Close

The Punjab government has announced the Chief Minister Health Insurance Scheme for 65 lakh families of the state – MLA Mr. Manjinder Singh Lalpura

Publish Date : 09/07/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ

ਪੰਜਾਬ ਸਰਕਾਰ ਨੇ ਰਾਜ ਦੇ 65 ਲੱਖ ਪਰਿਵਾਰਾਂ ਲਈ ਕੀਤਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਐਲਾਨ-ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲੇਗੀ 10 ਲੱਖ ਰੁਪਏ ਸਲਾਨਾ ਸਿਹਤ ਬੀਮਾ ਦੀ ਸਹੂਲਤ

ਤਰਨ ਤਾਰਨ, 08 ਜੁਲਾਈ :

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਾਜ ਦੇ 65 ਲੱਖ ਪਰਿਵਾਰਾਂ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਐਲਾਨ ਕੀਤਾ ਹੈ। ਇਸ ਯੋਜਨਾ ਦੇ ਲਾਗੂ ਹੋਣ ਨਾਲ ਹਰੇਕ ਕਵਰ ਪਰਿਵਾਰ ਨੂੰ ਸਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਤੇ ਵਧੀਆ ਇਲਾਜ ਦੀ ਸਹੂਲਤ ਮਿਲੇਗੀ।

ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਲਾਭਪਾਤਰੀ ਨੂੰ ਇਲਾਜ ਪ੍ਰਾਪਤ ਕਰਨ ਲਈ ਇੱਕ ਸਿਹਤ ਕਾਰਡ ਮਿਲੇਗਾ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਐਲਾਨ ਪੰਜਾਬ ਸਰਕਾਰ ਵੱਲੋਂ ਆਪਣੇ 2025-26 ਦੇ ਬਜਟ ਵਿੱਚ ਕੀਤਾ ਗਿਆ ਸੀ ਅਤੇ ਇਸ ਦੇ ਲਈ 778 ਕਰੋੜ ਰੁਪਏ ਦੀ ਰਕਮ ਅਲਾਟ ਕੀਤੀ ਗਈ ਸੀ। ਇਸ ਦੇ ਤਹਿਤ ਹਰ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਦਾ ਸਿਹਤ ਕਵਰ ਪ੍ਰਦਾਨ ਕੀਤਾ ਜਾਵੇਗਾ।

ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਉਦੇਸ਼ ਰਾਜ ਦੇ ਕਿਸੇ ਵੀ ਸਰਕਾਰੀ ਜਾਂ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਨਕਦੀ ਰਹਿਤ ਅਤੇ ਕਾਗਜ਼ ਰਹਿਤ ਇਲਾਜ ਨੂੰ ਯਕੀਨੀ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪਰਿਵਾਰ ਦੇ ਆਕਾਰ ਦੀ ਕੋਈ ਸੀਮਾ ਨਹੀਂ ਹੋਵੇਗੀ, ਜਿਸਦੇ ਅਧੀਨ ਹਰ ਮੈਂਬਰ ਕਵਰ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸੂਬਾ ਪੰਜਾਬ 10 ਲੱਖ ਰੁਪਏ ਦਾ ਯੂਨੀਵਰਸਲ ਸਿਹਤ ਬੀਮਾ ਕਵਰ ਵਾਲਾ ਪਹਿਲਾ ਰਾਜ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਮੁੜ-ਨਿਰਮਾਣ ਕੀਤੀ ਗਈ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਸਾਰੇ ਨਿਵਾਸੀਆਂ ਅਤੇ ਇੱਥੋਂ ਤੱਕ ਕਿ ਸੇਵਾਮੁਕਤ ਸਰਕਾਰੀ ਕਰਮਚਾਰੀਆਂ `ਤੇ ਵੀ ਲਾਗੂ ਹੋਵੇਗੀ।

ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬ ਤੋਂ ਬਾਹਰ ਹਸਪਤਾਲਾਂ ਵਿੱਚ ਵਿਸ਼ੇਸ਼ ਇਲਾਜ ਦੀ ਮੰਗ ਕਰਨ ਵਾਲੇ ਲੋਕ ਵੀ ਇਸ ਬੀਮੇ ਦੇ ਘੇਰੇ ਵਿੱਚ ਆਉਣਗੇ, ਬਸ਼ਰਤੇ ਉਹ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਸੂਚੀਬੱਧ ਹਸਪਤਾਲਾਂ ਵਿੱਚ ਇਲਾਜ ਕਰਵਾਉਣ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਬਹੁਤ ਵੱਡੀ ਉਪਲੱਬਧੀ ਹੈ ਅਤੇ ਹੁਣ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕਵਰ ਵਿਅਕਤੀਆਂ ਨੂੰ ਆਪਣੇ ਇਲਾਜ ਲਈ ਕੋਈ ਪੈਸਾ ਖਰਚ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਅਕਸਰ ਹੀ ਬਿਮਾਰੀ ਦੀ ਸੂਰਤ ਵਿੱਚ ਲੋੜਵੰਦ ਪਰਿਵਾਰਾਂ ਦੀ ਸਾਰੀ ਜਮ੍ਹਾਂ ਪੂੰਜੀ ਇਲਾਜ ਉੱਪਰ ਹੀ ਖ਼ਰਚ ਹੋ ਜਾਂਦੀ ਸੀ, ਪਰ ਹੁਣ ਇਹ ਰਾਸ਼ੀ ਲੋਕ ਆਪਣੇ ਪਰਿਵਾਰਾਂ ਦੀ ਬਿਹਤਰੀ ਲਈ ਖ਼ਰਚ ਸਕਣਗੇ।