Close

Punjab Government is determined to solve the problems of all sections of the society – Cabinet Minister Mr. Sukhbinder Singh Sarkaria

Publish Date : 31/05/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਦ੍ਰਿੜ ਸੰਕਲਪ- ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ
ਕੈਬਨਿਟ ਮੰਤਰੀ ਦੀ ਮੌਜੂਦਗੀ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਿਵਲ ਹਸਪਤਾਲ ਤਰਨ ਤਾਰਨ ਨੂੰ ਭੇਂਟ ਕੀਤਾ ਗਿਆ ਵੈਂਟੀਲੇਟਰ
ਤਰਨ ਤਾਰਨ, 31 ਮਈ : 
ਸਰਕਾਰ ਲੋਕਾਂ ਦੀ ਸੇਵਾ ਕਰਨ ਲਈ ਹੀ ਬਣੀ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਦ੍ਰਿੜ ਸੰਕਲਪ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਕੋਵਿਡ-19 ਦੌਰਾਨ ਜ਼ਿਲ੍ਹੇ ਵਿੱਚ ਕੀਤੇ ਗਏ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਿਦਆਂ ਕੀਤਾ।
ਸ੍ਰੀ ਸਰਕਾਰੀਆ ਕਿਹਾ ਕਿ ਕਰੋਨਾ ਵਾੲਰਿਸ ਦੇ ਚੱਲਦੇ ਸਮਾਜ ਦੇ ਕਿਸੇ ਵੀ ਵਰਗ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋੜਵੰਦਾਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾਵੇਗੀ।ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਰੋਨਾ ਵਾਇਰਸ ਦੇ ਖਤਰੇ ਤੋਂ ਬਚਣ ਲਈ ਸਰਕਾਰ ਦੁਆਰਾ ਸਮੇਂ-ਸਮੇਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ।    
ਇਸ ਉਪਰੰਤ ਕੈਬਨਿਟ ਮੰਤਰੀ ਪੰਜਾਬ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਮੌਜੂਦਗੀ ਵਿੱਚ ਉੱਘੇ ਸਮਾਜ ਸੇਵਕ ਡਾ. ਐਸ. ਪੀ. ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕਰੋਨਾ ਵਾਇਰਸ ਦੇ ਚੱਲਦਿਆਂ ਸਿਵਲ ਹਸਪਤਾਲ ਤਰਨ ਤਾਰਨ ਨੂੰ ਵੈਂਟੀਲੇਟਰ ਭੇਂਟ ਕੀਤਾ ਗਿਆ।
ਇਸੇ ਮੌਕੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਪੰਜਾਬ ਸਰਕਾਰ ਵੱਲੋਂ ਡਾ. ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਨਾਜ਼ੁਕ ਹਾਲਾਤਾਂ ਦੌਰਾਨ ਉਨ੍ਹਾਂ ਵੱਲੋਂ ਹਰੇਕ ਖੇਤਰ ਅੰਦਰ ਆਪਣੇ ਨਿਸ਼ਕਾਮ ਸੇਵਾ ਕਾਰਜਾਂ ਰਾਹੀਂ ਸਰਕਾਰ ਤੇ ਆਮ ਜਨਤਾ ਦਾ ਜੋ ਸਾਥ ਦਿੱਤਾ ਜਾ ਰਿਹਾ ਹੈ, ਉਸ ਨੂੰ ਸ਼ਬਦਾਂ `ਚ ਬਿਆਨ ਕਰਨਾ ਬਹੁਤ ਔਖਾ ਹੈ।ਉਹਨਾਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਿਵਲ ਹਸਪਤਾਲ ਤਰਨ ਤਾਰਨ ਨੂੰ ਇੱਕ ਡਾਇਲਸਿਜ਼ ਸਿਸਟਮ ਵੀ ਜਲਦੀ ਮਹੱਈਆ ਕਰਵਾਇਆ ਜਾਵੇਗਾ।
       ਇਸ ਮੌਕੇ ਡਾ. ਐੱਸ. ਪੀ. ਸਿੰਘ ਓਬਰਾਏ ਨੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆਂ, ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਹਲਕਾ ਵਿਧਾਇਕ ਪੱਟੀ ਸ੍ਰ. ਹਰਮਿੰਦਰ ਸਿੰਘ ਗਿੱਲ ਦੀ ਮੌਜੂਦਗੀ `ਚ ਦੱਸਿਆ ਕਿ ਕਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤਾਂ ਨਾਲ ਨਜਿੱਠਣ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 50 ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਸੁੱਕਾ ਰਾਸ਼ਨ ਦੇਣ ਤੋਂ ਇਲਾਵਾ ਸਾਰੇ ਮੈਡੀਕਲ ਕਾਲਜਾਂ, ਹਰੇਕ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ, ਏਅਰਪੋਰਟ ਅਥਾਰਟੀਆਂ ਅਤੇ ਸਿਵਲ ਤੇ ਪੁਲੀਸ ਪ੍ਰਸ਼ਾਸਨਾਂ ਆਦਿ ਨੂੰ ਮੋਹਰਲੀ ਕਤਾਰ `ਚ ਲੜਨ ਵਾਲੇ ਕਰਮਚਾਰੀਆਂ ਦੀ ਸਿਹਤ ਦੀ ਸੁਰੱਖਿਆ ਲਈ ਲੋੜੀਂਦਾ ਸਾਮਾਨ ਮੁਹੱਈਆ ਕਰਾਉਣ ਲਈ 20 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। 
ਉਨ੍ਹਾਂ ਕਿਹਾ ਕਿ ਜਿੰਨਾ ਚਿਰ ਤੱਕ ਇਹ ਬਿਪਤਾ ਟੱਲ ਨਹੀਂ ਜਾਂਦੀ, ਉਨਾਂ ਚਿਰ ਤੱਕ ਉਹ ਸਾਰੇ ਸੇਵਾ ਕਾਰਜ ਨਿਰੰਤਰ ਨਿਭਾਉਂਦੇ ਰਹਿਣਗੇ ਅਤੇ ਭਵਿੱਖ ਵਿੱਚ ਵੀ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਦੀ ਮੰਗ ਅਨੁਸਾਰ ਟਰੱਸਟ ਵੱਲੋਂ ਤੁਰੰਤ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ ਜਾਵੇਗਾ।      
ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਐੱਸ. ਐੱਸ, ਪੀ. ਤਰਨ ਤਾਰਨ ਸ੍ਰੀ ਧਰੁਵ ਦਾਹੀਆ, ਸਿਵਲ ਸਰਜਨ ਡਾ. ਅਨੂਪ ਕੁਮਾਰ ਅਤੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ।
————