Close

The Deputy Commissioner held a special meeting with the officers of various departments to prevent possible floods in the district

Publish Date : 26/05/2020

ਦਫਤਰ ਜਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ
ਸਬੰਧਿਤ ਅਧਿਕਾਰੀਆਂ ਨੂੰ ਅਗੇਤੇ ਪ੍ਰਬੰਧ ਕਰਨ ਲਈ ਦਿੱਤੇ ਆਦੇਸ਼
ਤਰਨ ਤਾਰਨ, 26 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਇਸ ਸਾਲ ਬਰਸਾਤ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਅਤੇ ਸਬੰਧਿਤ ਅਧਿਕਾਰੀਆਂ ਨੂੰ ਅਗੇਤੇ ਪ੍ਰਬੰਧ ਕਰਨ ਲਈ ਆਦੇਸ਼ ਦਿੱਤੇ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ. ਪੀ. ਡੀ. ਸ੍ਰੀ ਜਗਜੀਤ ਸਿੰਘ ਵਾਲੀਆਂ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਸ਼ਰਮਾ, ਐੱਸ. ਡੀ. ਐੱਮ. ਪੱਟੀ ਸ੍ਰੀ ਨਰਿੰਦਰ ਸਿੰਘ ਧਾਲੀਵਾਲ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਖੁਰਾਕ ਤੇ ਸਪਲਾਈ ਖਟਰੋਲਰ ਸ਼੍ਰੀਮਤੀ ਜਸਜੀਤ ਕੌਰ ਅਤੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਾਰੇ ਸਮੂਹ ਉੱਪ-ਮੰਡਲ ਮੈਜਿਸਟਰੇਟਸ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸੂਚੀ ਤਿਆਰ ਕਰ ਲੈਣ। ਉਹਨਾਂ ਕਿਹਾ ਕਿ ਸੰਭਾਵੀ ਹੜਾਂ ਨੂੰ ਧਿਆਨ ਵਿੱਚ ਰੱਖਦਿਆਂ ਇਹਨਾਂ ਇਲਾਕਿਆਂ ਵਿੱਚ ਰਾਹਤ ਕੇਂਦਰ ਸਥਾਪਿਤ ਕੀਤੇ ਜਾਣੇ ਹਨ ਤਾਂ ਜੋ ਹੜ ਆਉਣ ਦੀ ਸਥਿਤੀ ਵਿੱਚ ਇਹਨਾਂ ਇਲਾਕਿਆਂ ਦੇ ਲੋਕਾਂ ਨੂੰ ਆਰਜ਼ੀ ਤੌਰ ‘ਤੇ ਠਹਿਰਾਇਆ ਜਾ ਸਕੇ ।
ਉਹਨਾਂ ਐਕਸੀਅਨ ਡਰੇਨਜ਼ ਨੂੰ ਹਦਾਇਤ ਕੀਤੀ ਕਿ ਉਹ ਧੁੱਸੀ ਬੰਨ ਤੇ ਐਡਵਾਂਸ ਬੰਨ ਨਾਲ ਲੱਗਦੇ ਸੰਵੇਦਨਸ਼ੀਲ ਸਥਾਨਾਂ ਤੇ ਚੱਲ ਰਹੇ ਹੜ੍ਹ ਰੋਕੂ ਕੰਮਾਂ ਨੂੰ ਮੁਕੰਮਲ ਕਰਨ ਅਤੇ ਡਰੇਨਾਂ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇ। ਉਹਨਾਂ ਐਕਸੀਅਨ ਮੰਡੀ ਬੋਰਡ ਨੂੰ ਹਦਾਇਤ ਕੀਤੀ ਕਿ ਸੜਕਾਂ ਦੀ ਮੁਰੰਮਤ ਦਾ ਕੰਮ ਪੂਰਾ ਕੀਤਾ ਜਾਵੇ ਅਤੇ ਪੁਲੀਆਂ ਹੇਠੋਂ ਸਫਾਈ ਯਕੀਨੀ ਬਣਾਈ ਜਾਵੇ।ਉਹਨਾਂ ਨੇ ਸਿਹਤ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਹੜ੍ਹਾਂ ਦੇ ਸੀਜ਼ਨ ਵਿੱਚ ਲੋੜੀਂਦੀਆਂ ਦਵਾਈਆਂ ਦੇ ਇੰਤਜ਼ਾਮ ਪੁਖਤਾ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਲਈ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਅਤੇ ਚਾਰੇ ਦੇ ਪ੍ਰਬੰਧ ਕਰਨ ਨੂੰ ਯਕੀਨੀ ਬਣਾਉਣ ਦੇ ਵੀ ਆਦੇਸ਼ ਦਿੱਤੇ ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਉਪ-ਮੰਡਲ ਮੈਜਿਸਟਰੇਟਸ ਨੂੰ ਕਿਹਾ ਕਿ ਉਹ ਸਬ ਡਵੀਜ਼ਨ ਵਿੱਚ ਮੌਜੂਦ ਹੜ ਰਾਹਤ ਸਮੱਗਰੀ ਜਿਵੇਂ ਕਿ ਇੰਜਣਾਂ, ਕਿਸ਼ਤੀਆਂ ਆਦਿ ਦੀ ਨਿੱਜੀ ਤੌਰ ਪੜਤਾਲ ਕਰ ਲੈਣ ਤਾਂ ਜੋ ਹੜ੍ਹ ਸਥਿਤੀ ਵਿੱਚ ਇਹਨਾਂ ਦੀ ਵਰਤੋਂ ਕੀਤੀ ਜਾ ਸਕੇ। ਉਹਨਾਂ ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਆਦੇਸ਼ ਦਿੱਤੇ ਕਿ ਟੈਂਟ, ਤਰਪਾਲਾਂ , ਸੁੱਕੇ ਰਾਸ਼ਨ, ਪੈਟਰੋਲ, ਡੀਜ਼ਲ ਆਦਿ ਦਾ ਲੋੜੀਂਦਾ ਸਟਾਕ ਤਿਆਰ ਰੱਖਣ ਅਤੇ ਸਮਾਨ ਦੀ ਕੁਆਲਟੀ ਵਧੀਆ ਕਿਸਮ ਹੋਣੀ ਚਾਹੀਦੀ ਹੈ । ਉਹਨਾਂ ਨੇ ਕਾਰਜ ਸਾਧਕ ਅਫਸਰ ਨੂੰ ਵੀ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਸਾਫ ਪਾਣੀ ਦੇ ਟੈਕਰਾਂ ਦਾ ਵੀ ਪ੍ਰਬੰਧ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਜ਼ਰੂਰਤ ਪੈਣ ਤੇ ਇਸ ਦਾ ਇਸਤੇਮਾਲ ਕੀਤਾ ਜਾ ਸਕੇ ।
————