Close

The new academic session of government schools will start from April 1 Community-verified icon

Publish Date : 31/03/2021
DEO
ਪਹਿਲੀ ਅਪ੍ਰੈਲ ਤੋਂ ਹੀ ਸ਼ੁਰੂ ਹੋਵੇਗਾ ਸਰਕਾਰੀ ਸਕੂਲਾਂ ਦਾ ਨਵਾਂ ਵਿੱਦਿਅਕ ਸੈਸ਼ਨ
ਵਿਭਾਗ ਨੇ ਮਾਪਿਆਂ, ਅਧਿਆਪਕਾਂ ਅਤੇ ਅਧਿਕਾਰੀਆਂ ਦੀ ਮੰਗ ਅਨੁਸਾਰ ਕੀਤਾ ਫ਼ੈਸਲਾ
ਤਰਨਤਾਰਨ, 30 ਮਾਰਚ :
ਸੂਬੇ ਦੇ ਸਕੂਲੀ ਵਿਦਿਆਰਥੀਆਂ ਦੀਆਂ ਕੋਰੋਨਾ ਪਾਬੰਦੀਆਂ `ਚ ਘਿਰੀਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੇ ਸਾਲਾਨਾ ਨਤੀਜਿਆਂ ਅਤੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਬਾਰੇ ਪਾਏ ਜਾ ਰਹੇ ਤੌਖਲਿਆਂ ਨੂੰ ਦੂਰ ਕਰਦਿਆਂ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦਾ ਨਵਾਂ ਵਿੱਦਿਅਕ ਸੈਸ਼ਨ ਆਮ ਦੀ ਤਰ੍ਹਾਂ ਪਹਿਲੀ ਅਪ੍ਰੈਲ ਤੋਂ ਹੀ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਸਿੱਖਿਆ ਅਧਿਕਾਰੀਆਂ, ਅਧਿਆਪਕਾਂ ਅਤੇ ਮਾਪਿਆਂ ਦੀ ਮੰਗ ਅਤੇ ਸੁਝਾਵਾਂ ਅਨੁਸਾਰ ਲਏ ਫ਼ੈਸਲੇ ਅਨੁਸਾਰ ਗੈਰ ਬੋਰਡ ਜਮਾਤਾਂ ਦੇ ਵਿਦਿਆਰਥੀਆਂ ਦਾ ਸਾਲਾਨਾ ਨਤੀਜਾ ਤਿਆਰ ਕੀਤਾ ਜਾਵੇਗਾ। ਸਕੂਲ ਮੁਖੀਆਂ ਵੱਲੋਂ ਤਿਆਰ ਕੀਤੇ ਨਤੀਜੇ ਦੀ ਘੋਸ਼ਣਾ ਆਪਣੀ ਸਹੂਲਤ ਅਨੁਸਾਰ ਤੀਹ ਜਾਂ ਇਕੱਤੀ ਮਾਰਚ ਨੂੰ ਕੀਤੀ ਜਾ ਸਕੇਗੀ।ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਨਵੇਂ ਸੈਸ਼ਨ ਦੀ ਪੜ੍ਹਾਈ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗੀ। 
ਵਿਭਾਗੀ ਸੂਤਰਾਂ ਅਨੁਸਾਰ ਸਰਕਾਰੀ ਸਕੂਲਾਂ ਦੀਆਂ ਗੈਰ ਬੋਰਡ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਸੰਪੂਰਨ ਕਰਵਾਉਣ ਲਈ ਕੋਰੋਨਾ ਪਾਬੰਦੀਆਂ ਦੇ ਖਾਤਮੇ ਤੱਕ ਦੀ ਉਡੀਕ ਕਰਨ ਦੀ ਬਜਾਏ ਹੋ ਚੁੱਕੀਆਂ ਸਾਲਾਨਾ ਪ੍ਰੀਖਿਆਵਾਂ, ਸਾਲਾਨਾ ਪ੍ਰੀਖਿਆਵਾਂ ਨਾ ਹੋਣ ਵਾਲੇ ਵਿਸ਼ਿਆਂ ਲਈ ਪ੍ਰੀ-ਬੋਰਡ ਪ੍ਰੀਖਿਆਵਾਂ ਅਤੇ ਪੰਜਾਬ ਅਚੀਵਮੈਂਟ ਸਰਵੇ ਦੀਆਂ ਪ੍ਰੀਖਿਆਵਾਂ ਨੂੰ ਆਧਾਰ ਮੰਨ੍ਹ ਕੇ ਵਿਦਿਆਰਥੀਆਂ ਦੇ ਸਾਲਾਨਾ ਨਤੀਜਿਆਂ ਦੀ ਘੋਸ਼ਣਾ ਕੀਤੀ ਜਾਵੇਗੀ।ਵਿਭਾਗੀ ਹਦਾਇਤਾਂ ਅਨੁਸਾਰ ਪ੍ਰਯੋਗੀ ਅਤੇ ਸੀਸੀਈ ਅੰਕ ਵੀ ਨਤੀਜੇ ਵਿੱਚ ਸ਼ੁਮਾਰ ਕੀਤੇ ਜਾਣਗੇ।
