The Deputy Commissioner reviewed the progress of the anti-drug campaign
Publish Date : 23/12/2020
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਲਿਆ ਗਿਆ ਜਾਇਜ਼ਾ
ਸਬੰਧਤ ਵਿਭਾਗਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕਤਾ ਗਤੀਵਿਧੀਆਂ ਵਿਚ ਤੇਜ਼ੀ ਲਿਆਉਣ ਦੇ ਆਦੇਸ਼
ਤਰਨ ਤਾਰਨ, 23 ਦਸੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜ਼ਿਲਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲੇ ਵਿਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਤੋਂ ਇਲਾਵਾ ਡੈਪੋ, ਬੱਡੀ ਪੋ੍ਰਗਰਾਮ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਆਦਿ ਪ੍ਰੋਗਰਾਮਾਂ ਦੀ ਸਮੀਖਿਆ ਵੀ ਕੀਤੀ।
ਇਸ ਮੌਕੇ ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ ਅਤੇ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰੋਹਿਤ ਗੁਪਤਾ ਤੋਂ ਇਲਾਵਾ ਸਿਹਤ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਬਣਾਏ ਗਏ “ਡੈਪੋ” ਅਤੇ “ਬੱਡੀਜ਼” ਜ਼ਿਲੇ ਨੂੰ ਨਸ਼ਾ ਮੁਕਤ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਨਾਂ ਸਮੂਹ ਸਬੰਧਤ ਵਿਭਾਗਾਂ ਨੂੰ ਨਸ਼ਿਆਂ ਖਿਲਾਫ਼ ਆਪਣੀਆਂ ਜਾਗਰੂਕਤਾ ਗਤੀਵਿਧੀਆਂ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਇਸ ਨਾਲ ਹੋਰ ਨਵੀਆਂ ਗਤੀਵਿਧੀਆਂ ਜੋੜਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਰੋਜ਼ਗਾਰ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਸ਼ਾ ਤਿਆਗ ਚੁੱਕੇ ਵਿਅਕਤੀਆਂ ਨੂੰ ਸਵੈ-ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣ, ਤਾਂ ਜੋ ਉਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਇਸੇ ਤਰਾਂ ਉਨਾਂ ਯੁਵਕ ਸੇਵਾਵਾਂ ਵਿਭਾਗ ਦੇ ਅਧਿਕਾਰੀਆਂ ਨੂੰ ਯੂਥ ਕਲੱਬਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਪਰਾਲੇ ਕਰਨ ਅਤੇ ਉਨਾਂ ਨੂੰ ਖੇਡਾਂ ਅਤੇ ਹੋਰਨਾਂ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਲਈ ਹਦਾਇਤ ਕੀਤੀ।
ਇਸ ਦੌਰਾਨ ਉਨਾਂ ਸਿਹਤ, ਸਿੱਖਿਆ, ਪੁਲਿਸ, ਜੀ. ਓ. ਜੀਜ਼ ਅਤੇ ਹੋਰਨਾਂ ਵਿਭਾਗਾਂ ਵੱਲੋਂ ਇਨਾਂ ਪ੍ਰੋਗਰਾਮਾਂ ਸਬੰਧੀ ਵਿਖਾਈ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਅਤੇ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਸਬੰਧੀ ਮੈਂਬਰਾਂ ਤੋਂ ਸੁਝਾਅ ਵੀ ਲਏ ਗਏ।