The day is not far when Punjab will be completely drug free-S. Laljit Singh Bhullar

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਮੁਕੰਮਲ ਤੌਰ ‘ਤੇ ਹੋ ਜਾਵੇਗਾ ਨਸ਼ਾ ਮੁਕਤ-ਸ. ਲਾਲਜੀਤ ਸਿੰਘ ਭੁੱਲਰ
ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ, ਪਿੰਡ ਤੇ ਵਾਰਡ ਪੱਧਰੀ ਰੱਖਿਆ ਕਮੇਟੀਆਂ ਅਤੇ ਆਮ ਲੋਕ ਦੇ ਰਹੇ ਹਨ ਪੂਰਨ ਸਹਿਯੋਗ
ਕੈਬਨਿਟ ਮੰਤਰੀ ਨੇ “ਨਸ਼ਾ ਮੁਕਤੀ ਯਾਤਰਾ” ਦੌਰਾਨ ਪਿੰਡਾਂ ਦੇ ਲੋਕਾਂ ਨੂੰ ਕੀਤਾ ਸੰਬੋਧਨ
ਤਾਰਨ, 28 ਮਈ :
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ, ਪਿੰਡ ਤੇ ਵਾਰਡ ਪੱਧਰੀ ਰੱਖਿਆ ਕਮੇਟੀਆਂ ਅਤੇ ਆਮ ਲੋਕ ਪੂਰਨ ਸਹਿਯੋਗ ਦੇ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਮੁਕੰਮਲ ਤੌਰ ‘ਤੇ ਨਸ਼ਾ ਮੁਕਤ ਹੋ ਜਾਵੇਗਾ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਹਲਕਾ ਪੱਟੀ ਦੇ ਪਿੰਡ ਸ਼ਹੀਦ, ਧਗਾਣਾ, ਚੂਸਲੇਵੜ, ਬੋਪਾਰਾਏ ਅਤੇ ਧਾਰੀਵਾਲ ਵਿਖੇ “ਨਸ਼ਾ ਮੁਕਤੀ ਯਾਤਰਾ” ਦੌਰਾਨ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਉਹਨਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ, ਇਸ ਲਈ ਹਰੇਕ ਵਿਅਕਤੀ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਨੂੰ ਪਿੰਡ-ਪਿੰਡ ਜਾ ਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਉਹਨਾਂ ਕਿਹਾ ਕਿ ਰਾਜ ਦੇ ਹਰ ਇੱਕ ਨਾਗਰਿਕ ਦੇ ਸਹਿਯੋਗ ਨਾਲ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਛੁਟਕਾਰਾ ਮਿਲੇਗਾ ਤੇ ਸਾਡਾ ਸੂਬਾ ਮੁੜ ਤੋਂ ਰੰਗਲਾ ਪੰਜਾਬ ਬਣੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਸਪਲਾਈ ਨੂੰ ਤੋੜਨ ਲਈ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਦੀ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਇਆ ਜਾ ਰਿਹਾ ਹੈ।ਉਹਨਾਂ ਕਿਹਾ ਕਿ ਨਸ਼ਿਆਂ ਖਿਲਾਫ ਮੁਹਿੰਮ ਲੋਕਾਂ ਦੇ ਸਹਿਯੋਗ ਨਾਲ ਹੀ ਸਫਲ ਹੋ ਸਕਦੀ ਹੈ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਨਸ਼ੇ ਦੀ ਚੇਨ ਤੋੜੀ ਜਾ ਸਕੇ।ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾਵੇ, ਜਿਸ ਨਾਲ ਉਹ ਆਪਣੀ ਸਿਹਤ ਠੀਕ ਰੱਖਣ ਤੇ ਆਪਣੇ ਭਵਿੱਖ ਨੂੰ ਉਜਵਲ ਬਣਾ ਸਕਣ।
ਨਸ਼ਾ ਮੁਕਤੀ ਯਾਤਰਾ ਦੌਰਾਨ ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇ, ਤਾਂ ਜੋ ਉਨ੍ਹਾਂ ਦਾ ਸਹੀ ਇਲਾਜ ਹੋ ਸਕੇ ਅਤੇ ਉਹ ਆਪਣੀ ਬਿਹਤਰ ਜ਼ਿੰਦਗੀ ਬਤੀਤ ਕਰ ਸਕਣ।ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਵਾਈ ਗਈ ਅਤੇ ਸਮਾਜ ਨੂੰ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਮੋਹਰੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।
ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਜੀਤ ਸਿੰਘ, ਪਿੰਡਾਂ ਦੇ ਪੰਚ-ਸਰਪੰਚ, ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ, ਸਿਹਤ ਵਿਭਾਗ, ਪੰਚਾਇਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।