Close

To Ensure Safety Of Employees During COVID-19 Crisis Punjab Govt Issues Detailed Guidelines For Safe Operation Of Offices

Publish Date : 11/05/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਸੰਕਟ ਦੌਰਾਨ ਮੁਲਾਜ਼ਮਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ਦਾ ਕੰਮਕਾਜ ਸੁਰੱਖਿਅਤ ਢੰਗ ਨਾਲ ਚਲਾਉਣ ਸਬੰਧੀ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ
ਹਰੇਕ ਵਿਭਾਗ ਲਈ ਨਿਯੁਕਤ ਕੀਤੇ ਨੋਡਲ ਅਧਿਕਾਰੀ ਮੁਲਾਜ਼ਮਾਂ ਦੀ ਸਿਹਤ `ਤੇ ਰੱਖਣਗੇ ਨਿਯਮਤ ਨਿਗਰਾਨੀ
ਤਰਨ ਤਾਰਨ, 11 ਮਈ:
ਪੰਜਾਬ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਕੋਵਿਡ -19 ਮਹਾਂਮਾਰੀ ਦੌਰਾਨ ਸਰਕਾਰੀ ਦਫਤਰਾਂ ਦਾ ਕੰਮਕਾਜ ਸੁਰੱਖਿਅਤ ਢੰਗ ਨਾਲ ਚਲਾਉਣ ਸਬੰਧੀ ਵਿਸਥਾਰਤ ਦਿਸ਼ਾ ਨਿਰਦੇਸ਼ ਅਤੇ ਪ੍ਰੋਟੋਕੋਲ ਜਾਰੀ ਕੀਤੇ ਹਨ ਅਤੇ ਮੁਲਾਜ਼ਮਾਂ ਦੀ ਸਿਹਤ `ਤੇ ਨਿਯਮਤ ਨਿਗਰਾਨੀ ਰੱਖਣ ਲਈ ਹਰੇਕ ਵਿਭਾਗ ਲਈ ਨੋਡਲ ਅਧਿਕਾਰੀ ਨਿਯੁਕਤ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਕਰਮਚਾਰੀਆਂ ਦਰਮਿਆਨ ਘੱਟੋ ਘੱਟ ਦੋ ਮੀਟਰ ਦੀ ਦੂਰੀ ਨੂੰ ਯਕੀਨੀ ਬਣਾਉਂਦੇ ਹੋਏ ਦਫਤਰਾਂ ਵਿਚ ਬੈਠਣ ਦੀ ਵਿਵਸਥਾ ਕੀਤੀ ਜਾਵੇ। ਨੋਡਲ ਅਧਿਕਾਰੀਆਂ ਨੂੰ ਆਪਣੀ ਰਿਪੋਰਟ ਦਫਤਰ ਦੇ ਮੁਖੀ ਨੂੰ ਸੌਂਪਣੀ ਹੋਵੇਗੀ।
ਉਹ ਕਰਮਚਾਰੀ ਜੋ ਕੋਵਿਡ-19 ਲਈ ਪਾਜ਼ੇਟਿਵ ਪਾਏ ਜਾਣ ਕਰਕੇ ਜਾਂ ਉਨਾਂ ਦੀ ਰਹਾਇਸ਼ ਕੰਟੇਨਮੈਂਟ ਜ਼ੋਨ ਜਾਂ ਬਫ਼ਰ ਜ਼ੋਨ ਵਿੱਚ ਹੋਣ ਕਰਕੇ ਦਫ਼ਤਰ ਨਹੀਂ ਜਾ ਸਕਦੇ, ਨੂੰ ਸਿਵਲ ਸਰਵਿਸ ਰੂਲਜ਼ ਦੀਆਂ ਧਾਰਾਵਾਂ ਦੇ ਅਨੁਸਾਰ ਵੱਧ ਤੋਂ ਵੱਧ 30 ਦਿਨ ਦੀ ਕੁਆਰੰਟੀਨ ਲੀਵ (ਛੁੱਟੀ) ਦਿੱਤੀ ਜਾਵੇਗੀ।  ਜੇ ਕੋਈ ਕਰਮਚਾਰੀ ਫਿਰ ਵੀ ਅਜਿਹੇ ਕਾਰਨਾਂ ਜੋ ਉਸਦੇ ਕੰਟਰੋਲ ਤੋਂ ਬਾਹਰ ਹਨ, ਕਰਕੇ ਕੁਆਰੰਟੀਨ ਲੀਵ ਦੇ 30 ਦਿਨਾਂ ਬਾਅਦ ਵੀ ਦਫਤਰ ਹਾਜ਼ਰ ਨਹੀਂ ਹੋ ਸਕਦਾ ਤਾਂ ਉਸ ਨੂੰ ਸਧਾਰਨ (ਆਰਡੇਨਰੀ) ਛੁੱਟੀ ਦਿੱਤੀ ਜਾਏਗੀ।
