Close

Punjab Government issues advisory on safe procurement and marketing of wheat in view of Covid-19 epidemic: Deputy Commissioner

Publish Date : 12/04/2021
DC Sir
ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕਣਕ ਦੀ ਸੁਰੱਖਿਅਤ ਖਰੀਦ ਅਤੇ ਮੰਡੀਕਰਨ ਬਾਰੇ ਜਾਰੀ ਕੀਤੀ ਐਡਵਾਈਜ਼ਰੀ-ਡਿਪਟੀ ਕਮਿਸ਼ਨਰ
ਤਰਨ ਤਾਰਨ, 11 ਅਪ੍ਰੈਲ :
ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕਣਕ ਦੀ ਸੁਰੱਖਿਅਤ ਖਰੀਦ ਅਤੇ ਮੰਡੀਕਰਨ ਬਾਰੇ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।ਇਹ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ ਕਿਸਾਨਾਂ, ਕੰਬਾਈਨ ਓਪਰੇਟਰਾਂ, ਕਿਰਤੀਆਂ, ਆੜ੍ਹਤੀਆਂ, ਦੁਕਾਨਦਾਰਾਂ ਅਤੇ ਟਰਾਂਸਪੋਰਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀਆਂ, ਖਰੀਦ ਏਜੰਸੀਆਂ ਨੂੰ ਆਪਣੇ-ਆਪਣੇ ਖੇਤਰ ਵਿੱਚ ਇਹ ਦਿਸ਼ਾ ਨਿਰਦੇਸ਼ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਢੀ ਦੇ ਕਾਰਜਾਂ ਵਿੱਚ ਲੱਗੇ ਸਾਰੇ ਵਿਅਕਤੀਆਂ ਨੂੰ ਹਰ ਸਮੇਂ ਮਾਸਕ ਪਹਿਣ ਕੇ ਰੱਖਣ ਦੇ ਨਾਲ ਨਾਲ ਨਿਮਯਤ ਅੰਤਰਾਲਾਂ `ਤੇ ਸਾਬਣ ਨਾਲ ਹੱਥ ਧੋਣੇ ਯਕੀਨੀ ਬਣਾਉਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸਹੀ, ਸਮੇਂ ਸਿਰ ਅਤੇ ਪ੍ਰਮਾਣਿਕ ਜਾਣਕਾਰੀ ਲਈ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ “ਕੋਵਾ ਐਪ” ਡਾਊਨਲੋਡ ਕਰਨ ਲਈ ਸਲਾਹ ਦਿੱਤੀ ਜਾਂਦੀ ਹੈ ਅਤੇ ਵਾਢੀ ਦੌਰਾਨ ਜੇਕਰ ਕੋਈ ਵਿਅਕਤੀ ਪਾਜ਼ੇਟਿਵ ਕੇਸ ਦੇ ਸੰਪਰਕ ਵਿੱਚ ਆਉਂਦਾ ਹੈ ਤਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਅਜਿਹੇ ਮਾਮਲੇ ਵਿੱਚ ਹੈਲਪਲਾਈਨ ਨੰਬਰ 104 `ਤੇ ਸੰਪਰਕ ਕਰਨਾ ਚਾਹੀਦਾ ਹੈ ਅਤੇ ਇਸ ਸਬੰਧੀ ਪੂਰੀ ਜਾਣਕਾਰੀ ਦੇਣੀ ਚਾਹੀਦੀ ਹੈ।
ਉਹਨਾਂ ਕਿਹਾ ਕਿ ਕੰਬਾਈਨ ਓਪਰੇਟਰ ਅਤੇ ਉਸਦੇ ਨਾਲ ਕੰਮ ਕਰਨ ਵਾਲੇ ਕਾਮਿਆਂ ਨੂੰ ਹਮੇਸ਼ਾਂ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਮਹਾਂਮਾਰੀ ਦੌਰਾਨ ਢੁੱਕਵੀਂ ਸਮਾਜਕ ਦੂਰੀ ਬਣਾ ਕੇ ਰੱਖਣਾ ਵਧੇਰੇ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟਰ ਅਤੇ ਉਸ ਦੇ ਕਰਮਚਾਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਕ ਦੂਜੇ ਨੂੰ ਮਿਲਣ ਸਮੇਂ ਕਿਸੇ ਨਾਲ ਹੱਥ ਨਾ ਮਿਲਾਉਣ ਜਾਂ ਗਲੇ ਨਾ ਮਿਲਣ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀਆਂ ਆਪਣੀਆਂ ਦਫਤਰੀ ਥਾਂਵਾਂ ਦੀ ਸਾਂਭ-ਸੰਭਾਲ ਅਤੇ ਸੈਨੀਟਾਈਜੇਸ਼ਨ ਨੂੰ ਯਕੀਨੀ ਬਣਾਉਣਗੀਆਂ ਅਤੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਸਬੰਧੀ ਜਾਰੀ ਵਿਸਥਾਰਤ ਐਸ. ਓ. ਪੀ. ਦੀ ਸਖ਼ਤੀ ਨਾਲ ਪਾਲਣਾ ਕਰਨਗੀਆਂ।