Close

Provide financial assistance to farmers in a transparent manner-Deputy Commissioner

Publish Date : 12/11/2019
dc

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਨੂੰ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇ ਲਾਗੂ-ਡਿਪਟੀ ਕਮਿਸ਼ਨਰ
ਯੋਗ ਕਿਸਾਨ ਤੁਰੰਤ ਸਬੰਧਿਤ ਸਰਪੰਚ ਤੇ ਪੰਚਾਇਤ ਸਕੱਤਰ ਨੂੰ ਜਮ੍ਹਾਂ ਕਰਵਾਉਣ ਫਾਰਮ
ਅਯੋਗ ਲਾਭਪਾਤਰੀ ਨੂੰ ਵਿੱਤੀ ਸਹਾਇਤਾ ਦੇਣ ਵਾਲੇ ਅਧਿਕਾਰੀ ਤੇ ਸਰਪੰਚ ਹੋਣਗੇ ਆਪ ਜਿੰਮੇਵਾਰ
ਤਰਨ ਤਾਰਨ, 12 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਸੂਬਾ ਸਰਕਾਰ ਵੱਲੋਂ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਯੋਗ ਕਿਸਾਨ ਤੁਰੰਤ ਫਾਰਮ ਭਰ ਕੇ ਸਬੰਧਤ ਸਰਪੰਚ ਤੇ ਪੰਚਾਇਤ ਸਕੱਤਰ ਨੂੰ ਦੇਣ।
ਡਿਪਟੀ ਕਮਿਸ਼ਨਰ ਨੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ 5 ਏਕੜ ਤੋਂ ਘੱਟ ਜਮੀਨ ਵਾਲੇ ਛੋਟੇ ਤੇ ਸੀਮਾਂਤ ਕਿਸਾਨ ਜੋ ਗੈਰ ਬਾਸਮਤੀ ਝੋਨੇ ਦੀ ਖੇਤੀ ਕਰਦੇ ਹਨ ਤੇ ਜਿਨ੍ਹਾਂ ਨੇ ਪਰਾਲੀ ਨੂੰ ਅੱਗ ਨਹੀਂ ਲਗਾਈ ਉਨ੍ਹਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਹਰੇਕ ਯੋਗ ਲਾਭਪਾਤਰੀ ਦੇ ਫਾਰਮ ਭਰਵਾਏ ਜਾਣ ਤਾਂ ਜੋ ਕੋਈ ਵੀ ਯੋਗ ਕਿਸਾਨ ਇਸ ਵਿੱਤੀ ਸਹਾਇਤਾ ਲੈਣ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਅਯੋਗ ਲਾਭਪਾਤਰੀ ਜਿਵੇਂ ਕਿ ਜਿਸ ਦੀ ਜ਼ਮੀਨ ਵੱਧ ਹੋਵੇ ਜਾਂ ਉਸ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਲਗਾਈ ਹੋਵੇ ਉਸ ਨੂੰ ਇਸ ਸਹਾਇਤਾ ਦਾ ਫਾਇਦਾ ਨਹੀਂ ਦਿੱਤਾ ਜਾਣਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿੱਤੀ ਸਹਾਇਤਾ ਲੈਣ ਲਈ ਕਿਸਾਨ ਵੀਰ ਸਰਪੰਚ ਤੇ ਪੰਚਾਇਤ ਸਕੱਤਰ ਤੋਂ ਫਾਰਮ ਪ੍ਰਾਪਤ ਕਰਨ ਅਤੇ ਫਾਰਮ ਭਰ ਕੇ ਤੁਰੰਤ ਜਮ੍ਹਾਂ ਕਰਵਾਉਣ ਤਾਂ ਜੋ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਸਹਾਇਤਾ ਉਨ੍ਹਾਂ ਨੂੰ ਮੁਹੱਈਆ ਕਰਵਾਈ ਜਾ ਸਕੇ।ਉਨ੍ਹਾਂ ਕਿਹਾ ਕਿ ਕਿਸਾਨ ਇਕ ਦੂਜੇ ਤੋਂ ਫਾਰਮ ਦੀ ਫੋਟੋਕਾਪੀ ਕਰਵਾ ਕੇ ਵੀ ਫਾਰਮ ਜਮ੍ਹਾਂ ਕਰਵਾ ਸਕਦੇ ਹਨ।ਉਨ੍ਹਾਂ ਕਿਹਾ ਕਿ ਫਾਰਮ ਇਕੱਤਰ ਕਰ ਕੇ ਸੂਚੀਆਂ ਪਿੰਡ ਦੀ ਸਾਂਝੀ ਥਾਂ `ਤੇ ਚਸਪਾ ਕੀਤੀਆਂ ਜਾਣਗੀਆਂ ਤਾਂ ਜੋ ਸੂਚੀ ਨੂੰ ਹਰ ਕੋਈ ਦੇਖ ਸਕੇ।
ਡਿਪਟੀ ਕਮਿਸ਼ਨਰ ਨੇ ਤਾੜਨਾ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਉਨਲ ਦੀਆਂ ਹਦਾਇਤਾਂ ਮੁਤਾਬਕ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਖਿਲਾਫ ਐਫ.ਆਈ.ਆਰ. ਦਰਜ ਕਰਕੇ ਉਨ੍ਹਾਂ ਦੇ ਜ਼ਮੀਨੀ ਮਾਲ ਰਿਕਾਰਡ ਵਿੱਚ ਰੈਡ ਐਂਟਰੀ ਪਾਈ ਜਾਵੇਗੀ। ਇਸ ਕਰਕੇ ਉਨ੍ਹਾਂ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਸਾਂਭ-ਸੰਭਾਲ ਕੀਤੀ ਜਾਵੇ।
————