Providing higher education to girls in the border areas is the great need of the hour-Governor Mr. Gulab Chand Kataria
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਰਹੱਦੀ ਇਲਾਕਿਆਂ ਵਿੱਚ ਲੜਕੀਆਂ ਨੂੰ ਉੱਚ ਸਿੱਖਿਆ ਮੁਹੱਈਆ ਕਰਵਾਉਣਾ ਸਮੇਂ ਦੀ ਬਹੁਤ ਵੱਡੀ ਲੋੜ-ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ
ਪੰਜਾਬ ਦੇ ਰਾਜਪਾਲ ਨੇ ਜ਼ਿਲ੍ਹਾ ਤਰਨ ਤਾਰਨ ਦਾ ਦੌਰਾ ਕਰਦਿਆਂ ਪਿੰਡ ਪੱਧਰੀ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਕੀਤਾ ਸੰਬੋਧਨ
ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਤੇ ਮੁਸ਼ਕਿਲਾਂ ਸਬੰਧੀ ਹਾਸਿਲ ਕੀਤੀ ਜਾਣਕਾਰੀ
ਭਿੱਖੀਵਿੰਡ, (ਤਰਨ ਤਾਰਨ), 06 ਨਵੰਬਰ :
ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਰਾਜ ਦੇ ਸਰਹੱਦੀ ਜ਼ਿਲ੍ਹਿਆਂ ਦੇ ਕੀਤੇ ਜਾ ਰਹੇ ਦੌਰੇ ਦੌਰਾਨ ਅੱਜ ਜ਼ਿਲ੍ਹਾ ਤਰਨ ਤਾਰਨ ਦਾ ਦੌਰਾ ਕਰਦਿਆਂ ਭਿੱਖੀਵਿੰਡ ਦੇ ਇੱਕ ਸਕੂਲ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਸਰਹੱਦੀ ਪਿੰਡਾਂ ਵਿੱਚ ਬਣੀਆਂ ਪਿੰਡ ਪੱਧਰੀ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕੀਤਾ ਗਿਆ ਅਤੇ ਉਹਨਾਂ ਤੋਂ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਤੇ ਮੁਸ਼ਕਿਲਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ।
ਇਸ ਮੌਕੇ ਸੰਬੋਧਨ ਕਰਿਦਆਂ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆਂ ਨੇ ਕਿਹਾ ਕਿ ਸਰਹੱਦੀ ਇਲਾਕਿਆਂ ਵਿੱਚ ਲੜਕੀਆਂ ਨੂੰ ਉੱਚ ਸਿੱਖਿਆ ਮੁਹੱਈਆ ਕਰਵਾਉਣਾ ਸਮੇਂ ਦੀ ਬਹੁਤ ਵੱਡੀ ਲੋੜ ਹੈ ਅਤੇ ਮਾਪੇ ਆਪਣੀਆਂ ਧੀਆਂ ਨੂੰ ਆਧੁਨਿਕ ਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਅੱਗੇ ਆਉਣ ਤਾਂ ਜੋ ਉਹ ਦੇਸ਼ ਤੇ ਸਮਾਜ ਦੀ ਤਰੱਕੀ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾ ਸਕਣ।
ਉਹਨਾਂ ਕਿਹਾ ਕਿ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ ਤਾਂ ਜੋ ਇਹਨਾਂ ਇਲਾਕਿਆਂ ਦੇ ਲੋਕਾਂ ਨੂੰ ਸੜਕਾਂ, ਆਵਾਜਾਈ ਸਹੂਲਤਾਂ, ਆਧੁਨਿਕ ਤੇ ਮਿਆਰੀ ਸਿੱਖਿਆ, ਰੋਜ਼ਗਾਰ, ਪੀਣ ਵਾਲ ਸਾਫ਼ ਪਾਣੀ ਅਤੇ ਸਿਹਤ ਸਹੂਲਤਾਂ ਹੋਰ ਬਿਹਤਰ ਢੰਗ ਤੇ ਪਹਿਲ ਦੇ ਆਧਾਰ ‘ਤੇ ਮਿਲ ਸਕਣ।
