The Punjab Government increased Dr. Hargobind Khurana Scholarship from Rs. 2500 to Rs. 3000 per month – Deputy Commissioner
Publish Date : 10/03/2021

ਪੰਜਾਬ ਸਰਕਾਰ ਨੇ ਡਾ. ਹਰਗੋਬਿੰਦ ਖੁਰਾਣਾ ਸਕਾਲਰਸ਼ਿਪ ਦੀ ਰਕਮ 2500 ਰੁਪਏ ਤੋਂ ਵਧਾ ਕੇ ਕੀਤੀ 3000 ਰੁਪਏ ਪ੍ਰਤੀ ਮਹੀਨਾਡਿਪਟੀ ਕਮਿਸ਼ਨਰ
ਤਰਨ ਤਾਰਨ, 05 ਮਾਰਚ :
ਸਰਕਾਰੀ ਸਕੂਲਾਂ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਡਾ. ਹਰਗੋਬਿੰਦ ਖੁਰਾਣਾ ਸਕਾਲਰਸ਼ਿਪ ਦੀ ਰਕਮ 2500 ਰੁਪਏ ਤੋਂ ਵਧਾ ਕੇ 3000 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ 1 ਅਗਸਤ, 2013 ਤੋਂ ਚਲਾਈ ਜਾ ਰਹੀ ਇਸ ਯੋਜਨਾ ਵਿਚ ਕੀਤੀ ਸੋਧ ਅਨੁਸਾਰ ਹੁਣ 80 ਫੀਸਦੀ ਅੰਕਾਂ ਦੀ ਬਜਾਏ 90 ਫੀਸਦੀ ਜਾਂ ਇਸ ਤੋਂ ਜ਼ਿਆਦਾ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਇਸ ਦਾ ਲਾਭ ਲੈ ਸਕਣਗੇ, ਜਿਸ ਨਾਲ ਵਿਦਿਆਰਥੀ ਬਿਹਤਰ ਕਾਰਗੁਜ਼ਾਰੀ ਦਿਖਾਉਣ ਲਈ ਉਤਸ਼ਾਹਤ ਹੋਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਰਾਜ ਸਰਕਾਰ ਦੇ ਇਸ ਫੈਸਲੇ ਨਾਲ ਵਿਦਿਆਰਥੀ ਸਿੱਖਿਆ ਪ੍ਰਤੀ ਹੋਰ ਉਤਸ਼ਾਹਤ ਹੋਣਗੇ। ਉਹਨਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ. ਐਸ. ਈ. ਬੀ.) ਵੱਲੋਂ ਚਲਾਏ ਆਦਰਸ਼ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਬੋਰਡ ਦੁਆਰਾ ਵਜ਼ੀਫੇ ਆਪਣੇ ਫੰਡਾਂ ਵਿਚੋਂ ਦਿੱਤੇ ਜਾਣਗੇ।
ਉਹਨਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਦਾ ਪਸਾਰ ਸਰਕਾਰ ਦਾ ਮੁੱਖ ਏਜੰਡਾ ਰਿਹਾ ਹੈ ਅਤੇ ਸਰਕਾਰ ਨੇ ਆਪਣੇ ਇਸ ਏਜੰਡੇ ਨੂੰ ਪੂਰਾ ਕਰਨ ਲਈ ਪੂਰੇ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਹਨ ਅਤੇ ਇਹੀ ਕਾਰਨ ਹੈ ਕਿ ਅੱਜ ਸਰਕਾਰੀ ਸਕੂਲਾਂ ਨੇ ਨਿੱਜੀ ਸਕੂਲ ਨੂੰ ਪਛਾੜ ਕੇ ਵਧੀਆ ਨਤੀਜੇ ਪੇਸ਼ ਕੀਤੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਡਾ. ਹਰਗੋਬਿੰਦ ਖੁਰਾਣਾ ਸਕਾਲਰਸ਼ਿਪ ਦੀ ਰਕਮ ਵਿੱਚ ਕੀਤਾ ਵਾਧਾ ਵੀ ਸਿੱਖਿਆ ਨੂੰ ਉਤਸ਼ਾਹਤ ਕਰਨ ਵਿੱਚ ਇੱਕ ਹੋਰ ਕਦਮ ਸਾਬਤ ਹੋਵੇਗਾ।