The benefits of public welfare schemes will be ensured to be delivered to every needy on time – Dr. Karan Avtar Singh Chief Secretary Punjab.

Publish Date : 18/06/2019
Chief Secretary Punjab
 
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਲੋਕ ਭਲਾਈ ਸਕੀਮਾਂ ਦਾ ਲਾਭ ਹਰ ਇੱਕ ਲੋੜਵੰਦ ਵਿਅਕਤੀ ਕੋਲ ਸਮੇਂ-ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ- ਮੁੱਖ ਸਕੱਤਰ ਪੰਜਾਬ ਡਾ. ਕਰਨ ਅਵਤਾਰ ਸਿੰਘ
ਮੁੱਖ ਸਕੱਤਰ ਪੰਜਾਬ ਨੇ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ
ਤਰਨ ਤਾਰਨ, 18 ਜੂਨ :
ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਇੱਕ ਲੋੜਵੰਦ ਵਿਅਕਤੀ ਕੋਲ ਸਮੇਂ-ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਸਕੱਤਰ ਪੰਜਾਬ ਡਾ. ਕਰਨ ਅਵਤਾਰ ਸਿੰਘ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਸਿਵਲ ਸਰਜਨ ਡਾ. ਅਨੂਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਵਿੰਦਰ ਕੁਮਾਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ ਅਤੇ ਸਾਨੂੰ ਲੋਕਾਂ ਦੀਆਂ ਇੱਛਾਵਾਂ ‘ਤੇ ਖਰ੍ਹਾ ਉਤਰਨ ਲਈ ਪੂਰੀ ਮਿਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣੀ ਚਾਹੀਦੀ ਹੈ।ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਡਾ ਕੰਮ ਲੋਕ ਸੇਵਾ ਹੈ ਅਤੇ ਇਸ ਨੂੰ ਤਰਜੀਹ ਦਿੱਤੀ ਜਾਵੇ।
ਇਸ ਦੌਰਾਨ ਉਹਨਾਂ ਪੰਜਾਬ ਸਰਕਾਰ ਦੀਆਂ ਮਹੱਤਵਪੂਰਨ ਯੋਜਨਾਵਾਂ ਘਰ-ਘਰ ਰੋਜ਼ਗਾਰ ਯੋਜਨਾ ਤੇ “ਡੈਪੋ” ਪ੍ਰੋਗਰਾਮ ਦਾ ਜਾਇਜ਼ਾ ਲੈਂਦਿਆਂ ਕਿਹਾ ਜ਼ਿਲ੍ਹੇ ਵਿੱਚ ਸਥਾਪਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰਾਹੀਂ ਵੱਧ ਤੋਂ ਵੱਧ ਲੋਕਾਂ ਨੂੰ ਨੌਕਰੀ ਤੇ ਸਵੈ-ਰੋਜ਼ਗਾਰ ਮੁਹੱਈਆਂ ਕਰਵਾਇਆ ਜਾਵੇ।ਉਹਨਾਂ ਕਿਹਾ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਨਸ਼ਾ ਰੋਕੂ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ।ਉਹਨਾਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਸਮਾਜਿਕ ਜਿੰਮੇਵਾਰੀ ਸਮਝਦਿਆਂ ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਲੈ ਕੇ ਜਾਣ।ਇਸ ਮੌਕੇ ਉਹਨਾਂ ਸਬੰਧਿਤ ਵਿਭਾਗ ਦੇ ਅਧਿਕਾਰੀ ਨੰੁ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਛੁੱਟੀਆਂ ਖਤਮ ਹੋਣ ਤੋਂ ਬਾਅਦ ਇਸ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇ।
ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਹਰੇਕ ਪਿੰਡ ਵਿਚ ਹਰ ਮਹੀਨੇ ਦੀ 14 ਤਾਰੀਕ ਨੂੰ ਪੋਸ਼ਣ ਦਿਵਸ ਮਨਾਇਆ ਜਾਵੇ ਅਤੇ ਇਸ ਦਿਨ ਪਿੰਡਾਂ ਨਾਲ ਸਬੰਧਤ ਹੋਰ ਵਿਭਾਗ ਵੀ ਲੋਕਾਂ ਨੂੰ ਸੇਵਾਵਾਂ ਦੇਣ ਲਈ ਪਿੰਡਾਂ ਵਿਚ ਪਹੁੰਚ ਕਰਨ, ਤਾਂ ਜੋ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਲਈ ਦਫਤਰਾਂ ਵਿਚ ਚੱਕਰ ਨਾ ਲਗਾਉਣੇ ਪੈਣ।ਉਹਨਾਂ ਕਿਹਾ ਕਿ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕੀਤਾ ਜਾਵੇ ਅਤੇ ਪਿੰਡ ਪੱਧਰ ‘ਤੇ ਜਾਗਰੂਕਤਾ ਕੈਂਪ ਲਗਾਏ ਜਾਣ।ਇਸ ਮੌਕੇ ਉਹਨਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਸਬੰਧੀ ਕਿਸਾਨਾਂ ਨੂੰ ਮਹੱਈਆ ਕਰਵਾਈ ਜਾਣ ਵਾਲੀ ਖੇਤੀ ਮਸ਼ੀਨਰੀ ਦੇ ਆਰਡਰ ਤੁਰੰਤ ਦਿੱਤੇ ਜਾਣ ਤਾਂ ਜੋ ਸਮੇਂ ਸਿਰ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਉਪਲੱਬਧ ਹੋ ਸਕੇ।
ਇਸ ਉਪਰੰਤ ਮੁੱਖ ਸਕੱਤਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਾਪਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਸੇਵਾ ਕੇਂਦਰ ਤੇ ਫਰਦ ਕੇਂਦਰ ਖਡੂਰ ਸਾਹਿਬ ਦਾ ਵੀ ਦੌਰਾ ਕੀਤਾ।ਉਹਨਾਂ ਸਬੰਧਿਤ ਅਧਿਕਾਰੀ ਨੂੰ ਆਦੇਸ਼ ਦਿੱਤੇ ਕਿ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਨੂੰ ਨਿਸ਼ਚਿਤ ਸਮੇਂ ਵਿੱਚ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।
—————