Close

The Deputy Commissioner directed the concerned officers to expedite the payment of paddy procured from the mandis.

Publish Date : 08/10/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ 173774 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ
ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 173588 ਮੀਟ੍ਰਿਕ ਟਨ ਝੋਨੇ ਦੀ ਖਰੀਦ
ਤਰਨ ਤਾਰਨ, 07 ਅਕਤੂਬਰ: 
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸਬੰਧਿਤ ਅਧਿਕਾਰੀਆਂ ਨੰੁ ਆਦੇਸ਼ ਦਿੱਤੇ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੰੁ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਕਿਮੀ ਵਨੀਤ ਕੌਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਜੈਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।       
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 07 ਅਕਤੂਬਰ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ 173774 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ  173588 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ 07 ਅਕਤੂਬਰ ਤੱਕ ਪਨਗਰੇਨ ਵੱਲੋਂ 58040 ਮੀਟਰਿਕ ਟਨ, ਮਾਰਕਫੈੱਡ ਵੱਲੋਂ 47395  ਮੀਟਰਿਕ ਟਨ, ਪਨਸਪ ਵੱਲੋਂ 34784 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 26473 ਮੀਟਰਿਕ ਟਨ ਅਤੇ ਐਫ. ਸੀ. ਆਈ. ਵੱਲੋਂ 6894 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਇਸ ਮੌਕੇ ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।
  ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਹੱਥ ਧੋਣ ਲਈ ਪਾਣੀ, ਹੈਂਡ ਵਾਸ਼ਰ, ਮਾਸਕ ਅਤੇ ਸੈਨੀਟਾਈਜ਼ਰ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ। 
———-