Punjab Education Revolution has brought a huge change to further elevate the educational standard of government schools – Cabinet Minister S. Laljit Singh Bhullar

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਰਕਾਰੀ ਸਕੂਲਾਂ ਦੇ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਨੇ ਲਿਆਂਦਾ ਬਹੁਤ ਵੱਡਾ ਬਦਲਾਅ-ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ
ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋ ਹਟਾ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾ ਰਹੇ ਹਨ ਲੋਕ-ਲਾਲਜੀਤ ਸਿੰਘ ਭੁੱਲਰ
ਕੈਬਨਿਟ ਮੰਤਰੀ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 02 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਪੱਟੀ, 23 ਅਪ੍ਰੈਲ :
ਸਰਕਾਰੀ ਸਕੂਲਾਂ ਦੇ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਬਹੁਤ ਵੱਡਾ ਬਦਲਾਅ ਲੈ ਕੇ ਆ ਰਹੀ ਹੈ ਅਤੇ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋ ਹਟਾ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾ ਰਹੇ ਹਨ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਧਾਨ ਸਭਾ ਹਲਕਾ ਪੱਟੀ ਵਿੱਚ ਪੈਂਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਲੱਗਭੱਗ 02 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।
ਇਸ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵੱਲ ਲੋਕਾਂ ਦਾ ਇਹ ਰੁਝਾਨ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵੱਲੋਂ ਸਕੂਲਾਂ ਵਿਚ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਦਾ ਹੀ ਨਤੀਜਾ ਹੈ।ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਮੁੱਢਲੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਵਾਂਗ ਮਿਆਰੀ ਵਿੱਦਿਆ ਹਾਸਲ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਫਲਤਾ ਪ੍ਰਾਪਤ ਕਰ ਸਕਣ।
ਸ. ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿਚ ਇਤਿਹਾਸਕ ਇਨਕਲਾਬ ਦੀ ਸ਼ੁਰੂਆਤ ਹੋਈ ਹੈ ਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿਚ 12 ਫੀਸਦੀ ਬਜਟ ਦਾ ਵਾਧਾ ਕਰ ਕੇ ਇਤਿਹਾਸ ਸਿਰਜਿਆ ਹੈ।ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ਵਿਚ ਪਹੁੰਚ ਗਏ ਸਨ ਅਤੇ ਲੋਕ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ `ਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗ ਪਏ ਸਨ, ਪ੍ਰੰਤੂ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਾਰਜਭਾਰ ਸੰਭਾਲਿਆ ਹੈ ਉਦੋਂ ਤੋਂ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਤਰਜੀਹੀ ਖੇਤਰ ਮੰਨਦੇ ਹੋਏ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਸਦਕਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿਚ ਵੱਡਾ ਵਾਧਾ ਹੋਇਆ ਹੈ ਤੇ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਕੱਢ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾ ਰਹੇ ਹਨ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਕਿੜੀਆਂ, ਸਰਕਾਰੀ ਸੀਨੀਅਰ ਸੈਕੰਡਰੀ ਤੇ ਐਲੀਮੈਂਟਰੀ ਸਕੂਲ ਹਰੀਕੇ, ਸਰਕਾਰੀ ਹਾਈ ਸਕੂਲ ਬੂਹ ਅਤੇ ਸਰਕਾਰੀ ਹਾਈ ਸਕੂਲ ਕਿਰਤੋਵਾਲ ਕਲਾਂ, ਸਰਕਾਰੀ ਐਲੀਮੈਂਟਰੀ ਸਕੂਲ ਜੋਤੀ ਸ਼ਾਹ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਜੋੜ ਸਿੰਘ ਵਾਲਾ ਵਿਖੇ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ ਸੰਧੂ, ਸਰਪੰਚ ਇਕਬਾਲ ਸਿੰਘ ਸਿੱਧੂ ਹਰੀਕੇ, ਸਰਪੰਚ ਗੁਰਮੇਜ ਸਿੰਘ ਬੂਹ, ਪ੍ਰਗਟ ਸਿੰਘ ਹਰੀਕੇ, ਅਮਰੀਕ ਸਿੰਘ, ਭੁਪਿੰਦਰ ਸਿੰਘ ਕੱਪੜੇ ਵਾਲੇ, ਰੇਸ਼ਮ ਸਿੰਘ, ਅੰਗਰੇਜ਼ ਸਿੰਘ, ਪਰਮਜੀਤ ਸਿੰਘ ਕਰੀਰ, ਹਰਇੰਦਰਪਾਲ ਸਿੰਘ, ਪਰਮਜੀਤ ਸਿੰਘ ਮੁਨੀਮ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂਆਂ ਸਮੇਤ ਸਿੱਖਿਆ ਵਿਭਾਗ ਦੇ ਅਧਿਕਾਰੀ, ਸਕੂਲੀ ਵਿਦਿਆਰਥੀ ਤੇ ਮਾਪੇ ਹਾਜ਼ਰ ਸਨ।