Close

Registration of more than 24,000 families in the district under Sarbat Sehat Bima Yojna till now – Deputy Commissioner Tarn Taran

Publish Date : 20/08/2019
DC
 
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹੁਣ ਤੱਕ ਜ਼ਿਲ੍ਹੇ ਦੇ 24 ਹਜ਼ਾਰ ਤੋਂ ਵੱਧ ਪਰਿਵਾਰਾਂ ਦੀ ਕੀਤੀ ਗਈ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
ਯੋਜਨਾ ਤਹਿਤ ਰਾਜ ਦੇ 43 ਲੱਖ ਤੋਂ ਵੱਧ ਪਰਿਵਾਰਾਂ ਨੂੰ ਹੋਵੇਗਾ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ-ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਅਤੇ ਸ੍ਰੀ ਹਰਮਿੰਦਰ ਸਿੰਘ ਗਿੱਲ
ਡਿਪਟੀ ਕਮਿਸ਼ਨਰ, ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਅਤੇ ਸ੍ਰੀ ਹਰਮਿੰਦਰ ਸਿੰਘ ਗਿੱਲ ਨੇ ਕੀਤੀ ਅਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੀ ਰਸਮੀਂ ਸ਼ੁਰੂਆਤ 
ਤਰਨ ਤਾਰਨ, 20 ਅਗਸਤ :
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਮਕਸਦ ਨਾਲ ਸ਼ੁਰੂ ਕੀਤੀ ਗਈ ਅਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੀ ਰਸਮੀਂ ਸ਼ੁਰੂਆਤ ਅੱਜ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਅਤੇ ਹਲਕਾ ਵਿਧਾਇਕ ਪੱਟੀ ਸ੍ਰੀ ਹਰਮਿੰਦਰ ਸਿੰਘ ਗਿੱਲ ਵੱਲੋਂ ਅੱਜ ਸਥਾਨਕ ਜਨਤਾ ਪੈਲੇਸ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੀਤੀ ਗਈ।ਇਸ ਮੌਕੇ ਸਿਵਲ ਸਰਜਨ ਡਾ. ਅਨੂਪ ਕੁਮਾਰ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਤੇ ਸ਼ਹਿਰ ਵਾਸੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਜ਼ਿਲ੍ਹੇ ਦੇ ਲੱਗਭੱਗ 2,10,609 ਪਰਿਵਾਰਾਂ ਨੂੰ ਹੋਵੇਗਾ।ਉਹਨਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਹੁਣ ਤੱਕ 24 ਹਜ਼ਾਰ ਤੋਂ ਵੱਧ ਪਰਿਵਾਰਾਂ ਦੀ ਰਜਿਸਟਰੇਸ਼ਨ ਕੀਤੀ ਜਾ ਚੁੱਕੀ ਹੈ।ਉਹਨਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਵੱਧ ਤੋਂ ਵੱਧ ਲੋਕਾਂ ਨੂੰ ਪਹੁੰਚਾਉਣ ਲਈ ਰਜਿਸਟਰੇਸ਼ਨ ਦੇ ਕੰੰਮ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਇਸ ਲਈ ਪਿੰਡਾਂ ਵਿੱਚ ਵਿਸ਼ੇਸ ਕੈਂਪ ਵੀ ਲਗਾਏ ਜਾਣਗੇ।
