The Punjab government is determined to help the people in all possible ways in this difficult time of natural calamity – Cabinet Minister Shri. Laljit Singh Bhullar
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਰਕਾਰ ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿੱਚ ਲੋਕਾਂ ਦੀ ਹਰ ਸੰਭਵ ਮੱਦਦ ਲਈ ਦ੍ਰਿੜ ਸੰਕਲਪ-ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ
ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਪਹਿਲਾ ਤੋਂ ਹੀ ਕੀਤੇ ਗਏ ਲੋੜੀਂਦੇ ਪ੍ਰਬੰਧ
ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਹੜਾਂ੍ਹ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਨਾਲ ਮੀਟਿੰਗ
ਹਰੀਕੇ ਪੱਤਣ, (ਤਰਨ ਤਾਰਨ), 20 ਅਗਸਤ :
ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਰੈਸਟ ਹਾਊਸ ਹਰੀਕੇ ਵਿੱਚ ਜ਼ਿਲ੍ਹੇ ਵਿੱਚ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਭਿੱਖੀਵਿੰਡ ਸ੍ਰੀ ਅਨਿਲ ਗੁਪਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਇਸ ਮੌਕੇ ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੁਦਰਤੀ ਆਫ਼ਤ ਦੀ ਇਸ ਸਥਿਤੀ ਦੇ ਮੱਦੇਨਜ਼ਰ ਧੀਰਜ ਬਣਾਈ ਰੱਖਣ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਲੋਕਾਂ ਦੀ ਹਰ ਸੰਭਵ ਮੱਦਦ ਲਈ ਦ੍ਰਿੜ ਸੰਕਲਪ ਹੈ।ਉਹਨਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਪਹਿਲਾ ਤੋਂ ਹੀ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
ਉਹਨਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ 07 ਰਾਹਤ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ, ਦਵਾਈਆਂ, ਤਰਪਾਲਾਂ, ਮੱਛਰਦਾਨੀਆ ਅਤੇ ਹੋਰ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਈ ਜਾ ਰਹੀ ਹਨ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਨਾਲ ਪ੍ਰਭਾਵਿਤ ਲੋਕ ਰਾਹਤ ਕੇਂਦਰ ਵਿੱਚ ਆਉਣ, ਜਿੱਥੇ ਉਹਨਾਂ ਨੂੰ ਹਰ ਤਰ੍ਹਾਂ ਦੀ ਸੁਰੱਖਿਆ ਤੇ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ।
ਉਹਨਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋ ਬਾਹਰ ਕੱਢੇ ਗਏ ਪਸ਼ੂਆਂ ਨੂੰ ਰੱਖਣ ਲਈ ਵੀ ਨੀਲੀ ਰਾਵੀ ਮੱਝਾਂ ਦੇ ਰਿਸਰਚ ਕੇਂਦਰ ਹਰੀਕੇ ਅਤੇ ਦਾਣਾ ਮੰਡੀ ਸਭਰਾ ਵਿਖੇ ਰਾਹਤ ਕੇਂਦਰ ਬਣਾਏ ਗਏ ਹਨ। ਉਹਨਾਂ ਕਿਹਾ ਕਿ ਇਹਨਾਂ ਥਾਵਾਂ ‘ਤੇ 400 ਤੋਂ ਵੱਧ ਪਸ਼ੂਆਂ ਨੂੰ ਰੱਖਣ ਦੀ ਸਮਰੱਥਾ ਹੈ, ਜਿੱਥੇ ਪਸ਼ੂਆਂ ਲਈ ਸੁੱਕੇ ਤੇ ਹਰੇ ਚਾਰੇ ਤੋਂ ਇਲਾਵਾ ਫੀਡ ਅਤੇ ਸਾਇਲੇਜ਼ ਵੀ ਮੁੁਹੱਈਆ ਕਰਵਾਇਆ ਜਾਵੇਗਾ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਹਰੀਕੇ ਸ੍ਰੀ ਦਿਲਬਾਗ਼ ਸਿੰਘ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਤਰਨ ਤਾਰਨ ਸ੍ਰੀ ਰਜਿੰਦਰ ਸਿੰਘ ਉਸਮਾਂ ਤੋਂ ਇਲਾਵਾ ਹੋਰ ਪਤਵੰਤੇ ‘ਤੇ ਅਧਿਕਾਰੀ ਹਾਜ਼ਰ ਸਨ।