Close

Special meeting chaired by the Deputy Commissioner to review the measures being taken to prevent the effects of the Corona virus.

Publish Date : 01/04/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵਿਸ਼ੇਸ ਮੀਟਿੰਗ
ਕਰਫਿਊ ਦੌਰਾਨ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਾਰੀ ਹੋਣ ਵਾਲੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਮੂਹ ਅਧਿਕਾਰੀਆਂ ਨੂੰ ਕੀਤੀ ਹਦਾਇਤ
ਤਰਨ ਤਾਰਨ, 1 ਅਪ੍ਰੈਲ਼ :
ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਜਿਲ੍ਹਾ ਪ੍ਰਸ਼ਾਸ਼ਨ, ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਵਿਸ਼ੇਸ ਮੀਟਿੰਗ ਹੋਈ। ਮੀਟਿੰਗ ਦੌਰਾਨ ਸਮੂਹ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਮਿਤੀ 14 ਅਪ੍ਰੈਲ, 2020 ਤੱਕ ਕਰਫ਼ਿਊ ਨੂੰ ਵਧਾ ਦਿੱਤਾ ਗਿਆ ਹੈ।
ਇਸ ਮੌਕੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਧਰੁਵ ਦਹੀਆ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ, ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ ਅਤੇ ਐੱਸ. ਡੀ. ਐੱਮ. ਪੱਟੀ ਸ੍ਰੀ ਨਰਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤੀ ਕੀਤੀ ਕਿ ਇਸ ਕਰਫਿਊ ਦੌਰਾਨ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਾਰੀ ਹੋਣ ਵਾਲੇ ਹੁਕਮਾਂ ਦੀ ਪਾਲਣਾ ਕਰਵਾਉਣੀ ਯਕੀਨੀ ਬਣਾਈ ਜਾਵੇ ਅਤੇ ਇਸ ਵਾਇਰਸ ਤੋਂ ਬਚਣ ਲਈ ਲੋਕਾਂ ਨੂੰ ਆਪਣੇ ਘਰਾਂ ਵਿੱਚ ਹੀ ਰਹਿਣ ਲਈ ਪ੍ਰੇਰਿਤ ਕਰਦੇ ਹੋਏ ਇੱਕ ਦੂਜੇ ਤੋਂ 1 ਮੀਟਰ ਦੀ ਦੂਰੀ ਬਣਾ ਕੇ ਰੱਖਣ ਅਤੇ ਸਮਾਜਿਕ ਵਿੱਥ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਕਿ ਵੱਖ-ਵੱਖ ਦੇਸ਼ਾਂ, ਸ਼ਹਿਰਾਂ ਅਤੇ ਰਾਜਾਂ ਤੋਂ ਜਿਲ੍ਹਾ ਤਰਨ ਤਾਰਨ ਵਿੱਚ ਆਉਣ ਵਾਲੇ ਵਿਅਕਤੀਆਂ ਦੀਆਂ ਲਿਸਟਾਂ ਤੁਰੰਤ ਤਿਆਰ ਕੀਤੀਆਂ ਜਾਣ ਅਤੇ ਉਹਨਾ ਵਿਅਕਤੀਆਂ ਦਾ ਮੈਡੀਕਲ ਟੈਸਟ ਕਰਵਾਉਣ ਲਈ ਸਿਵਲ ਸਰਜਨ, ਤਰਨ ਤਾਰਨ ਦੇ ਦਫਤਰ ਨਾਲ ਸੰਪਰਕ ਕੀਤਾ ਜਾਵੇ।
ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਮੌਜੂਦਾ ਸਥਿਤੀ ਵਿੱਚ ਜਿਲ੍ਹਾ ਪ੍ਰਸ਼ਾਸ਼ਨ, ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਦਾ ਆਪਸੀ ਤਾਲਮੇਲ ਨਾਲ ਕੰਮ ਕਰਨਾ ਬਹੁਤ ਜ਼ਰੂਰੀ ਹੈ। ਸਿਹਤ ਵਿਭਾਗ ਵੱਲੋਂ ਜਦੋਂ ਵੀ ਕਿਸੇ ਮਰੀਜ ਦੀ ਸੂਚਨਾ ਪ੍ਰਸ਼ਾਸ਼ਨ ਨੂੰ ਦਿੱਤੀ ਜਾਵੇਗੀ ਤਾਂ ਉਸ ਸਬੰਧੀ ਪੁਲਿਸ ਵਿਭਾਗ, ਸਬੰਧਤ ਉਪ ਮੰਡਲ ਮੈਜਿਸਟਰੇਟ ਅਤੇ ਪਿੰਡਾਂ ਵਿੱਚ ਬੀ. ਡੀ. ਪੀ. ਓ ਰਾਹੀਂ ਤੁਰੰਤ ਕਾਰਵਾਈ ਕੀਤੀ ਜਾਵੇਗੀ।ਇਸ ਸਬੰਧੀ ਸਮੂਹ ਵਿਭਾਗਾਂ ਦੇ ਮੁਖੀਆਂ ਨੁੰ ਹਦਾਇਤ ਕੀਤੀ ਗਈ ਕਿ ਇਸ ਐਮਰਜੈਂਸੀ ਸਮੇਂ ਦੌਰਾਨ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਸਬੰਧੀ ਆਪਣੇ ਵਿਭਾਗ ਦੀਆਂ ਡਿਊਟੀਆਂ ਲਗਾਈਆਂ ਜਾਣ।
ਉਹਨਾਂ ਕਿਹਾ ਕਿ ਇਸ ਵੇਲੇ ਅਸੀਂ ਬਹੁਤ ਹੀ ਸੰਕਟ ਵਾਲੇ ਹਾਲਾਤਾਂ ਵਿੱਚੋਂ ਗੁਜਰ ਰਹੇ ਹਾਂ। ਇਸ ਲਈ ਹਰ ਇੱਕ ਦਾ ਫਰਜ਼ ਬਣਦਾ ਹੈ ਕਿ ਆਪਣੇ ਕੰਮ ਨੂੰ ਪੂਰੀ ਤਨਦੇਹੀ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੁੱਖ ਰੱਖ ਕੇ ਕੀਤਾ ਜਾਵੇ ਅਤੇ ਜੇਕਰ ਕਿਸੇ ਵੱਲੋਂ ਕੋਈ ਕੁਤਾਹੀ ਕੀਤੀ ਗਈ ਤਾਂ ਉਸਦੇ ਖਿਲਾਫ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਮੀਟਿੰਗ ਦੌਰਾਨ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਧਰੁਵ ਦਹੀਆ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਕਰਫ਼ਿਊ ਦੀ ਸਖਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਪਰਚੇ ਦਰਜ ਕੀਤੇ ਜਾ ਰਹੇ ਹਨ।
————–