ਦਫ਼ਤਰ ਦਾ ਮੁਖੀ ਕਿਸੇ ਵੀ ਵਿਸ਼ੇਸ਼ ਦਿਨ ਦਫਤਰ ਆਉਣ ਵਾਲੇ ਸਾਰੇ ਕਰਮਚਾਰੀਆਂ ਦਾ ਸੰਪੂਰਨ ਅਤੇ ਢੁੱਕਵਾਂ ਰਿਕਾਰਡ ਰੱਖੇਗਾ ਅਤੇ ਭੌਤਿਕ ਫਾਈਲਾਂ ਦੀ ਵਰਤੋਂ ਅਤੇ ਭੌਤਿਕ ਪੱਤਰ/ਨੋਟਿਸ/ਮੈਮੋ ਰਾਹੀਂ ਸੂਚਨਾਵਾਂ ਦੇ ਸੰਚਾਰ ਤੋਂ ਪਰਹੇਜ਼ ਕੀਤਾ ਜਾਵੇ।
ਜਿੱਥੋਂ ਤੱਕ ਹੋ ਸਕੇ ਸਾਰਾ ਦਫਤਰੀ ਕੰਮ ਈ-ਆਫ਼ਿਸ, ਸਰਕਾਰੀ ਈ-ਮੇਲਾਂ, ਟੈਲੀਫੋਨ, ਐੱਸ. ਐੱਮ. ਐੱਸ, ਵਟਸਐਪ, ਪੀ. ਬੀ. ਜੀ. ਆਰ. ਏ. ਐਮ ਅਤੇ ਹੋਰ ਇਲੈਕਟ੍ਰਾਨਿਕ ਮਾਧਿਅਮ ਜ਼ਰੀਏ ਕੀਤਾ ਜਾਣਾ ਚਾਹੀਦਾ ਹੈ ਅਤੇ ਸਾਰੀਆਂ ਸਰਕਾਰੀ ਮੀਟਿੰਗਾਂ ਜਿੱਥੋਂ ਤੱਕ ਸੰਭਵ ਹੋਵੇ ਵੀਡੀਓ ਕਾਨਫਰੰਸ ਰਾਹੀਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ।ਬਾਇਓਮੈਟ੍ਰਿਕ ਅਟੈਂਡੈਂਸ ਸਿਸਟਮ (ਬੀ. ਏ. ਐੱਸ.) ਦੀ ਵਰਤੋਂ ਆਰਜ਼ੀ ਤੌਰ `ਤੇ ਬੰਦ ਰਹੇਗੀ।
ਤੇਜ਼ ਬੁਖ਼ਾਰ ਤੋਂ ਪੀੜਤ ਕਰਮਚਾਰੀਆਂ ਅਤੇ ਆਉਣ ਵਾਲੇ ਹੋਰ ਵਿਅਕਤੀਆਂ ਦੀ ਸਕਰੀਨਿੰਗ ਲਈ ਦਫਤਰ ਦੇ ਪ੍ਰਵੇਸ਼ ਦੁਆਰ `ਤੇ ਥਰਮਲ ਸਕੈਨਰ ਲਗਾਏ ਜਾਣੇ ਚਾਹੀਦੇ ਹਨ।ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ  ਦਫਤਰ ਵਿੱਚ ਕਿਸੇ ਕਰਮਚਾਰੀ ਨੂੰ ਤੇਜ਼ ਬੁਖ਼ਾਰ ਹੈ ਜਾਂ ਕੋਵਿਡ-19 ਦੇ ਲੱਛਣ ਪਾਏ ਜਾਂਦੇ ਹਨ ਤਾਂ ਉਕਤ ਕਰਮਚਾਰੀ ਨੂੰ ਅਸਥਾਈ ਤੌਰ `ਤੇ ਅਲੱਗ ਕਰ ਦੇਣਾ ਚਾਹੀਦਾ ਹੈ ਅਤੇ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ।
ਦਫਤਰ ਅੰਦਰਲੀਆਂ ਥਾਵਾਂ ਖ਼ਾਸਕਰ ਪ੍ਰਵੇਸ਼ ਦੁਆਰ ਅਤੇ ਉੱਚ ਸੰਪਰਕ ਵਾਲੀਆਂ ਸਤਿਹਾਂ ਨੇੜੇ ਹੈਂਡ ਸੈਨੀਟਾਈਜਿੰਗ ਸਟੇਸ਼ਨ ਸਥਾਪਤ ਕੀਤੇ ਜਾਣੇ ਚਾਹੀਦੇ ਹਨ। ਸਟਾਫ਼ ਲਈ ਦਫ਼ਤਰ ਦੇ ਪ੍ਰਵੇਸ਼ ਦੁਆਰ `ਤੇ ਅਲਕੋਹਲ-ਅਧਾਰਤ ਸੈਨੀਟਾਈਜ਼ਰ (ਘੱਟੋ ਘੱਟ 70% ਈਥਾਈਲ ਅਲਕੋਹਲ ) ਰੱਖਿਆ ਜਾਣਾ ਚਾਹੀਦਾ ਹੈ ਤਾਂ ਜੋ ਉਹ ਦਫ਼ਤਰ ਅੰਦਰ ਦਾਖ਼ਲ ਹੋਣ ਤੋਂ ਪਹਿਲਾਂ ਆਪਣੇ ਹੱਥਾਂ ਨੂੰ ਚੰਗੀ ਤਰਾਂ ਸਾਫ਼ ਕਰ ਲੈਣ।