ਸ਼੍ਰੀ ਸੁਸ਼ੀਲ ਕੁਮਾਰ ਤੁਲੀ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ, ਸ਼੍ਰੀ ਸਤਿਨਾਮ ਸਿੰਘ ਬਾਠ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਤਰਨਤਾਰਨ ਅਤੇ ਸ਼੍ਰੀ ਪਰਮਜੀਤ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ, ਸ਼੍ਰੀ ਹਰਪਾਲ ਸਿੰਘ ਸੰਧਾਵਾਲੀਆ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ ਨੇ ਦੱਸਿਆ ਕਿ  ਸਮੂਹ ਸਕੂਲ ਮੁਖੀਆਂ ਨੂੰ ਵਿਭਾਗੀ ਹਦਾਇਤਾਂ ਅਨੁਸਾਰ ਗੈਰ ਬੋਰਡ ਜਮਾਤਾਂ ਦਾ ਸਾਲਾਨਾ ਨਤੀਜਾ ਤਿਆਰ ਕਰਨ ਲਈ ਕਹਿ ਦਿੱਤਾ ਗਿਆ ਹੈ।ਸਕੂਲ ਮੁਖੀ ਆਪਣੀ ਸੁਵਿਧਾ ਅਨੁਸਾਰ ਤੀਹ ਜਾਂ ਇਕੱਤੀ ਮਾਰਚ ਨੂੰ ਸਾਲਾਨਾ ਨਤੀਜੇ ਦਾ ਐਲਾਨ ਕਰ ਸਕਣਗੇ।ਸਾਲਾਨਾ ਨਤੀਜਿਆਂ ਦੇ ਐਲਾਨ ਨਾਲ ਹੀ ਸਮੂਹ ਸਰਕਾਰੀ ਸਕੂਲਾਂ ਦਾ ਨਵਾਂ ਵਿੱਦਿਅਕ ਸੈਸ਼ਨ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗਾ।
ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀਆਂ ਪਾਠ ਪੁਸਤਕਾਂ ਦੇਣ ਦੀ ਪ੍ਰਕ੍ਰਿਆ ਵੀ ਸ਼ੁਰੂ ਕੀਤੀ ਜਾ ਚੁੱਕੀ ਹੈ।ਪਾਠ ਪੁਸਤਕਾਂ ਸੰਬੰਧੀ ਸਮੂਹ ਸਕੂਲਾਂ ਵੱਲੋਂ ਬੁੱਕ ਬੈਂਕ ਵੀ ਸਥਾਪਿਤ ਕੀਤੇ ਗਏ ਹਨ।ਜੇਕਰ ਕਿਸੇ ਪੁਸਤਕ ਦੀ ਆਮਦ ਲੇਟ ਹੁੰਦੀ ਹੈ ਤਾਂ ਵਿਦਿਆਰਥੀਆਂ ਨੂੰ ਬੁੱਕ ਬੈਂਕ ਵਿੱਚੋਂਂ ਪੁਸਤਕਾਂ ਦੇਣ ਦੀਆਂ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਸ਼੍ਰੀਮਤੀ ਜੀਵਨ ਜੋਤੀ ਚਾਵਲਾ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਰਹਾਣਾ , ਸ਼੍ਰੀ ਗੁਰਬਚਨ ਸਿੰਘ ਲਾਲੀ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਲੜਕੇ , ਸ਼੍ਰੀ ਹਰਿੰਦਰ ਪਾਲ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਬੁਰਜ ਰਾਏ ਕੇ, ਸ਼੍ਰੀ ਜਗਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਧਾਰੀਵਾਲ ਅਤੇ ਸ਼੍ਰੀ ਅਮਰਜੀਤ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਲਾਦੀਨਪੁਰ ਨੇ ਸਿੱਖਿਆ ਵਿਭਾਗ ਵੱਲੋਂ ਗੈਰ ਬੋਰਡ ਜਮਾਤਾਂ ਦੇ ਵਿਦਿਆਰਥੀਆਂ ਦਾ ਹੋ ਚੁੱਕੀਆਂ ਸਾਲਾਨਾ ਪ੍ਰੀਖਿਆਵਾਂ ਅਤੇ ਰਹਿ ਗਈਆਂ ਪ੍ਰੀਖਿਆਵਾਂ ਦਾ ਨਤੀਜਾ ਪ੍ਰੀ-ਬੋਰਡ ਅਤੇ ਪੰਜਾਬ ਅਚੀਵਮੈਂਟ ਸਰਵੇ ਦੇ ਆਧਾਰ `ਤੇ ਐਲਾਨ ਕੇ ਸਮੇਂ ਸਿਰ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਭਾਗ ਦਾ ਇਹ ਫੈਸਲਾ ਵਿਦਿਆਰਥੀਆਂ ਨੂੰ ਨਵੀਆਂ ਜਮਾਤਾਂ ਦੀ ਪੜ੍ਹਾਈ ਲਈ ਮਾਨਸਿਕ ਰੂਪ ਵਿੱਚ ਤਿਆਰ ਕਰੇਗਾ।ਵਿਭਾਗ ਦੇ ਇਸ ਫੈਸਲੇ ਦਾ ਮਾਪਿਆਂ ਵੱਲੋਂ ਵੀ ਭਰਪੂਰ ਸਵਾਗਤ ਕੀਤਾ ਜਾ ਰਿਹਾ ਹੈ।