Preliminary publication of voter list for special cursory correction of photo voter list based on eligibility date January 01, 2023-District Election Officer
ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਯੋਗਤਾ ਮਿਤੀ 01 ਜਨਵਰੀ, 2023 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਕੀਤੀ ਗਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ-ਜ਼ਿਲ੍ਹਾ ਚੋਣ ਅਫ਼ਸਰ
ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਚੋਣ ਹਲਕੇਵਾਰ ਸਪਲਾਈ ਕੀਤੇ ਗਏ ਫੋਟੋ ਵੋਟਰ ਸੂਚੀ ਦੇ ਸੈੱਟ ਅਤੇ ਸੀ. ਡੀਜ਼.
ਵੋਟਰ ਸੂਚੀ ਵਿੱਚ ਸਰਸਰੀ ਸੁਧਾਈ ਸਬੰਧੀ 08 ਦਸੰਬਰ, 2022 ਤੱਕ ਪ੍ਰਾਪਤ ਕੀਤੇ ਜਾਣਗੇ ਦਾਅਵੇ ਅਤੇ ਇਤਰਾਜ਼
ਤਰਨ ਤਾਰਨ, 09 ਨਵੰਬਰ :
ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ/ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ, 2023 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਸੂਚੀ ਦੀਆਂ ਕਾਪੀਆਂ ਦੇਣ ਲਈ ਅਤੇ ਸਰਸਰੀ ਸੁਧਾਈ ਪ੍ਰੋਗਰਾਮ ਤੋਂ ਜਾਣੂ ਕਰਵਾਉਣ ਲਈ ਬੁਲਾਈ ਮੀਟਿੰਗ ਵਿੱਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਚੋਣ ਹਲਕੇਵਾਰ ਫੋਟੋ ਵੋਟਰ ਸੂਚੀ ਦੇ ਸੈੱਟ ਅਤੇ ਸੀ. ਡੀਜ਼. (ਬਿਨਾਂ ਫੋਟੋ) ਸਪਲਾਈ ਕੀਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚੋਣਕਾਰ ਰਜਿਸਟ੍ਰੇਸ਼ਨ ਨਿਯਮ 1960 ਵਿੱਚ ਕੀਤੀ ਗਈ ਸੋਧ ਅਨੁਸਾਰ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਯੋਗਤਾ ਮਿਤੀ 01 ਜਨਵਰੀ, 2023 ਦੇ ਨਾਲ-ਨਾਲ ਹੁਣ ਕੋਈ ਵੀ ਯੋਗ ਨਾਗਰਿਕ, ਜੋ ਕਿ ਸਾਲ 2023 ਵਿੱਚ ਆਉਣ ਵਾਲੀਆਂ ਯੋਗਤਾ ਮਿਤੀਆਂ ਭਾਵ 01 ਅਪ੍ਰੈਲ, 2023, 01 ਜੁਲਾਈ, 2023 ਜਾਂ 01 ਅਕਤੂਬਰ, 2023 ਵਿੱਚੋਂ ਕਿਸੇ ਮਿਤੀ ਨੂੰ ਵੀ 18 ਸਾਲ ਦੀ ਉਮਰ ਪੂਰੀ ਕਰਨ ਵਾਲਾ ਹੈ, ਸੂਚਨਾ ਦੀ ਮਿਤੀ ਤੋਂ ਅਗਾਊਂ ਹੀ ਫਾਰਮ ਨੰਬਰ 6 ਰਾਹੀਂ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਨ ਲਈ ਦਾਅਵਾ ਕਰ ਸਕਦਾ ਹੈ। ਇਸ ਦਾਅਵੇ ’ਤੇ ਸਬੰਧਤ ਯੋਗਤਾ ਮਿਤੀ ਦੇ ਹਵਾਲੇ ਵਿੱਚ ਸਬੰਧਤ ਤਿਮਾਹੀ ਵਿੱਚ ਵਿਚਾਰ ਅਤੇ ਫੈਸਲਾ ਕੀਤਾ ਜਾਵੇਗਾ।
ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਚੋਣ ਦਫ਼ਤਰ ਪੰਜਾਬ ਵੱਲੋਂ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਉਣ ਲਈ 19 ਤੇ 20 ਨਵੰਬਰ ਅਤੇ 03 ਤੇ 04 ਦਸੰਬਰ ਮਿਤੀਆਂ ਤੈਅ ਕੀਤੀਆਂ ਗਈਆਂ ਹਨ। ਇਨ੍ਹਾਂ ਨਿਰਧਾਰਿਤ ਮਿਤੀਆਂ ਨੂੰ ਬੀ. ਐਲ. ਓਜ਼ ਵੱਲੋਂ ਸਬੰਧਤ ਬੂਥਾਂ ’ਤੇ ਬੈਠ ਕੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਮ ਜਨਤਾ/ਵੋਟਰਾਂ ਪਾਸੋਂ ਦਾਅਵੇ ਅਤੇ ਇਤਰਾਜ਼ਾਂ ਸਬੰਧੀ ਫਾਰਮ ਨੰਬਰ 6, 6ਏ 7 ਅਤੇ 8 ਪ੍ਰਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ 9 ਨਵੰਬਰ, 2022 ਤੋਂ 08 ਦਸੰਬਰ, 2022 ਤੱਕ ਪ੍ਰਾਪਤ ਹੋਣ ਵਾਲੇ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵੱਲੋਂ 26 ਦਸਬੰਰ 2022 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ, 2023 ਨੂੰ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਸੁਧਾਈ ਪ੍ਰੋਗਰਾਮ ਦੌਰਾਨ ਹਰੇਕ ਯੋਗ ਵਿਅਕਤੀ ਆਪਣੀ ਵੋਟ ਜਰੂਰ ਬਣਵਾਏ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਪਵਨ ਕੁਮਾਰ ਸ਼ਰਮਾ, ਚੋਣ ਤਹਿਸੀਲਦਾਰ ਸ੍ਰੀ ਸੁਸ਼ੀਲ ਕੁਮਾਰ, ਚੋਣ ਕਾਨੂੰਨਗੋ ਸ੍ਰੀ ਦਿਲਬਾਗ਼ ਸਿੰਘ ਅਤੇ ਸਿਮਰਨ ਸਿੰਘ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।