ਉਹਨਾਂ ਦੱਸਿਆ ਕਿ ਸਕੀਮ ਦੇ ਤਹਿਤ ਸਿਰਫ਼ 30 ਰੁਪਏ ਦੀ ਫ਼ੀਸ ਭਰ ਕੇ ਕਾਮਨ ਸਰਵਿਸ ਸੈਂਟਰਾਂ ਤੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।ਜਦ ਕਿ ਜ਼ਿਲੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਪੈਨਲ ਵਿਚ ਸ਼ਾਮਿਲ ਪ੍ਰਾਈਵੇਟ ਹਸਪਤਾਲਾਂ ਵਿਚ ਰਜਿਸਟੇ੍ਰਸ਼ਨ ਬਿਲਕੁੱਲ ਮੁਫ਼ਤ ਹੋਵੇਗੀ।ਉਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੀ ਕਾਰਨ ਖ਼ੁਦ ਨੂੰ ਰਜਿਸਟਰ ਨਹੀਂ ਕਰਵਾ ਸਕਦਾ ਤਾਂ ਵੀ ਉਹ ਇਲਾਜ ਦਾ ਹੱਕਦਾਰ ਹੈ ਕਿਉਂਕਿ ਉਸ ਨੂੰ ਆਨ-ਸਪਾਟ ਰਜਿਸਟ੍ਰੇਸ਼ਨ ਦੀ ਸੁਵਿਧਾ ਹਸਪਤਾਲ ਵਿੱਚ “ਆਰੋਗਿਆ ਮਿੱਤਰ” ਵੱਲੋਂ ਮੁਹੱਈਆ ਕਰਵਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਦੇ ਤਹਿਤ ਲਾਭਪਾਤਰੀ ਪਰਿਵਾਰ ਨੂੰ ਸਰਕਾਰੀ ਹਸਪਤਾਲਾਂ ਤੇ ਸਰਕਾਰ ਵੱਲੋਂ ਨਿਰਧਾਰਿਤ ਕੀਤੇ ਗਏ ਪ੍ਰਾਈਵੇਟ ਹਸਪਤਾਲਾਂ ਵਿੱਚ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਹੋਵੇਗੀ। ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ 10 ਪ੍ਰਾਈਵੇਟ ਹਸਪਤਾਲਾਂ ਨੂੰ ਵੀ ਇਸ ਸਕੀਮ ਦੇ ਤਹਿਤ ਪੈਨਲ ਵਿੱਚ ਸ਼ਾਮਲ ਕੀਤੇ ਜਾਣ ਦੀ ਪ੍ਰਕਿਰਿਆ ਚੱਲ ਰਹੀ ਹੈ। 
ਇਸ ਮੌਕੇ ਸੰਬੋਧਨ ਕਰਦਿਆਂ ਡਾ. ਧਰਮਬੀਰ ਅਗਨੀਹੋਤਰੀ ਅਤੇ ਸ੍ਰ. ਹਰਮਿੰਦਰ ਸਿੰਘ ਗਿੱਲ ਨੇ ਕਿਹਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਭਰ ਵਿੱਚ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਰਾਜ ਦੇ ਲੱਗਭੱਗ 43 ਲੱਖ 8 ਹਾਜ਼ਰ ਤੋਂ ਵੱਧ ਪਰਿਵਾਰਾਂ ਨੂੰ ਡਾਕਟਰੀ ਇਲਾਜ ਦੀ ਮੁਫ਼ਤ ਸਹੂਲਤ ਦਾ ਲਾਭ ਹੋਵੇਗਾ। ਉਹਨਾਂ ਕਿਹਾ ਇਸ ਯੋਜਨਾ ਤਹਿਤ ਲਾਭਪਾਤਰੀ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਸਰਕਾਰ ਵੱਲੋਂ ਪੈਨਲ ਵਿੱਚ ਸ਼ਾਮਿਲ ਕੀਤੇ ਗਏ 364 ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਮੁਫ਼ਤ ਇਲਾਜ ਕਰਵਾ ਸਕਦਾ ਹੈ।
ਉਹਨਾਂ ਕਿਹਾ ਜ਼ਿਲ੍ਹੇ ਦੇ ਵੱਧ ਤੋਂ ਲੋਕਾਂ ਨੂੰ ਇਸ ਯੋਜਨਾ ਤਹਿਤ ਰਜਿਸਟਰਡ ਕਰਨ ਲਈ ਪਿੰਡ ਅਤੇ ਵਾਰਡ ਪੱਧਰ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ ਕੈਂਪ ਵੀ ਲਗਾਏ ਜਾਣਗੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨ ਰਹਿ ਜਾਵੇ।ਉਨਾਂ ਨੇ ਦੱਸਿਆ ਕਿ ਸਕੀਮ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਨੀਲੇ ਕਾਰਡ ਧਾਰਕ ਲਾਭਪਾਤਰੀ, ਕੰਸਟਰੱਕਸ਼ਨ ਵਰਕਰ, ਕਿਸਾਨ ਅਤੇ ਛੋਟੇ ਕਾਰੋਬਾਰੀ ਵੀ ਖ਼ੁਦ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
—————-