Review of progress of development and public welfare schemes by Mr. Jasbir Singh Gill (DIMPA), Member of Parliament from Lok Sabha Constituency Khadur Sahib.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਵੱਲੋਂ ਵਿਕਾਸ ਅਤੇ ਲੋਕ ਭਲਾਈ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ
ਤਰਨ ਤਾਰਨ, 16 ਮਾਰਚ :
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਚੇਅਰਮੈਨ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਦੌਰਾਨ ਕੇਂਦਰ ਸਰਕਾਰ ਵੱਲੋਂ ਸਪੌਂਸਰਡ ਵਿਕਾਸ ਅਤੇ ਲੋਕ ਭਲਾਈ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਅਤੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਵੱਲੋਂ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਮਗਨਰੇਗਾ, ਪੀ. ਐੱਮ. ਆਵਾਸ ਯੋਜਨਾ, ਕੌਮੀ ਸਿਹਤ ਮਿਸ਼ਨ, ਜਲ ਜੀਵਨ ਮਿਸ਼ਨ, ਸਵੱਛ ਭਾਰਤ ਮਿਸ਼ਨ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਜਾਈ ਯੋਜਨਾ, ਆਈ. ਸੀ. ਡੀ. ਐੱਸ. ਸਕੀਮ, ਬੇਟੀ ਬਚਾਓ, ਬੇਟੀ ਪੜਾਓ, ਪ੍ਰਧਾਨ ਮੰਤਰੀ ਅਦਰਸ਼ ਗ੍ਰਾਂਮ ਯੋਜਨਾ, ਨੈਸ਼ਨਲ ਸ਼ੋਸ਼ਲ ਅਸਿਸਟੈਂਟ ਪ੍ਰੋਗਰਾਮ ਆਦਿ ਦੀ ਕਾਰਗੁਜ਼ਾਰੀ ਸਬੰਧੀ ਸਮੀਖਿਆ ਕੀਤੀ ਗਈ।
ਮੀਟਿੰਗ ਨੰੁ ਸੰਬੋਧਨ ਕਰਦਿਆਂ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਕਿਹਾ ਕਿ ਸਮੂਹ ਅਧਿਕਾਰੀ ਵਿਕਾਸ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕ ਪੱਖੀ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪੁੱਜਦਾ ਕੀਤ ਜਾਣਾ ਯਕੀਨੀ ਬਣਾਉਣ।
ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਵੱਲੋਂ ਐਮ. ਪੀ. ਲੈਡ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਹਲਕਿਆਂ ਲਈ ਜਾਰੀ ਗ੍ਰਾਂਟਾ ਅਤੇ ਉਨ੍ਹਾਂ ਦੀ ਵਰਤੋਂ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਪ੍ਰਾਪਤ ਕੀਤੀ ਗਈ। ਉਨ੍ਹਾਂ ਕਿਹਾ ਕਿ ਅਧਿਕਾਰੀ ਸਮੇਂ ਸਿਰ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਤਾਂ ਜੋ ਹੋਰ ਫੰਡ ਜਾਰੀ ਕੀਤੇ ਜਾ ਸਕਣ।
ਇਸ ਮੌਕੇ ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ 500 ਸੋਲਰ ਲਾਇਟਾਂ ਜਲਦੀ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਪੈਂਦੇ ਸਾਰੇ ਸੂਏ ਤੇ ਨਾਲੇ ਪੱਕੇ ਕਰਨਾ ਦਾ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਉਹਨਾਂ ਦੇ ਯਤਨਾਂ ਸਦਕਾ ਜ਼ਿਲ੍ਹੇ ਵਿੱਚ ਪਾਸਪੋਰਟ ਸੇਵਾ ਕੇਂਦਰ ਦੀ ਅਪਰੂਵਲ ਮਿਲ ਚੁੱਕੀ ਹੈ ਅਤੇ ਪੋਸਟਲ ਵਿਭਾਗ ਨਾਲ ਤਾਲਮੇਲ ਕਰਕੇ ਉਹਨਾਂ ਦੀ ਇਮਾਰਤ ਵਿੱਚ ਸ਼ੁਰੂ ਕਰਨ ਦੀ ਯੋਜਨਾ ਹੈ।ਇਸ ਤੋਂ ਇਲਾਵਾ ਜ਼ਿਲ੍ਹਾ ਤਰਨ ਤਾਰਨ ਵਿੱਚ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ 109 ਕਰੋੜ ਰੁਪਏ ਦੇ ਅਲੱਗ-ਅਲੱਗ ਕੰਮ ਜਲਦੀ ਸ਼ੁਰੂ ਕੀਤੇ ਜਾ ਰਹੇ ਹਨ।
ਉਨ੍ਹਾਂ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੀ. ਐੱਮ ਸਵੈ ਨਿੱਧੀ ਯੋਜਨਾ ਤਹਿਤ ਰੇਹੜੀਆਂ/ਫੜੀਆਂ ਵਾਲਿਆਂ ਨੂੰ ਕਾਰੋਬਾਰ ਵਧਾਉਣ ਲਈ ਵਿਆਜ਼ ਰਹਿਤ ਕਰਜ਼ ਦੀ ਯੋਜਨਾ ਬਾਰੇ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰੀ ਯੋਜਨਾਵਾਂ ਨੂੰ ਇੰਨ-ਬਿੰਨ ਲਾਗੂ ਕਰਕੇ ਲੋਕਾਂ ਦੇ ਜੀਵਨ ਪੱਧਰ ਦੇ ਸੁਧਾਰ ਲਈ ਤਨਦੇਹੀ ਨਾਲ ਕੰਮ ਕਰਨ ਅਤੇ ਜ਼ਿਲ੍ਹੇ ਵਿੱਚ ਚੱਲ ਰਹੁ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ, ਐੱਸ. ਪੀ. ਸ੍ਰੀ ਵਿਸ਼ਾਲਜੀਤ ਸਿੰਘ, ਉੱਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ਼ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।