Samples taken from 45 officers and employees of various departments during the Covid-19 inspection camp held at District Administrative Complex.
Publish Date : 17/09/2020
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਕੋਵਿਡ-19 ਜਾਂਚ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ 45 ਅਧਿਕਾਰੀਆਂ ਤੇ ਕਰਮਚਾਰੀਆਂ ਦੇ ਲਏ ਗਏ ਸੈਂਪਲ
ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਵੀ ਕੋਵਿਡ-19 ਦੀ ਜਾਂਚ ਲਈ ਦਿੱਤਾ ਆਪਣਾ ਸੈਂਪਲ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਵੈ-ਇੱਛਾ ਨਾਲ ਕੋਵਿਡ-19 ਦੀ ਜਾਂਚ ਲਈ ਅੱਗੇ ਆਉਣ ਦੀ ਅਪੀਲ
ਤਰਨ ਤਾਰਨ, 16 ਸਤੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਦੀਆਂ ਹਦਾਇਤਾਂ ’ਤੇ ਅੱਜ “ਮਿਸ਼ਨ ਫ਼ਤਿਹ” ਤਹਿਤ ਜ਼ਿਲਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ ਵਿਚਲੇ ਦਫ਼ਤਰਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕੋਵਿਡ-19 ਦੀ ਜਾਂਚ ਲਈ ਸੈਂਪਲ ਲਏ ਗਏ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਵੀ ਕੋਵਿਡ-19 ਦੀ ਜਾਂਚ ਲਈ ਅੱਗੇ ਆ ਕੇ ਆਪਣਾ ਸੈਂਪਲ ਦਿੱਤਾ।
ਇਸ ਦੌਰਾਨ ਡਾ. ਸੁਨੀਲ ਭਰਦਵਾਜ ਐੱਮ. ਡੀ. ਦੀ ਅਗਵਾਈ ਵਾਲੀ ਸਿਵਲ ਹਸਪਤਾਲ ਦੀ ਟੀਮ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਕੋਵਿਡ-19 ਜਾਂਚ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ 45 ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੋਵਿਡ ਸੈਂਪਲ ਲਏ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਪਬਲਿਕ ਡੀਲਿੰਗ ਵਾਲੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਟੈਸਟ ਯਕੀਨੀ ਬਣਾਏ ਜਾਣਗੇ। ਉਨਾਂ ਪ੍ਰਾਈਵੇਟ ਅਦਾਰਿਆਂ ਨੂੰ ਵੀ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਟੈਸਟ ਕਰਵਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਜ਼ਿਲੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਇਹ ਟੈਸਟ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲੇ ਵਿਚ ਰੋਜ਼ਾਨਾ ਵੱਖ-ਵੱਖ ਥਾਵਾਂ ’ਤੇ ਕੈਂਪ ਲਗਾ ਕੇ ਵੀ ਇਹ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ।
ਉਨਾਂ ਜ਼ਿਲਾ ਵਾਸੀਆਂ ਨੂੰ ਟੈਸਟਿੰਗ ਲਈ ਬਿਨਾਂ ਕਿਸੇ ਡਰ-ਭੈਅ ਦੇ ਸਵੈ-ਇੱਛਾ ਨਾਲ ਅੱਗੇ ਆਉਣ ਅਤੇ ਟੈਸਟਿੰਗ ਸਬੰਧੀ ਆਪਣੇ ਸ਼ੰਕਿਆਂ ਅਤੇ ਗ਼ਲਤ ਧਾਰਨਾਵਾਂ ਨੂੰ ਦੂਰ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ ’ਤੇ ਕੋਵਿਡ ਸਬੰਧੀ ਗ਼ਲਤ ਅਫ਼ਵਾਹਾਂ ਫੈਲਾਅ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰੰਤੂ ਉਨਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਜ਼ਿਲੇ ਦੇ ਸੂਝਵਾਨ ਤੇ ਸੁਚੇਤ ਨਾਗਰਿਕ ਉਨਾਂ ਦੇ ਭੈੜੇ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦੇ ਰਹੇ। ਉਨਾਂ ਕਿਹਾ ਕਿ ਗ਼ਲਤ ਅਫ਼ਵਾਹਾਂ ਫੈਲਾਉਣ ਵਾਲਿਆਂ ’ਤੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਪੈਨੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਅਜਿਹੀ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਤੇ ਆਪਣਿਆਂ ਦੇ ਭਲੇ ਲਈ ਬਿਨਾਂ ਕਿਸੇ ਡਰ-ਭੈਅ ਦੇ ਸਵੈ-ਇੱਛਾ ਨਾਲ ਆਪਣੇੇ ਕੋਵਿਡ ਟੈਸਟ ਕਰਵਾਉਣ ਲਈ ਅੱਗੇ ਆਉਣ, ਤਾਂ ਜੋ ਜ਼ਿਲੇ ਨੂੰ ਕੋਰੋਨਾ ਮੁਕਤ ਬਣਾਇਆ ਜਾ ਸਕੇ।
—————-