ਏਅਰ ਕੰਡੀਸ਼ਨਿੰਗ ਸਿਸਟਮਜ਼ ਦੀ ਵਰਤੋਂ ਲਈ, ਦਿਸ਼ਾ-ਨਿਰਦੇਸ਼ ਹਵਾਲਾ ਨੰ: 3129 (ਆਰ) – 3136 (ਆਰ)  ਮਿਤੀ 24 ਅਪ੍ਰੈਲ, 2020, ਸਾਰੇ ਸਰਕਾਰੀ ਦਫਤਰਾਂ ਵਿਚ ਲਾਗੂ ਹੋਣਗੇ।
ਦਫ਼ਤਰ ਦੀ ਢੁੱਕਵੀਂ ਸਾਫ਼-ਸਫਾਈ ਨੂੰ ਯਕੀਨੀ ਬਣਾਉਣ ਲਈ,ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਦਫਤਰੀ ਸਥਾਨਾਂ ਅਤੇ ਕਾਨਫਰੰਸ ਰੂਮਾਂ ਸਮੇਤ ਅੰਦਰਲੇ ਖੇਤਰਾਂ ਨੂੰ ਹਰ ਸ਼ਾਮ ਦਫਤਰ ਦੇ ਘੰਟਿਆਂ ਤੋਂ ਬਾਅਦ ਜਾਂ ਸਵੇਰੇ ਸਟਾਫ਼ ਦੇ ਆਉਣ ਤੋਂ ਪਹਿਲਾਂ ਸਾਫ਼ ਕੀਤਾ ਜਾਣਾ ਚਾਹੀਦਾ ਹੈ।
ਜੇ ਕੋਈ ਕਰਮਚਾਰੀ ਬੁਖਾਰ ਜਾਂ  ਕੋਵਿਡ -19 ਦੇ ਹੋਰ ਲੱਛਣਾਂ ਜਿਵੇਂ (ਖਾਂਸੀ / ਛਿੱਕ / ਸਾਹ ਲੈਣ ਵਿੱਚ ਤਕਲੀਫ) ਨਾਲ ਪੀੜਤ ਹੈ ਤਾਂ ਕਰਮਚਾਰੀ ਨੂੰ ਸਵੈ -ਇੱਛਾ ਨਾਲ ਦਫਤਰ ਦੇ ਮੁਖੀ ਨੂੰ ਸੂਚਿਤ ਕਰਨਾ ਚਾਹੀਦਾ ਹੈ ਅਤੇ ਘਰ ਰਹਿਣਾ ਚਾਹੀਦਾ ਹੈ। ਕੋਵਿਡ-19 ਦਾ ਸਮੇਂ ਸਿਰ ਪਤਾ ਲਗਾਉਣ ਅਤੇ ਇਲਾਜ ਲਈ ਡਾਕਟਰੀ ਸਲਾਹ ਵੀ ਲੈਣੀ ਚਾਹੀਦੀ ਹੈ ।
ਜਿਨਾਂ ਕਰਮਚਾਰੀਆਂ ਦੀ ਰਿਹਾਇਸ਼ ਕੰਟੇਨਮੈਂਟ ਜਾਂ ਬਫਰ ਜ਼ੋਨ ਵਿਚ ਪੈਂਦੀ ਹੈ ਉਨਾਂ ਤੋਂ ਦਫ਼ਤਰ ਵਿਚ ਹਾਜ਼ਰ ਨਹੀਂ ਹੋ ਸਕਦੇ ਪਰ ਉਨਾਂ ਨੂੰ ਤੁਰੰਤ ਦਫ਼ਤਰ ਦੇ ਮੁਖੀ ਨੂੰ ਸੂਚਿਤ ਕਰਨਾ ਚਾਹੀਦਾ ਹੈ।
ਜੇਕਰ ਕੋਵਿਡ -19 ਤੋਂ ਪੀੜਤ ਕੋਈ ਕਰਮਚਾਰੀ  ਦਫਤਰ ਵਿਚ ਹਾਜ਼ਰ ਹੋਇਆ ਹੈ  ਤਾਂ ਦਫਤਰ ਦਾ ਮੁਖੀ ਨੂੰ ਉਸ ਕਰਮਚਾਰੀ ਦੀ ਦਫ਼ਤਰ ਹਾਜ਼ਰੀ ਦੌਰਾਨ ਸੰਪਰਕ ਵਿਚ ਆਏ ਹੋਰਨਾਂ ਕਰਮਚਾਰੀਆਂ ਸਬੰਧੀ ਵੇਰਵਿਆਂ ਸਮੇਤ ਤੁਰੰਤ ਹੈਲਪਲਾਈਨ ਨੰਬਰ 104 ਜਾਂ ਸਟੇਟ ਕੰਟਰੋਲ ਰੂਮ ਨੰਬਰ 0172-2920074/088720-90029 ਨੂੰ ਸੂਚਿਤ ਕਰਨਾ ਚਾਹੀਦਾ ਹੈ।      
———-