Punjab Government to provide adequate compensation to farmers affected by water loss : Mr. Manjinder Singh Lalpura
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪਾਣੀ ਦੀ ਮਾਰ ਹੇਠ ਆਈਆਂ ਫਸਲਾਂ ਦੇ ਨੁਕਸਾਨ ਦਾ ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਵੇਗਾ ਉਚਿਤ ਮੁਆਵਜ਼ਾ-ਸ੍ਰੀ ਮਨਜਿੰਦਰ ਸਿੰਘ ਲਾਲਪੁਰਾ
ਵਿਧਾਇਕ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਖੇ ਦਰਿਆ ਬਿਆਸ ਵਿੱਚ ਪਾਣੀ ਦੇ ਵਹਾਅ ਦਾ ਲਿਆ ਜਾਇਜ਼ਾ ਤੇ ਪ੍ਰਭਾਵਿਤ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ
ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਦਰਿਆਈ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
ਖਡੂਰ ਸਾਹਿਬ, (ਤਰਨ ਤਾਰਨ), 18 ਅਗਸਤ :
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਖਡੂਰ ਵਿੱਚ ਦਰਿਆਈ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ।ਇਸ ਮੌਕੇ ਉਹਨਾਂ ਵੱਖ-ਵੱਖ ਪਿੰਡਾਂ ਕੰਬੋ ਢਾਏ ਵਾਲਾ, ਚੰਬਾ ਕਲਾਂ, ਧੁੰਨ ਢਾਏ ਵਾਲਾ, ਘੜਕਾ ਅਤੇ ਮੁੰਡਾ ਪਿੰਡ ਵਿਖੇ ਬਿਆਸ ਦਰਿਆ ਵਿੱਚ ਪਾਣੀ ਦੇ ਵਹਾਅ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਪਿਆਰ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਮਨਦੀਪ ਸਿੰਘ ਤੋਂ ਇਲਾਵਾ ਸਬੰਧਿਤ ਪਿੰਡਾਂ ਦੇ ਪੰਚ-ਸਰਪੰਚ ਤੇ ਮੋਹਤਬਰ ਵਿਅਕਤੀ ਤੇ ਪਿੰਡ ਵਾਸੀ ਹਾਜ਼ਰ ਸਨ।
ਇਸ ਮੌਕੇ ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਿਆਈ ਪਾਣੀ ਨਾਲ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਪਾਣੀ ਦੀ ਮਾਰ ਹੇਠ ਆਈਆਂ ਫਸਲਾਂ ਦੇ ਨੁਕਸਾਨ ਦਾ ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਹਰ ਮੁਸ਼ਕਿਲ ਸਮੇਂ ਉਹਨਾਂ ਦੇ ਨਾਲ ਖੜੀ ਹੈ ਅਤੇ ਹੁਣ ਵੀ ਦਰਿਆਈ ਪਾਣੀ ਨਾਲ ਪ੍ਰਭਾਵਿਤ ਕਿਸਾਨਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ।
ਸ੍ਰੀ ਮਨਜਿੰਦਰ ਸਿੰਘ ਲਾਲਾਪੁਰਾ ਨੇ ਹਲਕੇ ਦੇ ਦਰਿਆ ਕੰਡੇ ਵਸੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ, ਪੰਜਾਬ ਸਰਕਾਰ ਨੇ ਸੰਭਾਵੀਂ ਹੜ੍ਹਾਂ ਦੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕੀਤੇ ਹੋਏ ਹਨ।ਉਹਨਾਂ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਦਰਿਆ ਵਿੱਚ ਪਾਣੀ ਦੇ ਵਹਾਅ ਅਤੇ ਪੱਧਰ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਮੈਦਾਨੀ ਅਤੇ ਪਹਾੜੀ ਖੇਤਰਾਂ ਵਿੱਚ ਪੈ ਰਹੀ ਭਾਰੀ ਬਾਰਸ਼ ਕਾਰਨ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵਧਿਆ ਹੈ।ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਅਜੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ।