Special efforts are being made under “Mission Fateh” to deliver essential items to the needy at their homes and to create awareness among them to avoid Covid-19.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਿਸ਼ਨ ਫ਼ਤਿਹ”
“ਮਿਸ਼ਨ ਫਤਿਹ” ਤਹਿਤ ਲੋੜਵੰਦਾਂ ਨੂੰ ਜ਼ਰੂਰੀ ਵਸਤਾਂ ਉਨਾਂ ਦੇ ਘਰ ਤੱਕ ਪਹੁੰਚਾਉਣ ਅਤੇ ਕੋਵਿਡ-19 ਤੋਂ ਬਚਾਅ ਲਈ ਜਾਗਰੂਕ ਕਰਨ ਹਿੱਤ ਕੀਤੇ ਜਾ ਰਹੇ ਹਨ ਵਿਸ਼ੇਸ ਉਪਰਾਲੇ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ 49459 ਲਾਭਪਾਤਰੀਆਂ ਨੂੰ ਘਰਾਂ ਤੱਕ ਪਹੁੰਚਾਇਆ ਗਿਆ 15 ਜੂਨ, 2020 ਤੱਕ ਦਾ ਸੁੱਕਾ ਰਾਸ਼ਨ
`ਮਿਸ਼ਨ ਫ਼ਤਿਹ` ਤਹਿਤ ਆਂਗੜਵਾੜੀ ਵਰਕਰਾਂ ਵੱਲੋਂ ਕੋਵਿਡ-19 ਸਬੰਧੀ ਘਰ-ਘਰ ਜਾ ਕੇ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ
ਤਰਨ ਤਾਰਨ, 6 ਜੂਨ:
ਕੋਰੋਨਾ ਵਾਇਰਸ ਪ੍ਰਭਾਵ ਨੂੰ ਰੋਕਣ ਲਈ ਸੂਬੇ ਭਰ ਵਿੱਚ ਕੀਤੇ ਗਏ ਲਾੱਕਡਾਊਨ ਦੌਰਾਨ ਭਾਵੇਂ ਲੋਕਾਂ ਦਾ ਜਨ-ਜੀਵਨ ਪ੍ਰਭਾਵਿਤ ਹੋਇਆ ਹੈ, ਪਰ ਪੰਜਾਬ ਸਰਕਾਰ ਵਲੋਂ ਸ਼ੂਰੂ ਕੀਤੇ ਗਏ “ਮਿਸ਼ਨ ਫਤਿਹ” ਤਹਿਤ ਲੋੜਵੰਦਾਂ ਨੂੰ ਜ਼ਰੂਰੀ ਵਸਤਾਂ ਉਨਾਂ ਦੇ ਘਰ ਤੱਕ ਪਹੁੰਚਾਉਣ ਅਤੇ ਕੋਵਿਡ-19 ਤੋਂ ਬਚਾਅ ਲਈ ਜਾਗਰੂਕ ਕਰਨ ਹਿੱਤ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਚਲਾਏ ਜਾ ਰਹੇ ਆਂਗਨਵਾੜੀ ਕੇਂਦਰਾਂ ਵਿੱਚ ਪੜ੍ਹਦੇ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਉਨਾਂ ਦੀ ਖੁਰਾਕ ਆਂਗਨਵਾੜੀ ਵਰਕਰਾਂ ਦੇ ਰਾਹੀਂ ਘਰ-ਘਰ ਤੱਕ ਪਹੁੰਚਾਈ ਜਾ ਰਹੀ ਹੈ, ਉੱਥੇ ਜ਼ਿਲ੍ਹਾ ਵਾਸਅੀਾਂ ਨੂੰ ਚੰਗੀ ਸਿਹਤ ਤੇ ਕੋਵਿਡ-19 ਮਹਾਂਮਾਰੀ ਤੋਂ ਬਚਣ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਵੱਲੋਂ 1132 ਆਂਗਨਵਾੜੀ ਕੇਂਦਰਾਂ ਵਿੱਚ 6 ਮਹੀਨੇ ਤੋਂ 3 ਸਾਲ ਦੇ 19630 ਬੱਚਿਆਂ, 3 ਤੋਂ 6 ਸਾਲ ਤੱਕ ਦੇ 17071 ਬੱਚਿਆਂ ਅਤੇ 12758 ਗਰਭਵਤੀ ਔਰਤਾਂ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ 15 ਜੂਨ, 2020 ਤੱਕ ਦੀ ਖੁਰਾਕ ਘਰ-ਘਰ ਪਹੁੰਚਾਈ ਗਈ ਹੈ, ਜਿਸ ਦਾ ਜ਼ਿਲੇ ਦੇ ਲੱਗਭੱਗ 49459 ਲਾਭਪਾਤਰੀਆਂ ਨੂੰ ਲਾਭ ਮਿਲੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਸ਼ਨ ਫ਼ਤਿਹ ਤਹਿਤ ਆਂਗਣਵਾੜੀ ਵਰਕਰਾਂ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ `ਚ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਨ, ਲੋੜਵੰਦਾਂ ਤੱਕ ਰਾਸ਼ਨ ਪੁੱਜਦਾ ਕਰਨ ਅਤੇ ਲੋਕਾਂ ਦੀ ਸਿਹਤ ਸਬੰਧੀ ਸਕਰੀਨਿੰਗ ਦੇ ਕੰਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ `ਚ ਅਹਿਮ ਯੋਗਦਾਨ ਪਾਇਆ ਗਿਆ ਹੈ।
ਜ਼ਿਲਾ ਪ੍ਰੋਗਰਾਮ ਅਫ਼ਸਰ ਤਰਨ ਤਾਰਨ ਸ੍ਰੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਖੁਰਾਕ ਦੀ ਵੰਡ ਤੋਂ ਇਲਾਵਾ ਸਮੂਹ ਸੀ. ਡੀ. ਪੀ. ਓਜ਼ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਂਮਾਰੀ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਆਪਣੇ ਅਧੀਨ ਆਉਂਦੇ ਪਿੰਡਾਂ ਵਿੱਚ ਘਰ-ਘਰ ਜਾ ਕੇ ਅਤੇ ਗੁੱਜਰਾਂ ਤੇ ਭੱਠਿਆਂ ‘ਤੇ ਵੀ ਲੋਕਾਂ ਨੂੰ ਮੁਫ਼ਤ ਮਾਸਕ ਵੰਡੇ ਗਏ ਹਨ।ਉਨ੍ਹਾਂ ਦੱਸਿਆ ਕਿ “ਮਿਸ਼ਨ ਫ਼ਤਿਹ” ਅਧੀਨ ਆਂਗਣਵਾੜੀ ਵਰਕਰਾਂ ਵੱਲੋਂ ਲਾਭਪਾਤਰੀਆਂ ਨੂੰ ਘਰ-ਘਰ ਜਾ ਕੇ 15 ਜੂਨ, 2020 ਤੱਕ ਦਾ ਸੁੱਕਾ ਰਾਸ਼ਨ ਪਹੁੰਚਾਇਆ ਗਿਆ ਹੈ ਅਤੇ ਨਾਲ ਹੀ ਲੋਕਾਂ ਨੂੰ ਚੰਗੀ ਸਿਹਤ ਅਤੇ ਕੋਵਿਡ-19 ਤੋਂ ਬਚਾਅ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
—————