀ ਸਕੂਲਾਂ ‘ਤੇ ਮਾਣ ਹੈ, ਜਿਸ ਸਦਕਾ ਆਪਣੇ ਬੱਚਿਆਂ ਨੂੰ ਇਨ੍ਹਾਂ ਸਕੂਲਾਂ ‘ਚ ਦਾਖਲ ਕਰਵਾਇਆ ਹੈ ਅਤੇ ਉਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਸਾਥੀ ਅਧਿਆਪਕ ਤੇ ਹੋਰ ਵਰਗਾਂ ਦੇ ਲੋਕ ਵੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਉਣ ਲਈ ਉਤਸ਼ਾਹਿਤ ਹੋ ਰਹੇ ਹਨ। ਇਸੇ ਤਰ੍ਹਾਂ ਸਰਕਾਰੀ ਮਿਡਲ ਸਕੂਲ ਮਾਣਕਪੁਰ ਦੇ ਅਧਿਆਪਕ ਸ੍ਰੀਮਤੀ ਮਨਰਾਜ ਕੌਰ ਦਾ ਕਹਿਣਾ ਹੈ ਕਿ ਉਸ ਦਾ ਬੇਟਾ ਵੀ ਸਰਕਾਰੀ ਸੀਨੀਅਰ ਸੈਕੰਡਰੀ ਕੱਚਾ ਪੱਕਾ ਪੜ੍ਹ ਰਿਹਾ ਹੈ। 
ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ। ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਤਰਨਤਾਰਨ ਸ਼੍ਰੀ ਰਾਜੇਸ਼ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ ਸ਼੍ਰੀ ਸਤਿਨਾਮ ਸਿੰਘ ਬਾਠ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਦੇ ਅਧਿਆਪਕਾਂ ਤੇ ਅਧਿਕਾਰੀਆਂ ਵੱਲੋਂ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਉਣ ਨਾਲ ਪਿਛਲੇ ਕਈ ਸਾਲਾਂ ਤੋਂ ਅਧਿਆਪਕਾਂ ਤੋਂ ਉਨ੍ਹਾਂ ਦੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਨਾ ਪੜ੍ਹਾਉਣ ਸਬੰਧੀ ਸਵਾਲ ਪੁੱਛਣੇ ਬੰਦ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅਜੋਕੇ ਸਰਕਾਰੀ ਸਕੂਲ ਹਰ ਪੱਖੋਂ ਸਮੇਂ ਦੇ ਹਾਣ ਦੇ ਹੋ ਚੁੱਕੇ ਹਨ, ਜਿਸ ਕਾਰਨ ਹਰ ਵਰਗ ਦੇ ਲੋਕ ਆਪਣੇ ਬੱਚਿਆਂ ਨੂੰ ਇਨ੍ਹਾਂ ਸਕੂਲਾਂ ‘ਚ ਦਾਖਲ ਕਰਵਾ ਰਹੇ ਹਨ।