Testing should be done as much as possible in view of the fast growing cases of Kovid-19 – Deputy Commissioner
Publish Date : 30/03/2021

ਕੋਵਿਡ-19 ਦੇ ਤੇਜ਼ੀ ਨਾਲ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਵੱਧ ਤੋਂ ਵੱਧ ਕੀਤੀ ਜਾਵੇ ਟੈਸਟਿੰਗ -ਡਿਪਟੀ ਕਮਿਸ਼ਨਰ
ਤਰਨ ਤਾਰਨ, 26 ਮਾਰਚ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵਲੋਂ ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹੇ ਅੰਦਰ ਕਰੋਨਾ ਵਾਇਰਸ ਦੀ ਰੋਕਥਾਮ ਲਈ ਟੈਸਟਿੰਗ ਨੂੰ ਵਧਾਉਣ ’ਤੇ ਜ਼ੋਰ ਦੇਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ।
ਕਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਵੱਖ-ਵੱਖ ਪ੍ਰਸ਼ਾਸਨਿਕ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਦੇ ਤੇਜ਼ੀ ਨਾਲ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਟੈਸਟਿੰਗ ਵੱਧ ਤੋਂ ਵੱਧ ਕੀਤੀ ਜਾਵੇ ਅਤੇ ਬਿਨ੍ਹਾਂ ਮਾਸਕ ਘੁੰਮਣ ਵਾਲਿਆਂ ਦਾ ਕਰੋਨਾ ਟੈਸਟ ਲਾਜ਼ਮੀ ਕੀਤਾ ਜਾਵੇ।
ਉਨ੍ਹਾਂ ਉੱਚ ਮੌਤ ਦਰ ਦੇ ਮੱਦੇਨਜ਼ਰ ਕੋਮੌਰਬਿਡ ਕੰਡੀਸ਼ਨ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦੀ ਟੈਸਟਿੰਗ ਲਾਜਮੀ ਕਰਨ ਲਈ ਵੀ ਕਿਹਾ ਤਾਂ ਜੋ ਉਨ੍ਹਾਂ ਨੂੰ ਖਤਰੇ ਤੋਂ ਬਚਾਇਆ ਜਾ ਸਕੇ। ਇਸ ਤੋਂ ਇਲਾਵਾ ਜਿਆਦਾ ਕੇਸਾਂ ਵਾਲੇ ਖੇਤਰਾਂ ਦੀ ਪਛਾਣ ਕਰਨ ਲਈ ‘ਇਤਿਹਾਸ ਪੋਰਟਲ’ ਦੀ ਵਰਤੋਂ ਕਰਨ ਬਾਰੇ ਕਿਹਾ ਗਿਆ।
ਡਿਪਟੀ ਕਮਿਸ਼ਨਰ ਵਲੋਂ ਕੰਟੈਕਟ ਟਰੇਸਿੰਗ ਨੂੰ ਵਧਾਉਣ ਵੱਲ ਜ਼ੋਰ ਦਿੰਦਿਆਂ ਕਿਹਾ ਕਿ ‘ਕਰੋਨਾ ਦੀ ਰੋਕਥਾਮ ਲਈ ਇਹ ਸਭ ਤੋਂ ਅਹਿਮ ਪੜਾਅ ਹੈ’ ਕਿਉਂਕਿ ਇਸਨੂੰ ਫੈਲਣ ਤੋਂ ਰੋਕਣ ਲਈ ਸਭ ਤੋਂ ਜ਼ਰੂਰੀ ਪਾਜ਼ੇਟਿਵ ਕੇਸਾਂ ਦੇ ਸੰਪਰਕ ਕੇਸਾਂ ਦਾ ਪਤਾ ਲਗਾਉਣਾ ਹੈ।
ਡਿਪਟੀ ਕਮਿਸ਼ਨਰ ਨੇ ਸਮੂਹ ਐੱਸ. ਡੀ. ਐੱਮਜ਼ ਨੂੰ ਕਿਹਾ ਕਿ ਉਹ ਟੈਸਟਿੰਗ ਪ੍ਰਕਿ੍ਆ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਇਸ ਵਿਚ ਪੁਲਿਸ ਦਾ ਵੀ ਸਹਿਯੋਗ ਲਿਆ ਜਾਵੇ। ਉਨ੍ਹਾਂ ਕਿਹਾ ਕਿ ਟੈਸਟਿੰਗ ਵਿਚ ਸਹਿਯੋਗ ਲਈ ਹੋਰ ਵਲੰਟੀਅਰਾਂ ਦਾ ਸਹਿਯੋਗ ਲਿਆ ਜਾਵੇ ਅਤੇ ਇਸ ਸਬੰਧੀ ਸਮਾਜ ਸੇਵੀ ਜਥੇਬੰਦੀਆਂ ਨਾਲ ਸੰਪਰਕ ਕੀਤਾ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਸਿਵਲ ਸਰਜਨ ਡਾ. ਰੋਹਿਤ ਮਹਿਤਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ ਅਤੇ ਐੱਸ. ਐੱਮ. ਓ. ਤਰਨ ਤਾਰਨ ਡਾ. ਸਵਰਨਜੀਤ ਧਵਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।