ਉਹਨਾਂ ਕਿਹਾ ਕਿ ਸਮਾਜ ਵਿੱਚ ਨਸ਼ੇ ਵਰਗੀ ਭਿਆਨਕ ਬਿਮਾਰੀ ਨਾਲ ਨਜਿੱਠਣ ਲਈ ਮਹਿਲਾਵਾਂ ਨੂੰ ਵਧ ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਆਮ ਲੋਕਾਂ ਤੇ ਖਾਸਕਰ ਔਰਤਾਂ ਦੇ ਸਹਿਯੋਗ ਨਾਲ ਹੀ ਅਸੀਂ ਨੌਜਵਾਨ ਪੀੜ੍ਹੀ ਨੂੰ ਨਸ਼ੇ ਵਰਗੀ ਭੈੜੀ ਬਿਮਾਰ ਤੋਂ ਬਚਾ ਸਕਦੇ ਹਾਂ। ਉਹਨਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਬਹੁਤ ਵੱਡੀ ਲੋੜ ਹੈ। ਉਹਨਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਵਿੱਚ ਸਮਰੱਥਾਂ ਦੀ ਕੋਈ ਘਾਟ ਨਹੀਂ ਹੈ।
ਉਹਨਾਂ ਕਿਹਾ ਕਿ ਰਾਜ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਰਹੱਦ ਦੇ ਨੇੜਲੇ ਪਿੰਡਾਂ ‘ਚ ਪਿੰਡ ਪੱਧਰੀ ਸੁਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਸਰਹੱਦੀ ਇਲਾਕਿਆਂ ਵਿੱਚ ਸਾਮਜ ਵਿਰੋਧੀ ਅਨਸਰਾਂ ਖਿਲਾਫ ਜਾਗਰੂਕਤਾ ਦਾ ਕੰਮ ਕਰਦੀਆਂ ਹਨ ਅਤੇ ਇਹਨਾਂ ਦੀ ਸੂਚਨਾ ਪੁਲਿਸ ਅਤੇ ਬੀਐਸਐਫ ਨੂੰ ਉਪਲਬੱਧ ਕਰਵਾਉਂਦੀਆਂ ਹਨ।
ਉਹਨਾਂ ਕਿਹਾ ਕਿ ਸਰਹੱਦੀ ਖੇਤਰਾਂ ਦੀਆਂ ਮੁਸਕਿਲਾਂ ਅਤੇ ਸਮਰੱਥਾਵਾਂ ਨੂੰ ਉਹ ਹੋਰ ਬਿਹਤਰ ਤਰੀਕੇ ਨਾਲ ਜਾਣਨ ਲਈ ਪਿੰਡ ਪੱਧਰੀ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨੰੁ ਸਮੇਂ-ਸਮੇਂ ‘ਤੇ ਰਾਜਭਵਨ ਬੁਲਾਇਆ ਜਾਇਆ ਕਰੇਗਾ ਤਾਂ ਜੋ ਉਹਨਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਦਾ ਢੁਕਵਾਂ ਹੱਲ ਕੀਤਾ ਜਾ ਸਕੇ।
ਇਸ ਉਪਰੰਤ ਉਹਨਾਂ ਬੀ. ਐੱਸ. ਐੱਫ਼. ਕੈਂਪ ਭਿੱਖੀਵਿੰਡ ਵਿਖੇ ਵਾਲੀਬਲ ਮੈਚ ਦਾ ਵੀ ਆਨੰਦ ਮਾਣਿਆ।
ਇਸ ਮੌਕੇ ਅਡੀਸ਼ਨਲ ਚੀਫ਼ ਸੈਕਟਰੀ ਸ੍ਰੀ ਕੇ ਸ਼ਿਵਾ ਪ੍ਰਸ਼ਾਦ, ਪ੍ਰਿੰਸੀਪਲ ਸਕੱਤਰ ਸ੍ਰੀ ਵੀਕੇ ਮੀਨਾ, ਕਮਿਸ਼ਨਰ ਜਲੰਧਰ ਡਵੀਜ਼ਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਡੀਆਈਜੀ ਰਣਜੀਤ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਐਸਐਸਪੀ ਸ੍ਰੀ ਅਭਿਮਨਿੳ ਰਾਣਾ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜਰ ਸਨ।